
ਇਸ ਤੋਂ ਪਹਿਲਾਂ ਗੁਰਦੁਆਰਾ ਮੱਲ ਅਖਾੜਾ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ।
ਅੰਮ੍ਰਿਤਸਰ : ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿਚ ਅਤੇ ਦਸਮ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮੱਲ ਅਖਾੜਾ ਸਾਹਿਬ, ਬੁਰਜ ਬਾਬਾ ਫੂਲਾ ਸਿੰਘ ਅਕਾਲੀ ਤੋਂ ਮਹੱਲਾ ਦੀ ਆਰੰਭਤਾ ਹੋਈ।
ਇਸ ਤੋਂ ਪਹਿਲਾਂ ਗੁਰਦੁਆਰਾ ਮੱਲ ਅਖਾੜਾ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਸੰਤ ਬਾਬਾ ਮਨਮੋਹਣ ਸਿੰਘ ਬਾਰਨ ਵਾਲੇ, ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ, ਬਾਬਾ ਸੁਖਵਿੰਦਰ ਸਿੰਘ ਮੌਰ ਆਦਿ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।
ਸਮੂਹ ਦਲਾਂ ਦੇ ਨਿਸ਼ਾਨਾਂ ਨੂੰ ਸੁੰਦਰ ਫੁਲਹਾਰਾਂ ਨਾਲ ਸਿੰਗਾਰਿਆਂ ਗਿਆ ਸੀ। ਮਹੱਲੇ ਵਿਚ ਸ਼ਾਮਲ ਹੋਣ ਲਈ ਪੁਜੇ ਦਲਾਂ ਦੇ ਜਥੇਦਾਰਾਂ ਅਤੇ ਨਿਹੰਗ ਸਿੰਘ ਫ਼ੌਜਾਂ ਦਾ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੌੜੀ ਨੇ ਸਾਰੀਆਂ ਆਈਆਂ ਸੰਗਤਾਂ ਸਮੇਤ ਵਿਸ਼ੇਸ਼ ਤੌਰ ਤੇ ਧਨਵਾਦ ਕੀਤਾ ਅਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਨਿਸ਼ਾਨਚੀਆਂ, ਨਿਗਾਰਚੀਆਂ, ਚੌਬਦਾਰਾਂ, ਗੁਰਜ ਵਾਲੇ ਸਿੰਘਾਂ, ਗ੍ਰੰਥੀਆਂ, ਕਥਾਵਾਚਕਾਂ ਅਤੇ ਮੁਖੀ ਜਥੇਦਾਰ ਸਾਹਿਬਾਨ ਨੂੰ ਸਨਮਾਨਤ ਕੀਤਾ। ਇਸ ਸਮੇਂ ਵਪਾਰ ਮੰਡਲ ਦੇ ਪ੍ਰਧਾਨ ਰਜਿੰਦਰ ਸਿੰਘ ਮਰਵਾਹ, ਜਸਪਾਲ ਸਿੰਘ ਵਾਲੀਆਂ, ਐਸ.ਪੀ. ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਬਾਬਾ ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਬੰਦੀ ਛੋੜ ਦਿਵਸ ਦੀ ਵਧਾਈ ਦਿਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ ਪੂਰਨ ਅਤੇ ਸ਼ਾਨਾਮਤਾ ਹੈ। ਮਹੱਲੇ ਵਿਚ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿਚ ਨਿਹੰਗ ਸਿੰਘਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ, ਤੇ ਲੱਕ ਪਿਛੇ ਢਾਲਾਂ ਸਜਾਏ ਹੱਥਾਂ ਵਿਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿਚ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਜੰਗੀ ਮਾਹੌਲ ਦਾ ਦਿ੍ਰਸ਼ ਪੇਸ਼ ਕਰ ਰਹੇ ਸਨ।
ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਨਿਹੰਗ ਸਿੰਘਾਂ ਦਾ ਇੱਕ ਵਿਸ਼ਾਲ ਕਾਫਲਾ ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਸ਼ੇਰਾਂਵਾਲਾ ਗੇਟ, ਮਹਾਂਸਿੰਘ ਗੇਟ, ਚੌਂਕ ਰਾਮਬਾਗ, ਹਾਲ ਗੇਟ, ਕਿਲਾ ਗੋਬਿੰਦਗੜ੍ਹ ਰਾਹੀਂ ਰੇਲਵੇ ਗਰਾਂਉਡ ਵਿਖੇ ਵਾਜਿਆਂ ਗਾਜਿਆਂ, ਸਮੇਤ ਪੁਜਾ। ਘੋੜਿਆਂ ਦੀ ਦੌੜ ਤੇ ਨਿਹੰੰਗ ਸਿੰਘ ਦੇ ਜੰਗੀ ਕਰਤੱਵ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਹਾਜ਼ਰ ਸਨ। ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘ ਗਰਾਂਉਡ ਵਿੱਚ ਸ਼ਾਮਲ ਹੋਏ।