
ਸ਼੍ਰੋਮਣੀ ਕਮੇਟੀ ਨੇ ਆਲਮਗੀਰ ਵਿਖੇ 25 ਬੈੱਡਾਂ ਦਾ ਕੋਰੋਨਾ ਹਸਪਤਾਲ ਖੋਲ੍ਹਿਆ
ਲੁਧਿਆਣਾ, 6 ਮਈ (ਪ੍ਰਮੋਦ ਕੌਸ਼ਲ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ 25 ਬੈੱਡਾਂ ਦੇ ਕੋਰੋਨਾ ਕੇਅਰ ਸੈਂਟਰ ਦੀ ਸ਼ੁਰੂਆਤ ਕੀਤੀ ਜਿਥੇ ਕੋਰੋਨਾ ਮਰੀਜ਼ਾਂ ਦੀ ਮੁਫ਼ਤ ਸਿਹਤ ਸੰਭਾਲ ਕੀਤੀ ਜਾਵੇਗੀ। ਇਸ ਸਹੂਲਤ ਦਾ ਉਦਘਾਟਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਸਿਆ ਕਿ ਹਸਪਤਾਲ ਮਰੀਜ਼ਾਂ ਨੂੰ ਮੁਫ਼ਤ ਆਕਸੀਜ਼ਨ ਤੇ ਦਵਾਈਆਂ ਪ੍ਰਦਾਨ ਕਰੇਗਾ ਤੇ ਇਸ ਦਾ ਪ੍ਰਬੰਧ ਗੁਰੂ ਰਾਮ ਦਾਸ ਮੈਡੀਕਲ ਕਾਲਜ ਤੇ ਹਸਪਤਾਲ ਸ੍ਰੀ ਅੰਮਿ੍ਰਤਸਰ ਸਾਹਿਬ ਦਾ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਸੰਭਾਲੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਕੋਰੋਨਾ ਕੇਅਰ ਸੈਂਟਰ ਦੇ ਨੇੜੇ ਇਕ ਪੂਰੀ ਤਰ੍ਹਾਂ ਲੈਸ ਐਂਬੂਲੈਂਸ ਵੀ ਤਾਇਨਾਤ ਕੀਤੀ ਜਾਵੇਗੀ ਤਾਂ ਜੋ ਮਰੀਜ਼ਾਂ ਤੇ ਉਨ੍ਹਾਂ ਦੇ ਪ੍ਰਵਾਰਕ ਮੈਂਬਰਾਂ ਨੂੰ ਲਿਆਂਦਾ ਜਾ ਸਕੇ ਤੇ ਲੋੜ ਪੈਣ ’ਤੇ ਉਨ੍ਹਾਂ ਨੂੰ ਨੇੜਲੇ ਸੁਪਰ ਸਪੈਸ਼ਲਟੀ ਹਸਪਤਾਲ ਵਿਚ ਤਬਦੀਲ ਕੀਤਾ ਜਾ ਸਕੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਕਮੇਟੀ ਨੂੰ ਪ੍ਰੇਰਿਤ ਕਰਨ ਦਾ ਸਿਹਰਾ ਦਿੰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਜਲਦੀ ਹੀ ਤਲਵੰਡੀ ਸਾਬੋ ਵਿਖੇ ਦਮਦਮਾ ਸਾਹਿਬ, ਭੁੱਲਥ ਅਤੇ ਪਟਿਆਲਾ ਵਿਖੇ ਵੀ ਅਜਿਹੀਆਂ ਸਹੂਲਤਾਂ ਜਲਦੀ ਹੀ ਸ਼ੁਰੂ ਕੀਤੀਆਂ ਜਾਣਗੀਆਂ ਜਿਨ੍ਹਾਂ ਵਾਸਤੇ ਆਕਸੀਜ਼ਨ ਕੰਸੈਂਟ੍ਰੇਟਰ ਦਰਾਮਦ ਕੀਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਨੂੰ ਮਨੁੱਖਤਾ ਦੀ ਮਦਦ ਵਾਸਤੇ ਨਿਤਰਣ ਲਈ ਵਧਾਈ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਸੀ ਤੇ ਸ਼੍ਰੋਮਣੀ ਕਮੇਟੀ ਨੇ ਇਹ ਸੇਵਾ ਕਰ ਕੇ ਮੌਕਾ ਸੰਭਾਲਿਆ ਹੈ। ਇਕ ਵੀਡੀਉ ਸੰਦੇਸ਼ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਿਆ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਦੁਨੀਆਂ ਦੇ ਵੱਖ ਵੱਖ ਮੁਲਕਾਂ ਤੋਂ ਸੈਂਕੜੇ ਆਕਸੀਜ਼ਨ ਕੰਸੈਂਟ੍ਰੇਟਰ ਦਰਾਮਦ ਕਰ ਰਹੀ ਹੈ ਤਾਂ ਜੋ ਇਸ ਸੰਕਟ ਦੀ ਘੜੀ ਵਿਚ ਪੰਜਾਬੀਆਂ ਦੀ ਜਾਨ ਬਚਾਈ ਜਾ ਸਕੇ।
ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਅਪਲ ਕੀਤੀ ਕਿ ਉਹ ਲੋਕਾਂ ਦੀ ਜਾਨ ਬਚਾਉਣ ਲਈ ਯਤਨ ਤੇਜ਼ ਕਰਨ ਅਤੇ 5000 ਆਕਸੀਜਨ ਕੰਸੈਂਟ੍ਰੇਟਰਾਂ ਦੇ ਨਾਲ ਨਾਲ 50 ਲੱਖ ਵੈਕਸੀਨਾਂ ਦਾ ਪ੍ਰਬੰਧ ਸੂਬੇ ਦੇ ਲੋਕਾਂ ਵਾਸਤੇ ਕਰਨ।