
ਦੋ ਪ੍ਰਮੁੱਖ ਕਿਸਾਨ ਆਗੂ ਸੁਰਜੀਤ ਫੂਲ ਤੇ ਹਰਪਾਲ ਸੰਘਾ ਕਿਸਾਨ ਮੋਰਚੇ ਵਿਚੋਂ ਮੁਅੱਤਲ
ਚੰਡੀਗੜ੍ਹ, 6 ਫ਼ਰਵਰੀ (ਗੁਰਉਪਦੇਸ਼ ਭੁੱਲਰ) : ਕੇਂਦਰੀ ਖੇਤੀ ਕਾਨੂੰਨਾਂ ਵਿਰੁਧ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਦੇ ਘਟਨਾਕ੍ਰਮ ਦੇ ਸੰਦਰਭ ਵਿਚ ਮੋਰਚੇ ਦੇ ਨਿਯਮਾਂ ਨੂੰ ਤੋੜਨ ਦੇ ਦੋਸ਼ਾਂ ਵਿਚ 32 ਕਿਸਾਨ ਜਥੇਬੰਦੀਆਂ ਵਿਚ ਸ਼ਾਮਲ ਪੰਜਾਬ ਦੀਆਂ ਦੋ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਅਤੇ ਆਜ਼ਾਦ ਕਿਸਾਨ ਕਮੇਟੀ ਦੋਆਬਾ ਦੇ 2 ਪ੍ਰਮੁੱਖ ਆਗੂਆਂ ਵਿਰੁਧ ਵੱਡੀ ਕਾਰਵਾਈ ਕੀਤੀ ਗਈ ਹੈ | ਮੋਰਚੇ ਦੇ ਸੀਨੀਅਰ ਮੈਂਬਰ ਡਾ. ਦਰਸ਼ਨਪਾਲ ਨੇ ਦਸਿਆ ਕਿ ਇਹ ਫ਼ੈਸਲਾ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿਚ ਲਿਆ ਗਿਆ ਸੀ |
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪ੍ਰਧਾਨ ਸੁਰਜੀਤ ਫੂਲ ਅਤੇ ਕਿਸਾਨ ਕਮੇਟੀ ਦੋਆਬਾ ਦੇ ਪ੍ਰਧਾਨ ਹਰਪਾਲ ਸੰਘਾ ਨੂੰ ਮੋਰਚੇ ਵਿਚੋਂ ਮੁਅੱਤਲ ਕੀਤਾ ਗਿਆ ਹੈ | ਇਹ ਕਾਰਵਾਈ ਮੋਰਚੇ ਦੇ ਫ਼ੈਸਲੇ ਦੇ ਉਲਟ ਜਾ ਕੇ 26 ਜਨਵਰੀ ਨੂੰ ਦਿੱਲੀ ਦੀ ਆਊਟਰ ਰਿੰਗ ਰੋਡ 'ਤੇ ਜਾਣ ਕਾਰਨ ਕੀਤੀ ਗਈ ਹੈ | ਇਨ੍ਹਾਂ ਆਗੂਆਂ 'ਤੇ ਸਾਹਮਣੇ ਆਏ ਦੋਸ਼ਾਂ ਦੀ ਜਾਂਚ ਲਈ ਕਮੇਟੀ ਬਣਾਈ ਗਈ ਹੇੈ ਤੇ ਉਨ੍ਹਾਂ ਦਾ ਪੱਖ ਸੁਣਨ ਬਾਅਦ ਅਗਲੀ ਕਾਰਵਾਈ ਹੋਵੇਗੀ | ਫ਼ਿਲਹਾਲ ਇਹ ਦੋਵੇਂ ਆਗੂ ਮੋਰਚੇ ਵਿਚੋਂ ਬਾਹਰ ਰਹਿਣਗੇ ਤੇ ਇਨ੍ਹਾਂ ਦੇ ਮੋਰਚੇ ਵਿਚ ਸ਼ਾਮਲ ਹੋਣ 'ਤੇ ਰੋਕ ਰਹੇਗੀ |
image