
ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ ਪਾਕਿਸਤਾਨ ਸਰਕਾਰ ਦਾ ਫ਼ਰਮਾਨ- ਪ੍ਰੋ.ਬਲਜਿੰਦਰ ਕੌਰ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪਾਕਿਸਤਾਨ ਸਰਕਾਰ ਵੱਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ 'ਤੇ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰੇ ਦਾ ਪ੍ਰਬੰਧ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਕੋਲੋਂ ਲੈ ਕੇ ਇਵੈਕੁਈ ਟਰੱਸਟ ਪ੍ਰਾਪਟੀ ਬੋਰਡ (ਵਕਫ਼ ਬੋਰਡ) ਨੂੰ ਸੌਂਪੇ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। 'ਆਪ' ਨੇ ਇਸ ਸੰਵੇਦਨਸ਼ੀਲ ਮੁੱਦੇ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐਸ ਜੈ ਸ਼ੰਕਰ ਵੱਲੋਂ ਆਪਣੇ ਪਾਕਿਸਤਾਨੀ ਹਮਰੁਤਬਾ ਨਾਲ ਤੁਰੰਤ ਉਠਾਉਣ ਦੀ ਮੰਗ ਕੀਤੀ ਹੈ।
kultar singh sandhwan
ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਇਤਿਹਾਸਕ ਸਥਾਨ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਲਈ ਗਹਿਰੀ ਆਸਥਾ ਨਾਲ ਭਰਿਆ ਪਵਿੱਤਰ ਸਥਾਨ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ 'ਕਰਮ ਕਰੋ-ਵੰਡ ਸ਼ਕੋ' ਦੇ ਸੰਕਲਪ ਤਹਿਤ ਇਸ ਸਥਾਨ 'ਤੇ ਨਾ ਕੇਵਲ ਹੱਥੀ ਖੇਤੀ ਕੀਤੀ ਸਗੋਂ ਆਪਣੀ ਇਸੇ ਕਰਮ ਭੂਮੀ 'ਤੇ ਜੋਤੀ-ਜੋਤਿ ਵੀ ਸਮਾਏ।
Baljinder Kaur
ਕੁਲਤਾਰ ਸਿੰਘ ਸੰਧਵਾਂ ਅਤੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਈਟੀਪੀਬੀ (ਵਕਫ਼ ਬੋਰਡ) ਦੀ ਜਿਸ 9 ਮੈਂਬਰੀ ਸਰਕਾਰੀ ਕਮੇਟੀ ਨੂੰ ਪ੍ਰੋਜੈਕਟ ਮੈਨੇਜਮੈਂਟ ਯੂਨਿਟ (ਪੀਐਸਯੂ) ਵਜੋਂ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਦਾ ਪ੍ਰਬੰਧ ਪਾਕਿਸਤਾਨ ਸਰਕਾਰ ਨੇ ਸੌਂਪਿਆ ਹੈ, ਉਸ ਵਿਚ ਇੱਕ ਵੀ ਸਿੱਖ ਮੈਂਬਰ ਨਹੀਂ ਹੈ। ਜੋ ਬਤੌਰ ਘੱਟ ਗਿਣਤੀ ਜਿੱਥੇ ਪਾਕਿਸਤਾਨੀ ਸਿੱਖ ਸੰਗਤ ਨਾਲ ਬੇਇਨਸਾਫ਼ੀ ਹੈ, ਉੱਥੇ ਦੁਨੀਆ ਭਰ 'ਚ ਵੱਸਦੇ ਸਿੱਖਾਂ ਨੂੰ ਵੀ ਨਿਰਾਸ਼ ਕਰਨ ਵਾਲਾ ਫ਼ੈਸਲਾ ਹੈ। ਜਿਸ ਦੀ ਜ਼ੋਰਦਾਰ ਨਿਖੇਧੀ ਕੀਤੀ ਜਾਂਦੀ ਹੈ।
Kartarpur Sahib
'ਆਪ' ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਉਹ ਇਹ ਮਾਮਲਾ ਪਾਕਿਸਤਾਨੀ ਪ੍ਰਧਾਨ ਮੰਤਰੀ ਕੋਲ ਉਠਾ ਕੇ ਇਹ ਯਕੀਨੀ ਬਣਾਉਣ ਕਿ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੀ ਰਹਿਤ ਮਰਿਆਦਾ ਅਨੁਸਾਰ ਸੇਵਾ ਸੰਭਾਲ ਦੀ ਜ਼ਿੰਮੇਵਾਰੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੀ ਰਹੇ, ਜਦਕਿ ਗੁਰਦੁਆਰਾ ਕੰਪਲੈਕਸ ਦੇ ਬਾਹਰ ਦੇ ਖੇਤਰ ਵਪਾਰਕ ਜਾਂ ਪ੍ਰਸ਼ਾਸਨਿਕ ਪ੍ਰਬੰਧ ਦੇਖਣ ਵਾਲੀ ਸਰਕਾਰੀ ਕਮੇਟੀ 'ਚ ਵੀ ਸਿੱਖ ਮੈਂਬਰਾਂ ਨੂੰ ਸ਼ਾਮਲ ਕੀਤਾ ਜਾਵੇ।