
ਲੱਖੋਵਾਲ ਨੇ ਕਿਹਾ ਕਿ ਅਦਾਲਤਾਂ ਉੱਤੇ ਭਰੋਸਾ ਨਹੀਂ ਰਿਹਾ ਤੇ ਅਸੀਂ ਲੋਕ ਸੰਘਰਸ਼ ਰਾਹੀਂ ਜਿੱਤ ਕਰਾਂਗੇ ਹਾਸਲ
ਚੰਡੀਗੜ੍ਹ - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਮਾਣਯੋਗ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ਨੂੰ ਵਾਪਸ ਲੈਣ ਦਾ ਫ਼ੈਸਲਾ ਲਿਆ ਗਿਆ ਹੈ। ਫਤਿਹਗੜ੍ਹ ਸਾਹਿਬ ਵਿਖੇ 13 ਕਿਸਾਨ ਜਥੇਬੰਦੀਆਂ ਦੀ ਸਾਂਝੀ ਕਮੇਟੀ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ ਹੈ। ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਅਦਾਲਤਾਂ ਉੱਤੇ ਭਰੋਸਾ ਨਹੀਂ ਰਿਹਾ ਤੇ ਅਸੀਂ ਲੋਕ ਸੰਘਰਸ਼ ਰਾਹੀਂ ਜਿੱਤ ਹਾਸਲ ਕਰਾਂਗੇ।
Ajmer Singh Lakhowal
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਨੇ ਕਿਹਾ ਕਿ ਰਿੱਟ ਪਟੀਸ਼ਨ ਵਾਪਸ ਹੋਣ ਤੱਕ ਲੱਖੋਵਾਲ ਕੋਈ ਪ੍ਰੈੱਸ ਸਟੇਟਮੈਂਟ ਨਹੀਂ ਦੇਣਗੇ। ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਰਿੱਟ ਪਟੀਸ਼ਨ ਦਾਖ਼ਲ ਕੀਤੀ ਸੀ। ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਗਈ ਹੈ ਕਿ ਤਿੰਨਾਂ ਕਾਨੂੰਨਾਂ ਨੂੰ ਮੁੱਢੋਂ ਖਾਰਜ ਕੀਤਾ ਜਾਵੇ ਤੇ ਕੋਈ ਅੰਤਿਮ ਫ਼ੈਸਲਾ ਆਉਣ ਤੱਕ ਇਨ੍ਹਾਂ ਕਾਨੂੰਨਾਂ ’ਤੇ ਰੋਕ ਲਾਈ ਜਾਵੇ।
Ajmer Singh Lakhowal
ਵਕੀਲ ਜੀ.ਐੱਸ ਘੁੰਮਣ ਰਾਹੀਂ ਦਾਇਰ ਪਟੀਸ਼ਨ ਵਿਚ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਬਿੱਲ ‘ਕਿਸਾਨ ਮਾਰੂ’ ਹਨ। ਇਨ੍ਹਾਂ ਉੱਤੇ ਰੋਕ ਲਾਈ ਜਾਵੇ ਤਾਂ ਜੋ ਦੇਸ਼ ਦੇ ਕਿਸਾਨਾਂ, ਖ਼ਪਤਕਾਰਾਂ, ਮਜ਼ਦੂਰਾਂ, ਆੜ੍ਹਤੀਆਂ, ਦੁਕਾਨਦਾਰਾਂ ਤੇ ਛੋਟੇ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਹੋ ਸਕੇ।
Decision to withdraw petition filed by Lakhowal against agriculture laws
ਪਟੀਸ਼ਨ ਵਿਚ ਦੋਸ਼ ਲਾਇਆ ਗਿਆ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਮਹਾਮਾਰੀ ਦੀ ਆੜ ਵਿੱਚ ਖੇਤੀ ਸੋਧ ਬਿੱਲਾਂ ਦੇ ਨਾਂ ਹੇਠ ਤਿੰਨ ਕਿਸਾਨ ਵਿਰੋਧੀ ਬਿੱਲ ਬਣਾ ਕੇ ਸੰਸਦ ਵਿਚ ਧੱਕੇ ਨਾਲ ਜ਼ੁਬਾਨੀ ਵੋਟਾਂ ਦੇ ਅਧਾਰ ’ਤੇ ਪਾਸ ਕੀਤੇ ਹਨ। ਜਥੇਬੰਦੀ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਈਸਟ ਇੰਡੀਆ ਕੰਪਨੀ ਵਾਂਗ ਦੇਸ਼ ਨੂੰ ਫਿਰ ਤੋਂ ਬਹੁਕੌਮੀ ਕੰਪਨੀਆਂ ਕੋਲ ਗਿਰਵੀ ਰੱਖ ਰਹੀ ਹੈ।