
ਮੋਗਾ ਵਿਚ ਰਾਹੁਲ ਗਾਂਧੀ ਦੀ ਜਨਤਕ ਰੈਲੀ ਅੱਜ, ਭਾਰੀ ਗਿਣਤੀ ਵਿਚ ਪੁਲਿਸ ਤਾਇਨਾਤ...
ਮੋਗਾ : ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਅੱਜ ਮੋਗਾ ’ਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਪਾਰਟੀ ਵੱਲੋਂ ਮੋਗਾ ਜ਼ਿਲ੍ਹੇ ਦੇ ਕਿੱਲੀ ਚਾਹਲ ਪਿੰਡ ਵਿਖੇ ‘ਜੈ ਜਵਾਨ, ਜੈ ਕਿਸਾਨ’ ਰੈਲੀ ਰੱਖੀ ਗਈ ਹੈ। ਇਸ ਹਾਈ ਪ੍ਰੋਫ਼ਾਈਲ ਰੈਲੀ ਕਾਰਨ ਸੁਰੱਖਿਆ ਪ੍ਰਬੰਧ ਬਹੁਤ ਜ਼ਿਆਦਾ ਸਖ਼ਤ ਰੱਖੇ ਗਏ ਹਨ। ਇਹ ਸਾਰਾ ਇਲਾਕਾ ਪੁਲਿਸ ਛਾਉਣੀ ਵਿਚ ਤਬਦੀਲ ਹੋਇਆ ਜਾਪ ਰਿਹਾ ਹੈ। ਪੰਜਾਬ ਦੇ ਲਗਭਗ ਸਾਰੇ ਹੀ ਜ਼ਿਲ੍ਹਿਆਂ ਦੀ ਪੁਲਿਸ ਦੇ 10,000 ਤੋਂ ਵੱਧ ਜਵਾਨ ਇੱਥੇ ਤਾਇਨਾਤ ਕੀਤੇ ਗਏ ਹਨ। ਇਸ ਰੈਲੀ ਉੱਤੇ ਅੱਜ ਵਿਰੋਧੀਆਂ ਸਮੇਤ ਸਮੂਹ ਜਨਤਾ ਦੀ ਵੀ ਪੂਰੀ ਨਜ਼ਰ ਰਹੇਗੀ।
Punjab Police
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਾਰੇ ਆਪਣੇ ਟਵਿਟਰ ਅਕਾਊਂਟ ‘ਤੇ ਆਪਣੇ ਇਕ ਵੀਡੀਓ ਸੰਦੇਸ਼ ਵਿਚ ਕਿਹਾ ਹੈ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਉਹ ਅੱਜ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ ਕਰਜ਼ਾ ਮੁਆਫ਼ੀ ਦੇ ਚੌਥੇ ਗੇੜ ਦੀ ਸ਼ੁਰੂਆਤ ਕਰਨਗੇ। ਮੁੱਖ ਮੰਤਰੀ ਨੇ ਸਭ ਨੂੰ ਮੋਗਾ ਦੀ ਇਸ ਰੈਲੀ ਵਿਚ ਅੱਪੜਨ ਦਾ ਖੁੱਲ੍ਹਾ ਸੱਦਾ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਕਰਜ਼ਾ ਮੁਆਫ਼ੀ ਮੁਹਿੰਮ ਨੂੰ ਭਰਪੂਰ ਹੁੰਗਾਰਾ ਮਿਲਿਆ ਹੈ ਤੇ ਇਸ ਨਾਲ ਪੰਜਾਬ ਦੀ ਖੇਤੀਬਾੜੀ ਨੂੰ ਇੱਕ ਵਾਰ ਫਿਰ ਨਵਾਂ ਹੁਲਾਰਾ ਦੇਣ ਵਿੱਚ ਮਦਦ ਮਿਲੇਗੀ।
Captain Amarinder Singh & Rahul Gandhi
ਹੁਣ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਆਮ ਚੋਣਾਂ ਹੋਣ ਵਾਲੀਆਂ ਹਨ ਤੇ ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਦੀ ਇਹ ਰੈਲੀ ਉਨ੍ਹਾਂ ਚੋਣਾਂ ਦੀਆਂ ਤਿਆਰੀਆਂ ਦਾ ਹੀ ਹਿੱਸਾ ਹੈ। ਕੁਝ ਮੀਡੀਆ ਰਿਪੋਰਟਾਂ ਮੁਤਾਬਕ ਅੱਜ ਦੀ ਰੈਲੀ ਲਈ ਕਿਸਾਨਾਂ ਤੋਂ 115 ਏਕੜ ਜ਼ਮੀਨ ਲਈ ਗਈ ਹੈ ਤੇ ਉਸ ਲਈ ਉਨ੍ਹਾਂ ਨੂੰ 40,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਅਦਾਇਗੀ ਕੀਤੀ ਜਾਵੇਗੀ। ਰੈਲੀ ਵਾਲੀ ਥਾਂ ਦੇ ਨਾਲ ਹੀ ਹੈਲੀਪੈਡ ਵੀ ਬਣਾਏ ਗਏ ਹਨ।
Congress
ਮੋਗਾ–ਲੁਧਿਆਣਾ ਰਾਸ਼ਟਰੀ ਰਾਜਮਾਰਗ ਉੱਤੇ ਅੱਜ ਆਵਾਜਾਈ ਦੀਆਂ ਕਾਫ਼ੀ ਪਾਬੰਦੀਆਂ ਰਹਿਣਗੀਆਂ ਤੇ ਵਾਹਨਾਂ ਦੀ ਪਾਰਕਿੰਗ ਵਾਸਤੇ 10 ਸਥਾਨ ਮੁਕੱਰਰ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤ ਦਾ ਸਾਹਮਣਾ ਕਰਨ ਲਈ ਡਾਕਟਰਾਂ ਤੇ ਹੋਰ ਸਿਹਤ ਮੁਲਾਜ਼ਮਾਂ ਦੀਆਂ 30 ਟੀਮਾਂ ਪੂਰੀ ਤਰ੍ਹਾਂ ਤਿਆਰ ਰਹਿਣਗੀਆਂ।