
ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਕਰਕੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤਕ ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ।
ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਪੂਰਨ ਤੌਰ ’ਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਰੋਜ਼ਗਾਰ ਵਰਗੇ ਖੇਤਰ ਸੂਬਾ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਲੋਕਾਂ ਦੀ ਸਹੂਲਤ ਲਈ ਇਨ੍ਹਾਂ ਖੇਤਰਾਂ ਉਤੇ ਵੱਧ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਭਰ ਵਿੱਚ ਚੱਲ ਰਹੇ ਪ੍ਰਾਜੈਕਟਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ ਅਤੇ ਲੋਕਾਂ ਦੀ ਭਲਾਈ ਲਈ ਨਵੀਆਂ ਸਕੀਮਾਂ ਦੀ ਰੂਪ-ਰੇਖਾ ਉਲੀਕਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਡੇਰੇ ਜਨਤਕ ਹਿੱਤ ਵਿੱਚ ਨਵੀਆਂ ਭਲਾਈ ਸਕੀਮਾਂ ਤਿਆਰ ਕਰਕੇ ਲਾਗੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹਰੇਕ ਖੇਤਰ ਵਿੱਚ ਸਫਲਤਾ ਦੀ ਨਵੀਂ ਕਹਾਣੀ ਲਿਖ ਰਿਹਾ ਹੈ ਅਤੇ ਦੇਸ਼ ਵਿੱਚ ਅੱਵਲ ਸੂਬੇ ਵਜੋਂ ਉਭਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਬੰਧਤ ਵਿਭਾਗਾਂ ਵੱਲੋਂ ਨਿਰਧਾਰਤ ਬਜਟ ਨੂੰ ਸਮੇਂ ਸਿਰ ਵਰਤੇ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ ਸ਼ਾਸਨ ਅਤੇ ਪਾਰਦਰਸ਼ੀ ਪ੍ਰਸ਼ਾਸਕੀ ਕੰਮਕਾਜ ਮੁਹੱਈਆ ਕਰਵਾਉਣਾ ਸੂਬੇ ਦੀ ਪ੍ਰਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹੇਠਲੇ ਪੱਧਰ ਉਤੇ ਹਰੇਕ ਯੋਗ ਲਾਭਪਾਤਰੀ ਤਕ ਇਨ੍ਹਾਂ ਭਲਾਈ ਸਕੀਮ ਲਾਭ ਪਹੁੰਚਾਇਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲੋੜਵੰਦ ਵਿਅਕਤੀ ਨੂੰ ਲਾਭ ਪਹੁੰਚਾਉਣ ਲਈ ਢੁਕਵੀਂ ਵਿਵਸਥਾ ਉਲੀਕਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਯੋਗ ਲੋਕਾਂ ਨੂੰ ਮਿਲਣਾ ਯਕੀਨੀ ਬਣਾਉਣ ਲਈ ਨਿਰੰਤਰ ਨਿਗਰਾਨੀ ਰੱਖਣੀ ਚਾਹੀਦੀ ਹੈ।
ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਅਤੇ ਲਿਹਾਜਦਾਰੀ ਨੂੰ ਬਰਦਾਸ਼ਤ ਨਹੀਂ ਕਰੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਹਰ ਹਾਲ ਵਿੱਚ ਇਹ ਯਕੀਨੀ ਬਣਾਏਗੀ ਕਿ ਇਨ੍ਹਾਂ ਸਕੀਮਾਂ ਦਾ ਫਾਇਦਾ ਸਿਰਫ਼ ਯੋਗ ਲੋਕਾਂ ਨੂੰ ਹੀ ਮਿਲੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸੂਬੇ ਨੂੰ ਸਹੀ ਮਾਅਨਿਆਂ ਵਿੱਚ ‘ਰੰਗਲਾ ਪੰਜਾਬ’ ਬਣਾਇਆ ਜਾਵੇ ਜਿੱਥੇ ਹਰੇਕ ਨਾਗਰਿਕ ਸਵੈ-ਮਾਣ ਨਾਲ ਆਪਣਾ ਜੀਵਨ ਬਸਰ ਕਰ ਸਕੇ। ਭਗੰਵਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਹਾਸਲ ਕਰਨਾ ਹਰੇਕ ਯੋਗ ਵਿਅਕਤੀ ਹੱਕ ਹੈ ਅਤੇ ਅਧਿਕਾਰੀਆਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਕੋਈ ਵੀ ਲਾਭਪਾਤਰੀ ਇਹ ਲਾਭ ਲੈਣ ਤੋਂ ਵਿਰਵਾ ਨਾ ਰਹੇ।
Chief Minister meeting with Administrative Secretaries of various departments