ਜ਼ਿਲ੍ਹਾ ਚੋਣ ਅਫ਼ਸਰ ਤਰਨਤਾਰਨ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਤੋਂ ਪੇਸ਼ੀ ਤੋਂ ਛੋਟ ਮੰਗੀ
ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ ਮਰਹੂਮ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਸਬੰਧੀ ਟਿੱਪਣੀ ਮਾਮਲੇ ਵਿਚ ਤਲਬ ਕੀਤੇ ਗਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਰਫੋਂ ਐਡਵੋਕੇਟ ਅਰਸ਼ਪ੍ਰੀਤ ਸਿੰਘ ਖਡਿਆਲ ਪੇਸ਼ ਹੋਏ ਪ੍ਰੰਤੂ ਉਹ ਕਮਿਸ਼ਨ ਅੱਗੇ ਮੌਕੇ ਤੇ ਵਕਾਲਤਨਾਮਾ ਪੇਸ਼ ਨਹੀਂ ਕਰ ਸਕੇ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਕੀਲ ਰਾਹੀਂ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੇਸ਼ੀ ਤੋਂ ਛੋਟ ਦੀ ਮੰਗ ਕਰਦਿਆਂ ਚੋਣਾਂ ਉਪਰੰਤ ਦੀ ਤਰੀਕ ਦੀ ਮੰਗ ਕੀਤੀ ਹੈ।
ਇਸੇ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ ਪੇਸ਼ੀ ਤੋਂ ਛੋਟ ਦੇਣ ਦੀ ਮੰਗ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪੱਤਰ ਰਾਹੀਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਹੈ ਉਨ੍ਹਾਂ ਨੇ ਪੱਤਰ ਜਾਰੀ ਕਰ ਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਸ ਸਬੰਧੀ ਸਪਸ਼ਟੀਕਰਨ ਦੀ ਮੰਗ ਕੀਤੀ ਗਈ ਸੀ ਅਤੇ ਹੁਣ ਪ੍ਰਾਪਤ ਸਪਸ਼ਟੀਕਰਨ ਦੀ ਘੋਖ ਪੁਲਿਸ ਵਲੋਂ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਤਰਨਤਾਰਨ ਨੇ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਕਾਰਨ ਕਮਿਸ਼ਨ ਵਲੋਂ ਅੱਜ ਮਿਤੀ 6 ਨਵੰਬਰ ਨੂੰ ਰੱਖੀ ਗਈ ਪੇਸ਼ੀ ਤੋਂ ਛੋਟ ਮੰਗੀ ਗਈ ਹੈ।
ਸਰਦਾਰ ਗੜ੍ਹੀ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਪੱਤਰ ਨੂੰ ਸਵੀਕਾਰ ਕਰਦੇ ਹੋਏ ਕਮਿਸ਼ਨ ਵਲੋਂ ਉਨ੍ਹਾਂ ਨੂੰ 17 ਨਵੰਬਰ 2025 ਦਾ ਸਮਾਂ ਦਿੱਤਾ ਹੈ।
ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਅਖਬਾਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਪੂਰਥਲਾ ਪੁਲਿਸ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਉਸ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਐਸ.ਐਸ.ਪੀ.ਕਪੂਰਥਲਾ ਤੋਂ ਰਿਪੋਰਟ ਦੀ ਕਾਪੀ ਮੰਗੀ ਗਈ ਹੈ ਕਿ ਉਨ੍ਹਾਂ ਵਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਰਿਪੋਰਟ 10 ਨਵੰਬਰ 2025 ਨੂੰ ਮੰਗੀ ਗਈ ਹੈ।
