
ਬਾਹਰੋਂ ਆਈ ਫ਼ਸਲ ਸੂਬੇ ਦੀਆਂ ਮੰਡੀਆਂ ਵਿਚ ਨਹੀਂ ਵਿਕਣ ਦਿਤੀ ਜਾਵੇਗੀ: ਲਾਲ ਸਿੰਘ
ਚੰਡੀਗੜ੍ਹ, 6 ਜਨਵਰੀ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਸਾਬਕਾ ਵਿਤ ਮੰਤਰੀ ਪੰਜਾਬ ਸ. ਲਾਲ ਸਿੰਘ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਮੰਡੀ ਬੋਰਡ ਨੇ ਨਾ ਤਾਂ ਝੋਨੇ ਦੇ ਸੀਜਨ ਦੌਰਾਨ ਦੂਸਰੇ ਸੂਬਿਆਂ ਵਿੱਚੋਂ ਪੰਜਾਬ ਆਉਣ ਵਾਲੇ ਝੋਨੇ ਨੂੰ ਸੂਬੇ ਦੀਆਂ ਮੰਡੀਆਂ ਵਿੱਚ ਵਿਕਣ ਦਿੱਤਾ ਸੀ ਅਤੇ ਨਾ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਭਵਿੱਖ ਵਿੱਚ ਅਜਿਹਾ ਹੋਣ ਦੇਵੇਗਾ |
ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਨਾਲ ਇਕਜੁੱਟ ਹੋ ਕੇ ਕੇਂਦਰ ਵਿਰੁਧ ਕਿਸਾਨਾਂ ਦੇ ਹੱਕ ਵਿਚ ਮੁਹਿੰਮ ਚਲਾਉਣ ਦੀ ਜਗ੍ਹਾ ਵਾਰ-ਵਾਰ ਕਿਸਾਨਾਂ ਨੂੰ ਗੁੰਮਰਾਹ ਕੀਤੇ ਜਾਣ ਦੀਆਂ ਕੋਸ਼ਿਸ਼ਾਂ ਤੇ ਤਿੱਖੀ ਟਿੱਪਣੀ ਕਰਦਿਆਂ ਸ. ਲਾਲ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਹੱਕਾਂ ਵਿਚ ਪਹਿਰਾ ਦਿੰਦੀ ਰਹੀ ਹੈ ਅਤੇ ਕਿਸੇ ਵੀ ਸੂਰਤ ਵਿਚ ਮੋਦੀ ਸਰਕਾਰ ਵਲੋਂ ਲਿਆਂਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਪੰਜਾਬ ਵਿਚ ਲਾਗੂ ਨਹੀਂ ਹੋਣ ਦੇਵੇਗੀ |
ਸ. ਲਾਲ ਸਿੰਘ ਨੇ ਕਿਹਾ ਕਿ ਅਸੀ ਸਾਰੇ ਜਾਣਦੇ ਹਾਂ ਕਿ ਪੰਜਾਬ ਦਾ ਕੋਈ ਵੀ ਸਿਆਸੀ ਆਗੂ ਭਾਵੇਂ ਉਹ ਕਿਸੇ ਵੀ ਪਾਰਟੀ ਦਾ ਹੋਵੇ ਕਿਸਾਨ ਤੇ ਮਜ਼ਦੂਰ ਵਿਰੁਧ ਸੁਪਨੇ ਵਿਚ ਵੀ ਨਹੀਂ ਸੋਚ ਸਕਦਾ ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਅਸੀ ਅਪਣੀਆਂ ਸਿਆਸੀ ਗਿਣਤੀਆਂ ਮਿਣਤੀਆਂ ਨੂੰ ਇਕ ਪਾਸੇ ਰੱਖ ਕੇ ਇਸ ਵੇਲੇ ਇੰਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਦਿਸ਼ਾ ਵਿਚ ਕੰਮ ਕਰੀਏ ਅਤੇ ਅਜਿਹਾ ਹੋਣ ਤਕ ਆਪਸੀ ਤਕਰਾਰ ਨੂੰ ਲਗਾਮ ਲਗਾ ਦੇਈਏ |
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਮਝਦਾਰ ਹਨ ਅਤੇ ਇਸ ਮੁੱਦੇ ਉਤੇ ਵੀ ਜੇਕਰ ਕੋਈ ਸਿਆਸਤ ਖੇਡੇਗਾ ਤਾਂ ਉਸ ਨੂੰ ਮੁੱਢੋਂ ਨਕਾਰ ਦਿਤਾ ਜਾਵੇਗਾ |