
ਕਾਲੇ ਕਾਨੂੰਨ ਦੇ ਗੰੁਮਰਾਹ ਕਰਨ ਕਾਰਨ ਕੈਪਟਨ ਅਮਰਿੰਦਰ ਸਿੰਘ ਅਸਤੀਫ਼ਾ ਦੇਣ : ‘ਆਪ’
ਚੰਡੀਗੜ੍ਹ, 6 ਜਨਵਰੀ (ਸੁਰਜੀਤ ਸਿੰਘ ਸੱਤੀ): ਪੰਜਾਬ ਸਰਕਾਰ ਵਲੋਂ ਖੇਤੀ ਬਾਰੇ ਕੇਂਦਰੀ ਕਾਲੇ ਕਾਨੂੰਨ ਸੂਬੇ ਵਿਚ ਲਾਗੂ ਕਰ ਕੇ ਅਤੇ ਉਸ ਤੋਂ ਬਾਅਦ ਕਿਸਾਨਾਂ ਨੂੰ ਇਸ ਸਬੰਧੀ ਕਥਿਤ ਤੌਰ ’ਤੇ ਗੁੰਮਰਾਹ ਕਰਨ ਲਈ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਅੱਜ ਪਾਰਟੀ ਦੇ ਸੀਨੀਅਰ ਆਗੂ ਅਤੇ ‘ਆਪ’ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਇਥੇ ਪ੍ਰੈੱਸ ਕਾਨਫ਼ਰੰਸ ’ਚ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੁਬਾਰਾ ਪੱਤਰਕਾਰਾਂ ਸਾਹਮਣੇ ਇਹ ਕਬੂਲ ਕਰ ਲੈਣ ਕਿ ਪੰਜਾਬ ਵਿਚ ਕੇਂਦਰ ਦੇ ਤਿੰਨੇ ਖੇਤੀ ਕਾਨੂੰਨ ਲਾਗੂ ਹਨ ਅਤੇ ਇਸ ਸੀਜ਼ਨ ਵਿਚ ਝੋਨੇ ਦੀ ਖ਼ਰੀਦ ਇਨ੍ਹਾਂ ਕਾਨੂੰਨਾਂ ਦੇ ਅੰਤਰਗਤ ਹੀ ਕੀਤੀ ਗਈ ਹੈ ਅਤੇ ਉਹ ਬਾਹਰਲੇ ਸੂਬਿਆਂ ਤੋਂ ਆ ਰਹੇ ਝੋਨੇ ਨੂੰ ਪੰਜਾਬ ਵਿਚ ਵੇਚਣ ਤੋਂ ਇਸ ਲਈ ਨਹੀਂ ਰੋਕ ਸਕੇ ਕਿਉਂਕਿ ਕੇਂਦਰੀ ਕਾਨੂੰਨ ਇਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਦੇ ਹਨ ਨਾਲ ਇਹ ਸਿੱਧ ਹੋ ਜਾਂਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਤਕ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਝੂਠ ਹੀ ਬੋਲ ਰਹੇ ਸਨ।
‘ਆਪ’ ਆਗੂਆਂ ਨੇ ਕਿਹਾ ਕਿ ਆਸ਼ੂ ਨੇ ਇਹ ਵੀ ਮੰਨਿਆ ਹੈ ਕਿ ਆਉਂਦੇ ਸੀਜ਼ਨ ਵਿਚ ਕਣਕ ਦੀ ਫ਼ਸਲ ਦੀ ਖ਼ਰੀਦ ਵੀ ਇਨ੍ਹਾਂ ਕੇਂਦਰੀ ਕਾਨੂੰਨਾਂ ਦੇ ਅਧੀਨ ਹੀ ਕੀਤੀ ਜਾਵੇਗੀ। ਅਸਲ ਵਿਚ ਕੈਪਟਨ ਅਮਰਿੰਦਰ ਸਿੰਘ ਅਪਣੇ ਪੁੱਤਰ ਰਣਇੰਦਰ ਸਿੰਘ ਨੂੰ ਈਡੀ ਦੇ ਕੇਸਾਂ ਤੋਂ ਬਚਾਉਣ ਲਈ ਮੋਦੀ ਅਤੇ ਅਮਿਤ ਸ਼ਾਹ ਦੇ ਇਸ਼ਾਰਿਆਂ ਉਤੇ ਕਾਰਜ ਕਰ ਰਹੇ ਹਨ। ਇਸੇ ਦੇ ਤਹਿਤ ਹੀ ਕੈਪਟਨ ਅਮਰਿੰਦਰ ਸਿੰਘ ਅਮਿਤ ਸ਼ਾਹ ਨੂੰ ਦਿੱਲੀ ਵਿਖੇ ਮਿਲਣ ਗਏ ਸਨ ਅਤੇ ਉਨ੍ਹਾਂ ਨੇ ਕਿਸਾਨਾਂ ਨਾਲ ਸਬੰਧਤ ਕਿਸੇ ਮੁੱਦੇ ਨੂੰ ਵੀ ਨਹੀਂ ਚੁੱਕਿਆ ਸਗੋਂ ਅਪਣੇ ਪਰਵਾਰ ਨੂੰ ਤਰਜੀਹ ਦਿੰਦੇ ਹੋਏ ਪੰਜਾਬ ਦੇ ਲੋਕਾਂ ਨੂੰ ਅਣਗੌਲਿਆਂ ਕੀਤਾ। ਇਕ ਪਾਸੇ ਤਾਂ ਕਿਸਾਨ ਅਪਣੀ ਹੋਂਦ ਨੂੰ ਬਚਾਉਣ ਲਈ ਕੜਾਕੇ ਦੀ ਠੰਢ ਵਿਚ ਅੰਦੋਲਨ ਕਰ ਰਹੇ ਦੂਜੇ ਪਾਸੇ ਖੇਤੀ ਪ੍ਰਧਾਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਨਿੱਜੀ ਸੁਆਰਥਾਂ ਦੀ ਪੂਰਤੀ ਲਈ ਕਿਸਾਨਾਂ ਨਾਲ ਗਦਾਰੀ ਕਰ ਰਹੇ ਹਨ।
ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਡਰਾਮੇਬਾਜ਼ੀ ਕਰਦੇ ਹੋਏ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਕੇ ਇਹ ਕਾਨੂੰਨ ਰੱਦ ਕਰਦੇ ਹੋਏ ਨਵੇਂ ਖੇਤੀ ਕਾਨੂੰਨ ਸੂਬੇ ਵਿਚ ਲਾਗੂ ਨਾ ਕਰਨ ਦਾ ਦਾਅਵਾ ਕੀਤਾ ਸੀ ਪ੍ਰੰਤੂ ਉਸ ਤੋਂ ਬਾਅਦ ਨਾ ਤਾਂ ਵਿਧਾਨ ਸਭਾ ਦੀ ਕਾਰਵਾਈ ਨੂੰ ਰਾਸਟਰਪਤੀ ਤੱਕ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਐਡਵੋਕੇਟ ਜਨਰਲ ਨੇ ਇਸ ਨੂੰ ਆਧਾਰ ਬਣਾ ਕੇ ਅਦਾਲਤ ਵਿਚ ਕੋਈ ਚਾਰਾਜੋਈ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਫ਼ੋਟੋ ਵਾਲੇ “ਸਰਕਾਰ ਕਿਸਾਨਾਂ ਨਾਲ’’ ਹੋਰਡਿੰਗ ਬੋਰਡ ਸੂਬਾ ਭਰ ਵਿਚ ਲਗਾਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕੀਤਾ ਸੀ।