
Punjab News : ਯੂਨੀਅਨ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਜਲਦ ਕੀਤਾ ਜਾਵੇਗਾ ਹੱਲ - ਕੈਬਿਨੇਟ ਮੰਤਰੀ ਡਾਕਟਰ ਰਵਜੋਤ ਸਿੰਘ
Punjab News in Punjabi : ਫ਼ਾਇਰ ਬ੍ਰਿਗੇਡ ਆਊਟ ਸੋਰਸ ਕਰਮਚਾਰੀ ਯੂਨੀਅਨ ਪੰਜਾਬ ਨੇ ਮਿਊਨਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਰਵਜੋਤ ਸਿੰਘ ਨੂੰ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਸੌਂਪਿਆ। ਕੰਪਲੈਕਸ ਦੀ ਮੀਟਿੰਗ ਹਾਲ ਵਿਖੇ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਸਥਾਰ ਦੇ ਨਾਲ ਚਰਚਾ ਕੀਤੀ ਗਈ। ਇਸ ਮੌਕੇ ਉਹਨਾਂ ਦੇ ਨਾਲ ਅਡੀਸ਼ਨਲ ਚੀਫ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਤੇਜਵੀਰ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਯੂਨੀਅਨ ਦੇ ਆਗੂਆਂ ਦੀਆਂ ਮੰਗਾਂ ਨੂੰ ਸੁਣਨ ਉਪਰੰਤ ਕੈਬਿਨੇਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਕਿਹਾ ਕਿ ਯੂਨੀਅਨ ਦੀਆਂ ਸਾਰੀਆਂ ਮੰਗਾਂ ਵੱਲ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ। ਉਹਨਾਂ ਨੇ ਕਿਹਾ ਕਿ ਯੂਨੀਅਨ ਵੱਲੋਂ ਰੱਖੀਆਂ ਗਈਆਂ ਮੰਗਾਂ ਦੇ ਵਿੱਚ ਫਾਇਰ ਬ੍ਰਿਗੇਡਾਂ ਵਿੱਚ ਲੰਬੇ ਸਮੇਂ ਤੋਂ ਕੰਮ ਕਰਦੇ ਡਰਾਈਵਰ ਅਤੇ ਫਾਇਰਮੈਨ ਬਿਨਾਂ ਸ਼ਰਤ ਤੋਂ ਪੱਕੇ ਕਰਨ, ਮੁਲਾਜ਼ਮਾਂ ਦੀ ਤਨਖਾਹ ਵਧਾਉਣ, ਅਣਸੁਖਾਵੀ ਘਟਨਾ ਵਾਪਰਨ ਤੇ ਮੁਲਾਜ਼ਮਾਂ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਸਬੰਧੀ ਮੰਗਾਂ ਰੱਖੀਆਂ ਗਈਆਂ ਹਨ।
ਡਰਾਈਵਰ ਤੇ ਫ਼ਾਇਰਮੈਨ ਨੂੰ ਪੱਕੇ ਕਰਨ ਸਬੰਧੀ ਨਿਰਦੇਸ਼ ਦਿੰਦੇ ਹੋਏ ਉਹਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਜੋ ਪਹਿਲਾਂ ਪਾਲਸੀਆਂ ਬਣਾਈਆਂ ਗਈਆਂ ਹਨ ਉਹਨਾਂ ਤੇ ਮੁੜ ਤੋਂ ਵਿਚਾਰ ਕੀਤਾ ਜਾਵੇ। ਉਹਨੇ ਕਿਹਾ ਕਿ ਉਹ ਪੱਧਰ ਤੇ ਵੀ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ ਅਤੇ ਇਹਨਾਂ ਨੂੰ ਪੱਕਾ ਕਰਨ ਸੰਬੰਧੀ ਪੂਰੇ ਯਤਨ ਕੀਤੇ ਜਾਣਗੇ। ਉਹਨਾਂ ਨੇ ਕਿਹਾ ਕਿ ਯੂਨੀਅਨ ਵੱਲੋਂ ਬਾਕੀ ਕਰਮਚਾਰੀਆਂ ਤੋਂ ਤਨਖਾਹ ਘੱਟ ਮਿਲਣ ਸਬੰਧੀ ਜਿਲੇ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਮੁਲਾਜ਼ਮਾਂ ਨੂੰ ਇਸ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪੱਧਰ ’ਤੇ ਇਸ ਦੀ ਪੜਤਾਲ ਕਰਕੇ ਠੀਕ ਕਰਨ।
ਉਹਨਾਂ ਨੇ ਕਿਹਾ ਕਿ ਯੂਨੀਅਨ ਦੀਆਂ ਸਾਰੀਆਂ ਮੰਗਾਂ ਤੇ ਵਿਸਥਾਰ ਦੇ ਨਾਲ ਕੰਮ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ। ਇਹਨਾਂ ਵਿੱਚੋਂ ਸਾਰੀਆਂ ਜਾਇਜ਼ ਮੰਗਾਂ ਦਾ ਬਹੁਤ ਜਲਦ ਹੱਲ ਕਰ ਦਿੱਤਾ ਜਾਵੇਗਾ। ਇਸ ਮੌਕੇ ਤੇ ਯੂਨੀਅਨ ਵੱਲੋਂ ਅਮਨ ਜੋਤ ਸਿੰਘ ਅਤੇ ਸਾਹਿਬ ਸਿੰਘ ਤੋਂ ਇਲਾਵਾ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।
(For more news apart from Fire Brigade Outsource Union submits memorandum to Local Government Minister Dr. Ravjot Singh News in Punjabi, stay tuned to Rozana Spokesman)