CM ਵੱਲੋਂ ਝੋਨੇ ਦਾ ਦਾਣਾ- ਦਾਣਾ ਖ਼ਰੀਦਣ ਦਾ ਅਹਿਦ, ਕਿਸਾਨਾਂ ਨੂੰ ਪਰਾਲ਼ੀ ਪ੍ਰਬੰਧਨ ਲਈ ਸਹਿਯੋਗ ਦੀ ਅਪੀਲ
Published : Oct 6, 2022, 8:59 pm IST
Updated : Oct 6, 2022, 9:10 pm IST
SHARE ARTICLE
 The Chief Minister's promise to buy one grain of paddy
The Chief Minister's promise to buy one grain of paddy

• ਨਿਰਵਿਘਨ ਅਤੇ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਵਿਸਤ੍ਰਿਤ ਪ੍ਰਬੰਧ ਕੀਤੇ

 

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਮਿਹਨਤ ਨਾਲ ਪਾਲ਼ੀ ਜਿਣਸ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਇੱਥੇ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜਦੇ ਸਾਰ ਖ਼ਰੀਦਣ ਲਈ ਪੁਖ਼ਤਾ ਪ੍ਰਬੰਧ ਕਰ ਲਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ 'ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਪ੍ਰਣਾਲੀ ਵਿਕਸਤ ਕੀਤੀ ਗਈ ਹੈ।

ਭਗਵੰਤ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਮੌਜੂਦਾ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੇ ਟਰੈਕਟਰਾਂ ਨੂੰ ਅਨਾਜ ਦੀ ਲੋਡਿੰਗ/ਢੋਆ-ਢੁਆਈ ਲਈ ਇਜਾਜ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਖਰੀਦ ਸੀਜ਼ਨ ਲਈ ਇਸ ਐਕਟ ਵਿੱਚ ਢੁਕਵੀਂ ਸੋਧ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ ਵਿੱਤੀ ਸਹਾਇਤਾ ਦੀ ਵੰਡ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 17000 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀ ਕੀਤੀ ਜਾ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਾਕੀ ਰਹਿੰਦੇ ਕਿਸਾਨਾਂ ਦੀ ਅਦਾਇਗੀ ਵੀ ਇੱਕ ਹਫ਼ਤੇ ਵਿੱਚ ਕਰ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਲੰਪੀ ਸਕਿਨ ਬਿਮਾਰੀ ਦਾ ਸ਼ਿਕਾਰ ਹੋਏ ਪਸ਼ੂ ਧਨ ਦੀ ਵਿਸਤ੍ਰਿਤ ਸੂਚੀ ਸੂਬਾ ਸਰਕਾਰ ਵੱਲੋਂ ਭਾਰਤ ਸਰਕਾਰ ਨੂੰ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਬਿਮਾਰੀ ਕਾਰਨ ਪਸ਼ੂ ਧਨ ਦਾ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਬਿਮਾਰੀ ਨੂੰ ਮਹਾਂਮਾਰੀ ਐਲਾਨਣ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਯਤਨ ਕੀਤੇ ਜਾ ਰਹੇ ਹਨ।

ਇਕ ਹੋਰ ਮੁੱਦੇ 'ਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਕਈ ਕੇਸ ਪਹਿਲਾਂ ਹੀ ਰੱਦ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਕੇਸ ਵੀ ਜਲਦੀ ਹੀ ਰੱਦ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪਹਿਲਾਂ ਹੀ 5-5 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕੁੱਲ 624 ਕਿਸਾਨਾਂ ਵਿੱਚੋਂ 326 ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਚੁੱਕੀਆਂ ਹਨ ਅਤੇ ਬਾਕੀਆਂ ਨੂੰ ਵੀ ਜਲਦੀ ਹੀ ਨੌਕਰੀਆਂ ਦਿੱਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਨਾਂ 'ਤੇ ਯਾਦਗਾਰ ਉਸਾਰਨ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਮੂੰਗੀ ਦੀ ਫ਼ਸਲ ਦਾ ਮੁਆਵਜ਼ਾ ਵੀ ਕਿਸਾਨਾਂ ਨੂੰ ਦਿੱਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਭਵਿੱਖ ਵਿੱਚ ਮੂੰਗੀ ਦੀ ਫਸਲ ਦੀ ਖਰੀਦ ਲਈ ਅਗਾਊਂ ਪੁਖਤਾ ਪ੍ਰਬੰਧ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਐਫ.ਆਈ.ਆਰਜ਼. ਦਾ ਮੁੱਦਾ ਰੇਲਵੇ ਮੰਤਰਾਲੇ ਕੋਲ ਵੀ ਉਠਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ। 

ਮੀਟਿੰਗ ਦੌਰਾਨ ਭਗਵੰਤ ਮਾਨ ਨੇ ਦੱਸਿਆ ਕਿ ਸੂਬੇ ਵਿੱਚ 15 ਅਕਤੂਬਰ ਤੋਂ ਪਸ਼ੂ ਮੇਲੇ ਮੁੜ ਸ਼ੁਰੂ ਹੋਣਗੇ। ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਕਿਸਾਨਾਂ ਨੇ ਗੰਨੇ ਦੇ ਭਾਅ ਵਿੱਚ ਵਾਧਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਪ੍ਰਾਈਵੇਟ ਮਿੱਲਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਦਖ਼ਲ ਦੇਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਖੰਡ ਮਿੱਲਾਂ ਵਿੱਚ ਪਿੜਾਈ ਸੀਜ਼ਨ 5 ਨਵੰਬਰ ਤੋਂ ਸ਼ੁਰੂ ਹੋਵੇਗਾ, ਜਿਸ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ 11 ਅਕਤੂਬਰ ਨੂੰ ਮੀਟਿੰਗ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਕਿ ਸੂਬਾ ਸਰਕਾਰ ਪਰਾਲੀ ਦੇ ਪ੍ਰਬੰਧਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਕਾਰਜ ਲਈ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਵਾਤਾਵਰਨ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement