
ਇਸ ਵਰ੍ਹੇ 3 ਲੱਖ ਏਕੜ ਰਕਬੇ ਨੂੰ ਮੱਕੀ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ: ਗੁਰਮੀਤ ਸਿੰਘ ਖੁੱਡੀਆਂ
Punjab News in Punjabi : ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਥਾਂ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਸਤੇ ਉਤਸ਼ਾਹਿਤ ਕਰਨ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ। ਇਹ ਐਲਾਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸੀਜ਼ਨ ਵਿੱਚ ਤਿੰਨ ਲੱਖ ਏਕੜ ਰਕਬੇ ਨੂੰ ਮੱਕੀ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ ਹੈ। ਸ. ਖੁੱਡੀਆਂ ਨੇ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨਾਲ ਇੱਥੇ ਕਿਸਾਨ ਭਵਨ ਵਿਖੇ ਬੁਲਾਈ ਮੀਟਿੰਗ ਦੌਰਾਨ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ।
ਉਨ੍ਹਾਂ ਨੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਵਿੱਚ ਇੱਕ ਵਿਸ਼ਾਲ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਤਾਂ ਜੋ ਕਿਸਾਨਾਂ ਨੂੰ ਸਾਉਣੀ ਦੀ ਮੱਕੀ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਸ ਲਈ ਗੁਰਦਾਸਪੁਰ, ਪਠਾਨਕੋਟ, ਸੰਗਰੂਰ, ਕਪੂਰਥਲਾ, ਪਟਿਆਲਾ, ਜਲੰਧਰ ਅਤੇ ਬਠਿੰਡਾ ਜ਼ਿਲ੍ਹਿਆਂ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇ।
ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਖੇਤੀਬਾੜੀ ਅਧਿਕਾਰੀਆਂ ਨੂੰ ਕਿਸਾਨਾਂ ਦਰਮਿਆਨ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਤਕਨੀਕ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਨੇ ਉੱਚ-ਗੁਣਵੱਤਾ ਵਾਲੇ ਖੇਤੀਬਾੜੀ ਨਾਲ ਸਬੰਧਤ ਉਤਪਾਦਾਂ ਤੱਕ ਕਿਸਾਨਾਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਗੁਣਵੱਤਾ-ਨਿਯੰਤਰਣ ਉਪਾਵਾਂ ਨੂੰ ਤੇਜ਼ ਕਰਨ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ ਤਾਂ ਜੋ ਫਸਲ ਦੀ ਪੈਦਾਵਾਰ ਵਧ ਸਕੇ।
ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਵਿਭਾਗ ਨੇ ਗੁਣਵੱਤਾ ਨਿਯੰਤਰਣ ਲਈ ਮਹੱਤਵਪੂਰਨ ਟੀਚੇ ਮਿੱਥੇ ਹਨ, ਜਿਸ ਦਾ ਉਦੇਸ਼ ਚਾਲੂ ਵਿੱਤੀ ਸਾਲ ਦੌਰਾਨ ਕੀਟਨਾਸ਼ਕ ਦੇ 4,550 ਨਮੂਨੇ, ਬੀਜ ਦੇ 6,100 ਨਮੂਨੇ ਅਤੇ ਖਾਦ ਦੇ 5,200 ਨਮੂਨੇ ਇਕੱਤਰ ਕਰਨਾ ਹੈ। ਇਹ ਸਰਗਰਮ ਪਹੁੰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਿਸਾਨਾਂ ਲਈ ਪ੍ਰਮਾਣਿਕ ਅਤੇ ਮਿਆਰੀ ਖੇਤੀ-ਉਤਪਾਦ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
(For more news apart from A step towards crop diversification: 200 farmer friends will be appointed to boost kharif maize cultivation News in Punjabi, stay tuned to Rozana Spokesman)