
Punjab Weather Update ਮੀਂਹ ਨਾਲ ਠੰਢ ਪੈਣ ਦੇ ਆਸਾਰ
Punjab Weather Update News: ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਜਲੰਧਰ ਵਿੱਚ ਸਵੇਰੇ ਭਾਰੀ ਮੀਂਹ ਪਿਆ, ਜਿਸ ਨਾਲ ਮੌਸਮ ਠੰਢਾ ਹੋ ਗਿਆ। ਅੰਮ੍ਰਿਤਸਰ ਵਿਚ ਰਾਤ ਭਰ ਅਤੇ ਸਵੇਰੇ ਮੀਂਹ ਪੈਣ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ। ਲੁਧਿਆਣਾ ਵਿਚ ਬੱਦਲਵਾਈ ਹੈ। ਸਵੇਰੇ ਹਲਕੀ ਬੂੰਦਾ-ਬਾਂਦੀ ਹੋ ਰਹੀ ਹੈ, ਪਰ ਥੋੜ੍ਹੀ ਦੇਰ ਬਾਅਦ ਰੁਕ ਗਈ। ਇਸ ਦੌਰਾਨ, ਮੋਹਾਲੀ ਵਿਚ ਮੌਸਮ ਨਮੀ ਵਾਲਾ ਬਣਿਆ ਹੋਇਆ ਹੈ, ਮੀਂਹ ਪੈਣ ਦੀ ਸੰਭਾਵਨਾ ਹੈ।
ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ, ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ, ਪਹਾੜੀ ਇਲਾਕਿਆਂ ਵਿੱਚ ਆਮ ਨਾਲੋਂ ਵੱਧ ਮੀਂਹ ਪੈ ਰਿਹਾ ਹੈ, ਜਿਸ ਨਾਲ ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਦਾ ਖ਼ਤਰਾ ਵਧ ਗਿਆ ਹੈ।
ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ, ਇਸ ਲਈ ਉਨ੍ਹਾਂ 'ਤੇ ਦਬਾਅ ਘਟਾਉਣ ਲਈ ਹੌਲੀ-ਹੌਲੀ ਪਾਣੀ ਛੱਡਿਆ ਜਾ ਰਿਹਾ ਹੈ। ਇਸ ਨਾਲ ਨਦੀਆਂ ਦਾ ਪੱਧਰ ਵੀ ਵੱਧ ਰਿਹਾ ਹੈ। ਮੌਸਮ ਵਿਗਿਆਨ ਕੇਂਦਰ (IMD) ਦੇ ਅਨੁਸਾਰ, ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਉੱਥੇ ਹੀ ਮੀਂਹ ਦੇ ਨਾਲ-ਨਾਲ ਸੂਬੇ ਭਰ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਰਹੀਆਂ ਹਨ।