
ਪੰਜਾਬ ਤੇ ਚੰਡੀਗੜ੍ਹ ਵਿਚ ਅਗਲੇ 24 ਘੰਟਿਆਂ ਵਿਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ
Punjab-Chandigarh Weather update : ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹੁਣ ਭਾਰੀ ਮੀਂਹ ਪੈ ਰਿਹਾ ਹੈ। ਲੁਧਿਆਣਾ, ਜਲੰਧਰ, ਮੁਹਾਲੀ ਅਤੇ ਅੰਮ੍ਰਿਤਸਰ ਵਿੱਚ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕੁਝ ਇਲਾਕਿਆਂ ਵਿੱਚ ਪਾਣੀ ਭਰ ਗਿਆ। ਇਸ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਗੰਭੀਰਪੁਰ ਵਿੱਚ ਅੱਧੀ ਰਾਤ ਨੂੰ ਗੜੇ ਪਏ।
ਮੌਸਮ ਵਿਭਾਗ ਨੇ ਪੰਜਾਬ ਦੇ 13 ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਵਿਚ ਭਾਰੀ ਮੀਂਹ ਪੈ ਸਕਦਾ ਹੈ।
ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਵੀ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਸੈਕਟਰ 15 ਵਾਲੇ ਪਾਸੇ ਸੈਕਟਰ 11/15 ਅੰਡਰਪਾਸ ਦੇ ਨੇੜੇ ਇੱਕ ਦਰੱਖਤ ਡਿੱਗ ਗਿਆ।
ਮੌਸਮ ਵਿਭਾਗ ਨੇ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਦੇ ਟ੍ਰਾਈਸਿਟੀ ਖੇਤਰਾਂ ਵਿੱਚ ਦੁਪਹਿਰ 2 ਵਜੇ ਤੱਕ ਭਾਰੀ ਮੀਂਹ ਅਤੇ ਗਰਜ ਨਾਲ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਮੰਗਲਵਾਰ ਸਵੇਰ ਤੱਕ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਵਿੱਚ ਮੀਂਹ ਪੈਣ ਨਾਲ ਪੰਜਾਬ ਵਿੱਚ ਹੜ੍ਹ ਆਉਣ ਦਾ ਖ਼ਤਰਾ ਹੈ। ਜਿਸ ਲਈ ਪਿਛਲੇ 2 ਦਿਨਾਂ ਤੋਂ ਕੰਟਰੋਲਡ ਤਰੀਕੇ ਨਾਲ ਡੈਮਾਂ ਤੋਂ ਪਾਣੀ ਛੱਡਿਆ ਜਾ ਰਿਹਾ ਹੈ।