
ਮੁਲਜ਼ਮ ਨੇ ਸੋਸ਼ਲ ਮੀਡੀਆ ਤੋਂ ਪ੍ਰਭਾਵਿਤ ਹੋ ਕੇ ਨਫ਼ਰਤ ਦੇ ਤਹਿਤ ਸੂਰੀ ਦਾ ਕਤਲ ਕੀਤਾ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਮਾਰੇ ਗਏ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਅੱਜ ਸਖ਼ਤ ਸੁਰੱਖਿਆ ਹੇਠ ਸਸਕਾਰ ਕਰ ਦਿੱਤਾ ਗਿਆ। ਅੰਤਿਮ ਸੰਸਕਾਰ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਸਮਰਥਕ ਵੀ ਮੌਜੂਦ ਸਨ। ਇਸ ਮੌਕੇ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਇਸ ਦੇ ਨਾਲ ਹੀ ਹੁਣ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣ ਸਿੰਘ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸੁਧੀਰ ਸੂਰੀ ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਹੁਣ ਤੱਕ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਨਾਲ ਸਬੰਧਤ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੁਲਜ਼ਮ ਨੇ ਸੋਸ਼ਲ ਮੀਡੀਆ ਤੋਂ ਪ੍ਰਭਾਵਿਤ ਹੋ ਕੇ ਨਫ਼ਰਤ ਦੇ ਤਹਿਤ ਸੂਰੀ ਦਾ ਕਤਲ ਕੀਤਾ ਹੈ।
ਦੱਸ ਦੇਈਏ ਕਿ ਸ਼ਨੀਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਉਸ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਸੀ। ਸੂਰੀ ਦੇ ਪਰਿਵਾਰ ਨੇ ਅੱਜ ਸਵੇਰੇ ਇੱਕ ਵਾਰ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਪਰਿਵਾਰ ਨੇ ਮੰਗ ਕੀਤੀ ਕਿ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਹਿੰਦੂ ਸੰਗਠਨਾਂ ਦੇ ਸਾਰੇ ਆਗੂਆਂ ਨੂੰ ਰਿਹਾਅ ਕੀਤਾ ਜਾਵੇ। ਪੁਲਿਸ ਨੇ ਮੰਗ ਮੰਨ ਲਈ ਅਤੇ ਪਰਿਵਾਰ ਸਸਕਾਰ ਲਈ ਰਾਜ਼ੀ ਹੋ ਗਿਆ।