
ਅੱਜ ਖੁਲ੍ਹਣਗੇ ਪੰਜਾਬ ਦੇ ਸਾਰੇ ਸਕੂਲ
ਚੰਡੀਗੜ੍ਹ, 6 ਜਨਵਰੀ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਸਕੂਲ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮਾਪਿਆਂ ਦੀ ਪੜ੍ਹਾਈ ਸਬੰਧੀ ਫ਼ਿਕਰਮੰਦੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ | ਸਿੰਗਲਾ ਨੇ ਦਸਿਆ ਕਿ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤਕ ਰਹੇਗਾ ਅਤੇ ਸਿਰਫ਼ ਪੰਜਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੀ ਸਕੂਲਾਂ ਵਿਚ ਆ ਕੇ ਕਲਾਸਾਂ ਲਾਉਣ ਦੀ ਆਗਿਆ ਦਿਤੀ ਜਾਵੇਗੀ | ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਪਣੀ ਸਹਿਮਤੀ ਦਿੰਦੇ ਹੋਏ ਸਿਖਿਆ ਵਿਭਾਗ ਨੂੰ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿਤੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਾਰੇ ਸਕੂਲ ਪ੍ਰਬੰਧਕਾਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ |
ਤਾਂ ਜੋ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਖ਼ਤਰੇ ਨੂੰ ਰੋਕਿਆ ਜਾ ਸਕਦਾ ਹੈ |
ਕੈਬਨਿਟ ਮੰਤਰੀ ਨੇ ਦਸਿਆ ਕਿ ਸਿਖਿਆ ਵਿਭਾਗ ਨੇ ਸਕੂਲਾਂ ਦੇ ਮੁਖੀਆਂ ਤੋਂ ਪ੍ਰਤੀਕਰਮ ਲਏ ਸੀ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਮੁਖੀਆਂ ਨੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆਵਾਂ ਲਈ ਅੰਤਮ ਸਮੀਖਿਆ ਤੋਂ ਪਹਿਲਾਂ ਮੁੜ ਸਕੂਲ ਖੋਲਣ ਦੀ ਬੇਨਤੀ ਕੀਤੀ ਸੀ |
image