
ਰਾਜਸਥਾਨ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਲਗਾਤਾਰ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀਆਂ......
ਬਠਿੰਡਾ : ਰਾਜਸਥਾਨ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਲਗਾਤਾਰ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਅੱਜ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਸੰਗਰੀਆ ਵਿਚ ਕਾਂਗਰਸ ਦੀ ਉਮੀਦਵਾਰ ਸ਼ਬਨਮ ਗੋਦਾਰਾ ਵਲੋਂ ਰੱਖੀ ਗਈ ਸੰਕਲਪ ਸਭਾ ਰੈਲੀ ਵਿਚ ਸ਼ਮੂਲੀਅਤ ਕਰਕੇ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਸਭਾ ਵਿਚ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਭਾਜਪਾ ਸਰਕਾਰ ਤੇ ਤਿੱਖੇ ਵਾਰ ਕਰਦੇ ਹੋਏ
ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਭਾਜਪਾ ਸਰਕਾਰ ਨੇ ਰਾਜਸਥਾਨ ਵਿਚ ਕੋਈ ਵਿਕਾਸ ਨਹੀ ਕਰਵਾਇਆ ਅਤੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨਾਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀ ਕੀਤਾ ਗਿਆ। ਉਨਾਂ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਹਰ ਵਰਗ ਲਈ ਸਹੂਲਤਾਂ ਮੁਹੱਈਆ ਕਰਵਾਈਆਂ ਹਨ ਅਤੇ ਜੋ ਵੀ ਜਨਤਾ ਨਾਲ ਵਾਅਦੇ ਕੀਤੇ ਹਨ, ਉਨ੍ਹਾਂ ਵਾਅਦਿਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਨੇ ਰਾਜਸਥਾਨ ਦੀ ਜਨਤਾ ਨੂੰ ਪੰਜਾਬ ਦੇ ਹਲਾਤਾਂ ਬਾਰੇ ਦਸਿਆ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਨੇ ਜਨਤਾ ਨਾਲ ਜੋ ਵੀ ਵਾਅਦੇ ਕੀਤੇ ਸੀ, ਉਸ ਨੂੰ ਪੂਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਗਏ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ। ਖਜ਼ਾਨਾ ਮੰਤਰੀ ਨੇ ਕਾਂਗਰਸ ਉਮੀਦਵਾਰ ਸ਼ਬਨਮ ਗੋਦਾਰਾ ਲਈ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਤੇ ਵਾਅਦਾ ਕੀਤਾ ਕਿ ਸੰਗਰੀਏ ਹਲਕੇ ਦਾ ਸਰਕਾਰ ਬਣਨ ਤੇ ਚਹੁੰਪੱਖੀ ਵਿਕਾਸ ਕਰਵਾਇਆ ਜਾਵੇਗਾ। ਇਸ ਮੌਕੇ ਗੁਰਮੀਤ ਸਿੰਘ ਖੁਡੀਆਂ, ਮਹਿੰਦਰ ਸਿੰਘ ਰਿਣਵਾ ਅਤੇ ਰਾਜਸਥਾਨ ਕਾਂਗਰਸ ਦੇ ਸੀਨੀਅਰ ਆਗੂ ਮੌਜੂਦ ਰਹੇ।