
ਸੁਪਰੀਮ ਕੋਰਟ ਨੇ ਹਾਈ ਕੋਰਟ ਦਾ ਫ਼ੈਸਲਾ ਬਦਲਿਆ
ਫਰੀਦਕੋਟ- ਪੰਜਾਬ ਵਿਚ ਆਦਰਸ਼ ਸਕੂਲ ਚਲਾਉਣ ਵਾਲੀ ਸੰਸਥਾ ਦੇ ਚੇਅਰਮੈਨ ਖ਼ਿਲਾਫ਼ ਜਬਰ-ਜ਼ਨਾਹ ਦੇ ਦੋਸ਼ ਤਹਿਤ ਕੇਸ ਚੱਲੇਗਾ। ਹਾਈ ਕੋਰਟ ਨੇ ਉਸ ਖ਼ਿਲਾਫ਼ ਜਬਰ-ਜ਼ਨਾਹ ਦਾ ਕੇਸ ਰੱਦ ਕਰ ਦਿੱਤਾ ਸੀ, ਪਰ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਫੈਸਲਾ ਬਦਲ ਦਿੱਤਾ ਹੈ। ਫਰੀਦਕੋਟ ਪੁਲਿਸ ਨੇ ਆਦਰਸ਼ ਸਕੂਲ ਦੀ ਇੱਕ ਅਧਿਆਪਕਾ ਦੀ ਸ਼ਿਕਾਇਤ ਦੇ ਆਧਾਰ 'ਤੇ ਸਤੰਬਰ 2017 ਦੌਰਾਨ ਆਦਰਸ਼ ਸਕੂਲਾਂ ਦੇ ਚੇਅਰਮੈਨ ਨਰਿੰਦਰ ਸਿੰਘ ਰੰਧਾਵਾ ਅਤੇ ਉਸ ਦੇ ਲੜਕੇ ਖ਼ਿਲਾਫ਼ ਠੱਗੀ ਮਾਰਨ, ਜਬਰ-ਜ਼ਨਾਹ ਤੇ ਧਮਕੀਆਂ ਦੇਣ ਦੇ ਦੋਸ਼ ਤਹਿਤ ਪਰਚਾ ਦਰਜ ਕੀਤਾ ਸੀ।
ਪੁਲਿਸ ਨੇ ਪੜਤਾਲ ਉਪਰੰਤ ਪੀੜਤ ਅਧਿਆਪਕਾ ਦੇ ਦੋਸ਼ਾਂ ਨੂੰ ਸਹੀ ਮੰਨਦਿਆਂ ਇਸ ਕੇਸ ਦਾ ਚਲਾਨ ਆਦਾਲਤ ਵਿਚ ਪੇਸ਼ ਕਰ ਦਿੱਤਾ ਸੀ ਫ਼ਰੀਦਕੋਟ ਦੇ ਸੈਸ਼ਨ ਜੱਜ ਨੇ ਨਰਿੰਦਰ ਸਿੰਘ ਰੰਧਾਵਾ ਅਤੇ ਉਸ ਦੇ ਲੜਕੇ ਖ਼ਿਲਾਫ਼ ਜਬਰ-ਜ਼ਨਾਹ ਦੇ ਦੋਸ਼ ਆਇਦ ਕਰ ਦਿੱਤੇ ਸਨ। ਮੁਲਜ਼ਮਾਂ ਨੇ ਇਸ ਮਾਮਲੇ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ ਜਿਸ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜਸਟਿਸ ਫਤਿਹਦੀਪ ਸਿੰਘ ਨੇ 4 ਅਕਤੂਬਰ 2021 ਦੇ ਹੁਕਮ ਵਿਚ ਜਬਰ-ਜ਼ਨਾਹ ਦੇ ਦੋਸ਼ਾਂ ਤਹਿਤ ਕੇਸ ਰੱਦ ਕਰ ਦਿੱਤਾ ਸੀ।
ਇਨ੍ਹਾਂ ਹੁਕਮਾਂ ਨੂੰ ਪੀੜਤ ਅਧਿਆਪਕਾ ਨੇ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਦੇ ਜੱਜ ਜਸਟਿਸ ਸੰਜੀਵ ਖੰਨਾ ਤੇ ਜੇਕੇ ਮਹੇਸ਼ਵਰੀ ਨੇ ਆਪਣੇ ਹੁਕਮ 'ਚ ਕਿਹਾ ਹੈ ਕਿ ਹਾਈ ਕੋਰਟ ਦਾ ਫ਼ੈਸਲਾ ਮੰਨਣਯੋਗ ਨਹੀਂ, ਇਸ ਨੂੰ ਰੱਦ ਕੀਤਾ ਜਾਂਦਾ ਹੈ। ਸਰਬਉੱਚ ਅਦਾਲਤ ਨੇ ਮੁਲਜ਼ਮਾਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਫ਼ਰੀਦਕੋਟ ਅਦਾਲਤ 'ਚ ਪੇਸ਼ ਹੋ ਕੇ ਕੇਸ ਦਾ ਸਾਹਮਣਾ ਕਰਨ।