
ਕੇਂਦਰ ਦਾ ਅੜੀਅਲ ਰਵਈਆ ਦੇਸ਼ ਦੇ ਸੰਘੀ ਢਾਂਚੇ ਲਈ ਖ਼ਤਰਾ
ਚੰਡੀਗੜ੍ਹ (ਨੀਲ ਭਲਿੰਦਰ ਸਿੰਘ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਪੰਜਾਬ ਦੇ ਕਿਸਾਨ ਅਤੇ ਅਰਥਚਾਰੇ ਨੂੰ ਤਬਾਹ ਕਰਨ ਵਾਲੀ ਕੇਂਦਰ ਸਰਕਾਰ ਨੂੰ ਜਗਾਉਣ ਲਈ ਦੀਵਾਲੀ ਤੋਂ ਬਾਅਦ ਪੰਜਾਬ ਕਾਂਗਰਸ ਵਲੋਂ ਕਿਸਾਨਾਂ ਨੂੰ ਕੇਂਦਰ ਦੇ ਕਾਲੇ ਕਾਨੂੰਨਾਂ ਤੋਂ ਬਚਾਉਣ ਲਈ ਜੰਤਰ-ਮੰਤਰ 'ਤੇ ਲੜੀਵਾਰ ਧਰਨਾ ਸ਼ੁਰੂ ਕੀਤਾ ਜਾਵੇਗਾ।
Narendra Modi
ਜਾਰੀ ਬਿਆਨ ਵਿਚ ਸੁਨੀਲ ਜਾਖੜ ਨੇ ਆਖਿਆ ਕਿ ਕੇਂਦਰ ਸਰਕਾਰ ਵਲੋਂ ਅਪਨਾਇਆ ਗਿਆ ਅੜੀਅਲ ਰੁੱਖ ਦੇਸ਼ ਦੇ ਸੰਘੀ ਢਾਂਚੇ ਲਈ ਵੱਡਾ ਖ਼ਤਰਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨਾ ਤਾਂ ਪੰਜਾਬ ਦੀ ਚੁਣੀ ਹੋਈ ਸਰਕਾਰ ਦੀ ਗੱਲ ਸੁਣ ਰਹੀ ਹੈ ਅਤੇ ਨਾ ਹੀ ਪੰਜਾਬ ਦੇ ਕਰੋੜਾਂ ਲੋਕਾਂ ਦੇ ਰੋਹ ਨੂੰ ਸਮਝ ਰਹੀ ਹੈ।
Punjab Congress
ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਕੇਂਦਰ ਸਰਕਾਰ ਪੰਜਾਬ ਦੀ ਖੇਤੀ ਨੂੰ ਤਬਾਹ ਕਰਨ 'ਤੇ ਤੁਲੀ ਹੋਈ ਹੈ ਇਸ ਦੇ ਦੂਰਗਾਮੀ ਤੇ ਮਾੜੇ ਨਤੀਜੇ ਨਿਕਲਣਗੇ। ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨ ਮਾਰੂ ਕਾਨੂੰਨ ਬਣਾ ਕੇ ਲਾਗੂ ਕਰਨ ਦੀ ਕੀਤੀ ਜਾ ਰਹੀ ਜਿੱਦ ਨਾਲ ਪੰਜਾਬ ਪੂਰੀ ਤਰ੍ਹਾਂ ਆਰਥਕ ਤੌਰ 'ਤੇ ਬਰਬਾਦ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਖੇਤੀ ਅਧਾਰਤ ਸੂਬਾ ਹੈ ਅਤੇ ਕਿਸਾਨੀ ਦੇ ਬਰਬਾਦ ਹੋ ਜਾਣ ਤੋਂ ਬਾਅਦ ਪੰਜਾਬ ਬਚ ਨਹੀਂ ਸਕੇਗਾ।
Punjab Congress
ਉਨ੍ਹਾਂ ਨੇ ਕਿਹਾ ਕਿ ਕੇਂਦਰ ਦੇ ਇਨ੍ਹਾਂ ਕਾਲੇ ਕਾਨੂਨਾਂ ਦਾ ਅਸਰ ਸਮਾਜ ਦੇ ਸਾਰੇ ਵਰਗਾਂ 'ਤੇ ਪਵੇਗਾ। ਜਾਖੜ ਨੇ ਕਿਹਾ ਕਿ ਇਹ ਪੰਜਾਬ ਹੀ ਸੀ ਜਿਸ ਨੇ ਦੇਸ਼ ਨੂੰ ਅੰਨ ਦੇ ਮਾਮਲੇ ਵਿਚ ਆਤਮ ਨਿਰਭਰ ਕੀਤਾ ਸੀ ਪਰ ਹੁਣ ਕੇਂਦਰ ਸਰਕਾਰ ਪੰਜਾਬ ਦੇ ਕਿਸਾਨ ਨੂੰ ਕੰਪਨੀਆਂ ਦਾ ਗ਼ੁਲਾਮ ਬਣਾ ਕੇ ਦੇਸ਼ ਦੀ ਅੰਨ ਸੁਰੱਖਿਆ ਨੂੰ ਹੀ ਦਾਅ 'ਤੇ ਲਗਾਉਣਾ ਚਾਹੁੰਦੀ ਹੈ। ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਬਹਾਦਰ ਲੋਕ ਕੇਂਦਰ ਦੇ ਇਸ ਸਿਤਮ ਨੂੰ ਸਹਿਣ ਨਹੀਂ ਕਰਣਗੇ।