
ਸੰਸਦ 'ਚ ਕਿਸਾਨਾਂ ਦੇ ਹੱਕ 'ਚ ਬੋਲੇ MP ਧਰਮਵੀਰ ਗਾਂਧੀ
Dharamvira Gandhi: ਲੋਕ ਸਭਾ ਵਿਚ ਅੱਜ ਪਟਿਆਲਾ ਦੇ ਸੰਸਦ ਮੈਂਬਰ ਧਰਮਵੀਰ ਗਾਂਧੀ ਗਰਜੇ। ਉਨ੍ਹਾਂ ਦੇ ਵਲੋਂ ਕਿਸਾਨਾਂ ਦੇ ਹੱਕ ਵਿਚ ਬੋਲਦਿਆਂ ਹੋਇਆ ਕਿਹਾ ਕਿ, ਇਸ ਵਾਰ ਦੇ ਬਜਟ ਵਿਚ ਕਿਸਾਨਾਂ ਦੇ ਲਈ ਕੁਝ ਨਹੀਂ ਹੈ। ਹਰ ਸਾਲ ਦੇਸ਼ ਦੇ ਹਜ਼ਾਰਾਂ ਕਿਸਾਨ ਖੁਦਕੁਸ਼ੀਆਂ ਕਰਦੇ ਹਨ, ਪਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਵੱਲ ਸਰਕਾਰ ਧਿਆਨ ਨਹੀਂ ਦੇ ਰਹੀ ਅਤੇ ਸਰਕਾਰ ਕਿਸਾਨਾਂ ਦੇ ਖ਼ਿਲਾਫ਼ ਲਗਾਤਾਰ ਨੀਤੀਆਂ ਬਣਾ ਕੇ ਉਨ੍ਹਾਂ ਨੂੰ ਕਰਜ਼ੇ ਵਿਚ ਡੋਬ ਰਹੀ ਹੈ। ਖੇਤੀ ਸੈਕਟਰ ਨੂੰ ਛੱਡ ਕੇ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਜਟ ਬਣਾਉਣ ਸਮੇਂ ਰਾਜਾਂ ਨਾਲ ਕੇਂਦਰ ਸਰਕਾਰ ਚਰਚਾ ਨਹੀਂ ਕਰਦੀ, ਇਹ ਆਮ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ।
ਗਾਂਧੀ ਨੇ ਦੋਸ਼ ਲਾਇਆ ਕਿ ਬਜਟ ਕਮਰਿਆਂ ਵਿਚ ਬੈਠ ਕੇ ਬਣਾਏ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਬਜਟ ਨੂੰ ਇਸ ਤਰ੍ਹਾਂ ਤਿਆਰ ਕੀਤਾ ਜਾਵੇ ਕਿ ਸਾਰੇ ਲੋਕਾਂ ਨੂੰ ਰਾਹਤ ਮਿਲ ਸਕੇ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਐਮ ਐਸ ਐਮ ਈ ਸੈਕਟਰ ਲਈ ਕੰਮ ਨਹੀਂ ਕੀਤਾ, ਜਿਸ ਕਾਰਨ ਬੇਰੁਜ਼ਗਾਰੀ ਵਧੀ ਹੈ। ਆਪਣੇ ਦੇਸ਼ ਦੇ ਅੰਦਰ ਰੁਜ਼ਗਾਰ ਨਾ ਮਿਲਣ ਦੇ ਕਾਰਨ ਨੌਜਵਾਨ ਵਿਦੇਸ਼ਾਂ ਵੱਲ ਨੂੰ ਕੂਚ ਕਰ ਰਹੇ ਹਨ। ਸਰਕਾਰ ਆਪਣੇ ਕੀਤੇ ਵਾਅਦਿਆਂ ਤੇ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਅਤੇ ਨੌਜਵਾਨਾਂ ਦੇ ਵਿਰੋਧ ਵਿਚ ਨੀਤੀਆਂ ਬਣਾ ਕੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ।