Batala News : ਮੁੱਖ ਮੰਤਰੀ ਭਗਵੰਤ ਮਾਨ ਨੇ ਬਟਾਲਾ ਵਿਖੇ ਨਵੀਂ ਅਪਗ੍ਰੇਡ ਕੀਤੀ ਖੰਡ ਮਿੱਲ ਲੋਕਾਂ ਨੂੰ ਕੀਤੀ ਸਮਰਪਿਤ

By : BALJINDERK

Published : Dec 6, 2024, 8:05 pm IST
Updated : Dec 6, 2024, 8:05 pm IST
SHARE ARTICLE
ਮੁੱਖ ਮੰਤਰੀ ਭਗਵੰਤ ਮਾਨ ਨੇ ਬਟਾਲਾ ਵਿਖੇ ਨਵੀਂ ਅਪਗ੍ਰੇਡ ਕੀਤੀ ਖੰਡ ਮਿੱਲ ਲੋਕਾਂ ਨੂੰ ਕੀਤੀ ਸਮਰਪਿਤ
ਮੁੱਖ ਮੰਤਰੀ ਭਗਵੰਤ ਮਾਨ ਨੇ ਬਟਾਲਾ ਵਿਖੇ ਨਵੀਂ ਅਪਗ੍ਰੇਡ ਕੀਤੀ ਖੰਡ ਮਿੱਲ ਲੋਕਾਂ ਨੂੰ ਕੀਤੀ ਸਮਰਪਿਤ

Batala News : ਰਿਫਾਇੰਡ ਖੰਡ ਤਿਆਰ ਕਰਨ ਵਾਲੀ ਸੂਬੇ ਦੀ ਪਹਿਲੀ ਸਹਿਕਾਰੀ ਖੰਡ ਮਿੱਲ ਹੋਵੇਗੀ

 Batala News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਉਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਬਹਾਦਰ ਲੋਕਾਂ ਦੀ ਪਿੱਠ ‘ਚ ਛੁਰਾ ਮਾਰਿਆ ਅਤੇ ਆਪਣੇ ਨਿੱਜੀ ਮੁਫਾਦਾਂ ਲਈ ਇਸ ਖਿੱਤੇ ਦੀਆਂ ਕਈ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ।

ਬਟਾਲਾ ਵਿਖੇ ਨਵੀਂ ਅੱਪਗ੍ਰੇਡ ਸ਼ੂਗਰ ਮਿੱਲ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਸੂਬੇ ਦੇ ਅਗਾਂਹਵਧੂ ਅਤੇ ਉਪਜਾਊ ਸਰਹੱਦੀ ਖੇਤਰ ਨੂੰ ਰਵਾਇਤੀ ਸਿਆਸੀ ਪਾਰਟੀਆਂ ਨੇ ਦਰਕਿਨਾਰ ਕੀਤਾ ਜਿਸ ਕਰਕੇ ਇਹ ਖੇਤਰ ਵਿਕਾਸ ਦੀ ਰਫ਼ਤਾਰ ਵਿੱਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਆਪਣੀ ਤਾਕਤ ਦੀ ਦੁਰਵਰਤੋਂ ਕਰਕੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਬਰਬਾਦ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਾਸੀ ਬਹਾਦਰ ਲੋਕ ਹਨ ਜਿਨ੍ਹਾਂ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਡਟ ਕੇ ਰਾਖੀ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ, “ਇਹ ਧਰਤੀ ਮਹਾਨ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਕੀਤੀ ਪਵਿੱਤਰ ਧਰਤੀ ਹੈ ਅਤੇ ਇੱਥੇ ਬਹਾਦਰ ਅਤੇ ਮਿਹਨਤੀ ਲੋਕਾਂ ਦਾ ਵਸੇਬਾ ਹੈ, ਜਿਨ੍ਹਾਂ ਨੇ ਲੰਮਾ ਸਮਾਂ ਰਵਾਇਤੀ ਪਾਰਟੀਆਂ ਦੀ ਸਿਆਸੀ ਬਦਲਾਖੋਰੀ ਦਾ ਸੰਤਾਪ ਭੋਗਿਆ ਹੈ। ਮਹਾਨ ਦੇਸ਼ ਭਗਤ ਪੈਦਾ ਕਰਨ ਵਾਲੇ ਇਸ ਖੇਤਰ ਨੇ ਰਵਾਇਤੀ ਪਾਰਟੀਆਂ ਦੇ ਸ਼ਾਸਨ ਦੌਰਾਨ ਕਦੇ ਵਿਕਾਸ ਹੁੰਦਾ ਨਹੀਂ ਦੇਖਿਆ। ਬੜੇ ਦੁੱਖ ਦੀ ਗੱਲ ਹੈ ਕਿ ਇਸ ਇਲਾਕੇ ਦੇ ਵੱਡੇ ਯੋਗਦਾਨ ਦੇ ਬਾਵਜੂਦ ਇਸ ਖੇਤਰ ਦੇ ਲੋਕਾਂ ਨੂੰ ਰਵਾਇਤੀ ਪਾਰਟੀਆਂ ਨੇ ਧੋਖਾ ਦਿੱਤਾ ਹੈ।”

ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਖਿੱਤੇ ਦੇ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਿਸ ਸਦਕਾ 296 ਕਰੋੜ ਰੁਪਏ ਦੀ ਲਾਗਤ ਨਾਲ ਇਸ ਅੱਪਗ੍ਰੇਡ ਖੰਡ ਮਿੱਲ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਿੱਲ ਦੀ 3500 ਟਨ ਗੰਨੇ ਦੀ ਪਿੜਾਈ ਕਰਨ ਦੀ ਸਮਰੱਥਾ ਹੈ ਅਤੇ ਇਸ ਵਿੱਚ 14 ਮੈਗਾਵਾਟ ਦਾ ਕੋ-ਜੈਨਰੇਸ਼ਨ ਪਲਾਂਟ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਿੱਲ ਵਿੱਚ ਰਿਫਾਇੰਡ ਖੰਡ ਦਾ ਉਤਪਾਦਨ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲੀ ਇਹ ਸੂਬੇ ਦੀ ਪਹਿਲੀ ਸਹਿਕਾਰੀ ਖੰਡ ਮਿੱਲ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਮਿੱਲ ਦੇ ਮੌਜੂਦਾ ਸੀਜ਼ਨ ਦੌਰਾਨ 35 ਲੱਖ ਕੁਇੰਟਲ ਗੰਨੇ ਦੀ ਪਿੜਾਈ ਕਰਨ ਦਾ ਟੀਚਾ ਹੈ ਅਤੇ ਇਹ ਵਾਤਾਵਰਣ ਪੱਖੀ ਪਲਾਂਟ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤ ਵਿੱਚ ਆਪਣੀ ਕਿਸਮ ਦੀ ਪਹਿਲੀ ਖੰਡ ਮਿੱਲ ਹੈ ਜਿੱਥੇ 100 ਫੀਸਦੀ ਗੈਸ ਪਾਈਪ ਲਾਈਨ ਪਾਈ ਜਾਵੇਗੀ ਅਤੇ ਇਸ ਦੀ ਸਮਰੱਥਾ ਰੋਜ਼ਾਨਾ 14000 ਘਣ ਮੀਟਰ ਹੈ ਅਤੇ ਇਹ ਵਾਤਾਵਰਣ ਵਿੱਚ 30,000 ਕਾਰਾਂ ਦੇ ਹੁੰਦੇ ਪ੍ਰਦੂਸ਼ਣ ਦੇ ਬਰਾਬਰ ਪ੍ਰਦੂਸ਼ਣ ਨੂੰ ਰੋਕ ਸਕੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਲਾਂਟ ਰੋਜ਼ਾਨਾ 150 ਟਨ ਤੋਂ ਵੱਧ ਰਹਿੰਦ-ਖੂੰਹਦ ਨੂੰ ਪ੍ਰੋਸੈਸ ਕਰੇਗਾ ਅਤੇ 20 ਟਨ ਆਰਗੈਨਿਕ ਖਾਦ ਤਿਆਰ ਕਰੇਗਾ ਜਿਸ ਨਾਲ ਸਥਾਨਕ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਬਹਾਦਰਪੁਰ ਪੰਜਾਬ ਦਾ ਪਹਿਲਾ ਪਿੰਡ ਹੈ ਜਿੱਥੇ ਘਰ-ਘਰ ਬਾਇਓ ਰਸੋਈ ਗੈਸ ਪਹੁੰਚਾਉਣ ਲਈ ਪਾਈਪ ਲਾਈਨ ਵਿਛਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਿੱਲ ਵਿਸ਼ਵ ਭਰ ਵਿੱਚ ਉਪਲਬਧ ਨਵੀਨਤਮ ਤਕਨਾਲੋਜੀ ਨਾਲ ਲੈਸ ਹੈ ਅਤੇ ਇਸ ਨਾਲ ਖੇਤਰ ਦੇ ਗੰਨਾ ਕਾਸ਼ਤਕਾਰਾਂ ਨੂੰ ਬਹੁਤ ਲਾਭ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਦੀ ਗੱਲ ਹੈ ਕਿ ਪੰਜਾਬ ਨਾ ਸਿਰਫ਼ ਦੇਸ਼ ਵਿੱਚ ਸਗੋਂ ਵਿਸ਼ਵ ਭਰ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਦੇ ਰਿਹਾ ਹੈ ਜਿਸ ਨਾਲ ਇਸ ਦੇ ਕਿਸਾਨਾਂ ਨੂੰ ਵੱਡਾ ਲਾਭ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਸੂਬਾ ਗੰਨੇ ਦੇ ਵੱਧ ਤੋਂ ਵੱਧ ਭਾਅ ਵਿੱਚ ਦੇਸ਼ ਦੀ ਅਗਵਾਈ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਮੇਸ਼ਾ ਹੀ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਭਾਅ ਦਿੱਤਾ ਹੈ ਅਤੇ ਇਹ ਸਿਲਸਿਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਮਾਜਿਕ ਸਾਂਝ ਦੀਆਂ ਤੰਦਾਂ ਏਨੀਆਂ ਮਜ਼ਬੂਤ ਹਨ ਕਿ ਪੰਜਾਬ ਦੀ ਉਪਜਾਊ ਧਰਤੀ ’ਤੇ ਕੋਈ ਵੀ ਬੀਜ ਉਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ’ਤੇ ਨਹੀਂ ਪੁੰਗਰੇਗਾ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਪੁਰਸ਼ਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਤੇ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਪਿਆਰ ਅਤੇ ਸਦਭਾਵਨਾ ਦੇ ਬੰਧਨ ਨੂੰ ਮਜ਼ਬੂਤ ਕਰਕੇ ਦਮਨ, ਬੇਇਨਸਾਫ਼ੀ ਅਤੇ ਜ਼ੁਲਮ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਨੂੰ ਕੌਮੀ ਰਾਜਨੀਤੀ ਦਾ ਕੇਂਦਰ ਬਿੰਦੂ ਬਣਾਉਣ ਦਾ ਸਿਹਰਾ ‘ਆਪ’ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਖੇਤਰ ਉਨ੍ਹਾਂ ਦੀ ਸਰਕਾਰ ਦੀਆਂ ਪ੍ਰਮੁੱਖ ਪੰਜ ਤਰਜੀਹਾਂ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਦੂਜੀਆਂ ਸਿਆਸੀ ਪਾਰਟੀਆਂ ਨੇ ਹਮੇਸ਼ਾ ਹੀ ਨਫ਼ਰਤ ਅਤੇ ਫੁੱਟ ਪਾਉਣ ਦੇ ਏਜੰਡੇ ਨੂੰ ਅੱਗੇ ਵਧਾਇਆ ਹੈ, ਉੱਥੇ ‘ਆਪ’ ਨੇ ਇਨ੍ਹਾਂ ਖੇਤਰਾਂ ਨੂੰ ਪਹਿਲ ਦੇ ਕੇ ਰਾਜਨੀਤੀ ਨੂੰ ਨਵੀਂ ਦਿਸ਼ਾ ਦਿੱਤੀ ਹੈ।

ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬ ਜੀ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਦੂਸ਼ਣ ਨੂੰ ਘਟਾਉਣ ਲਈ ਅਜਿਹੇ ਪਲਾਂਟ ਲਗਾ ਰਹੀ ਹੈ ਜਿਸ ਨਾਲ ਸੂਬੇ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਮਦਦ ਮਿਲੇਗੀ।

ਅਕਾਲੀ ਆਗੂਆਂ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਵੱਡੇ-ਵੱਡੇ ਦਾਅਵੇ ਕਰਨ ਦੇ ਬਾਵਜੂਦ ਲੋਕਾਂ ਦੇ ਭਲੇ ਲਈ ਚੰਗੇ ਕੰਮ ਕਰਨ ‘ਚ ਬੁਰੀ ਤਰ੍ਹਾਂ ਨਾਕਾਮ ਰਹੇ। ਅਜਿਹੇ ਮਾੜੇ ਕੰਮਾਂ ਕਾਰਨ ਹੀ ਹੁਣ ਅਕਾਲੀ ਆਗੂਆਂ ਨੂੰ ਲੋਕ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਆਮ ਆਦਮੀ ਦੀ ਤਾਕਤ ਹੀ ਸਭ ਤੋਂ ਵੱਡੀ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲਿਆਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵਿੱਚ ਭੇਜ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਅਜਿਹੇ ਪ੍ਰਾਜੈਕਟ ਸਥਾਪਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਦੇਣ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਦੇ ਨੌਕਰੀਆਂ ਦੀ ਭਾਲ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਣ ਵਿੱਚ ਮਦਦ ਮਿਲੇਗੀ ਅਤੇ ਨੌਜਵਾਨਾਂ ਨੂੰ ਸੂਬੇ ਦੀ ਸਮਾਜਿਕ ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇਗਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹੋਰਨਾਂ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ।

(For more news apart from CM Bhagwant Mann dedicated the newly upgraded sugar mill at Batala to the people News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sidhu Moosewala ਦਾ New Song ’Lock’ Released, ਮਿੰਟਾਂ ’ਚ ਲੱਖਾਂ ਲੋਕਾਂ ਨੇ ਕੀਤਾ ਪਸੰਦ | Punjab Latest News

23 Jan 2025 12:22 PM

Donald Trump Action on Illegal Immigrants in US: 'ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ 'ਚੋਂ ਕੱਢਣਾ...

23 Jan 2025 12:17 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 22/01/2025

22 Jan 2025 12:24 PM

Jagjit Dallewal Medical Facility News : ਇੱਕ Training Doctor ਦੇ ਹੱਥ ਕਿਉਂ ਸੌਂਪੀ ਡੱਲੇਵਾਲ ਦੀ ਜ਼ਿੰਮੇਵਾਰੀ

22 Jan 2025 12:19 PM

Donald Trump Latest News :ਵੱਡੀ ਖ਼ਬਰ: ਰਾਸ਼ਟਰਪਤੀ ਬਣਦੇ ਹੀ ਟਰੰਪ ਦੇ ਵੱਡੇ ਐਕਸ਼ਨ

21 Jan 2025 12:07 PM
Advertisement