
ਕਿਸਾਨ ਅੰਦੋਲਨ ਦਾ ਦਾਇਰਾ ਸੀਮਤ ਖੇਤਰ ਵਿਚ : ਤੋਮਰ
ਗਵਾਲੀਅਰ, 7 ਫ਼ਰਵਰੀ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੇਤਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਦੇ ਤਿੰਨ ਨਵੇਂ ਕਾਨੂੰਨਾਂ ਵਿਰੁਧ ਚੱਲ ਰਹੇ ਕਿਸਾਨ ਅੰਦੋਲਨ ਦਾ ਦਾਇਰਾ ਸੀਮਤ ਖੇਤਰ ’ਚ ਹੈ ਅਤੇ ਮੰਤਰੀ ਨੇ ਉਮੀਦ ਜਤਾਈ ਕਿ ਇਸ ਮੁਸ਼ਕਲ ਦਾ ਜਲਦੀ ਹੀ ਹੱਲ ਕੱਢ ਲਿਆ ਜਾਵੇਗਾ। ਮੱਧ ਪ੍ਰਦੇਸ਼ ਦੇ ਗਵਾਲੀਅਰ ਸ਼ਹਿਰ ’ਚ ਪ੍ਰੈਸ ਨਾਲ ਗੱਲਬਾਤ ਦੌਰਾਨ ਤੋਮਰ ਨੇ ਵਿਰੋਧੀ ਕਾਂਗਰਸ ’ਤੇ ਕਿਸਾਨ ਅੰਦੋਲਨ ਨੂੰ ਲੈ ਕੇ ਰਾਜਨੀਤੀ ਕਰਨ ਦਾ ਵੀ ਦੋਸ਼ ਲਗਾਇਆ। ਤੋਮਰ ਨੇ ਕਿਹਾ, ‘‘ਦੇਸ਼ ’ਚ ਕਿਸਾਨਾਂ ਅੰਦੋਲਨ ਦਾ ਦਾਇਰਾ ਸੀਮਤ ਖੇਤਰ ’ਚ ਹੈ। ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤੈਆਰ ਹੈ। ਮੈਨੂੰ ਉਮੀਦ ਹੈ ਕਿ ਇਸ ਮੁਸ਼ਕਲ ਦਾ ਜਲਦ ਹੀ ਹੱਲ ਕੱਢ ਲਿਆ ਜਾਵੇਗਾ।’’ ਕਾਂਗਰਸ ਵਲੋਂ ਕਿਸਾਨ ਅੰਦੋਲਨ ਦਾ ਸਮਰਥਨ ਦੇਣ ਅਤੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਕਿਸਾਨਾਂ ਦੇ ਮੁੱਦਿਆਂ ’ਤੇ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ।
ਤੋਮਰ ਨੇ ਕਿਹਾ, ‘‘ਜਦੋਂ ਕਾਂਗਰਸ ਸੱਤਾ ’ਚ ਸੀ, ਤਾਂ ਉਸਨੇ ਕਿਸਾਨਾਂ ਲਈ ਕੁੱਝ ਵੀ ਨਹੀਂ ਕੀਤਾ। 2019 ’ਚ ਹੋਈਆਂ ਲੋਕਸਭਾ ਚੋਣਾਂ ਦੇ ਮੈਨੀਫੈਸਟੋ ’ਚ ਵੀ ਕਾਂਗਰਸ ਨੇ ਸਾਫ਼ ਜ਼ਿਕਰ ਕੀਤਾ ਸੀ ਕਿ ਜੇਕਰ ਉਹ ਸੱਤਾ ਵਿਚ ਆਏਗੀ ਤਾਂ ਖੇਤੀ ਸੁਧਾਰ ਕਰੇਗੀ। ਹੁਣ ਕਾਂਗਰਸ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੀ ਹੈ।’’
ਖੇਤੀ ਮੰਤਰੀ ਨੇ ਦੋਸ਼ ਲਗਾਇਆ ਕਿ ਕਾਂਗਰਸ ਕਿਸਾਨਾਂ ਨੂੰ ਬਰਗਲਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, ‘‘ਕਾਂਗਰਸ ਕਿਸਾਨਾਂ ਦੇ ਨਾਂ ’ਤੇ ਰਾਜਨੀਤੀ ਕਰਨ ’ਚ ਸਫ਼ਲ ਨਹੀਂ ਹਵੇਗੀ।’’(ਪੀਟੀਆਈ)