
ਸਰਕਾਰੀ ਅਫ਼ਸਰਾਂ ਵਿਰੁਧ ਕੇਸ ਚਲਾਉਣ ਲਈ ਪਹਿਲਾਂ ਉਨ੍ਹਾਂ ਦੇ ਸਬੰਧਿਤ ਵਿਭਾਗਾਂ ਤੋਂ ਮਨਜ਼ੂਰੀ ਲੈਣ ਦੇ ਨਿਯਮ ਹਨ
ਫ਼ਰੀਦਕੋਟ: ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵਲੋਂ ਨਾਮਜ਼ਦ ਕੀਤੇ ਗਏ ਪੰਜ ਪੁਲਿਸ ਅਧਿਕਾਰੀਆਂ ਵਿਰੁਧ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿਤੀ ਹੈ। ਇਸ ਮਗਰੋਂ ਜਾਂਚ ਟੀਮ ਨੇ ਗ੍ਰਹਿ ਵਿਭਾਗ ਦਾ ਹੁਕਮ ਅਦਾਲਤ ਵਿਚ ਪੇਸ਼ ਕਰ ਦਿਤਾ ਹੈ। ਦੱਸਣਯੋਗ ਹੈ ਕਿ ਸਰਕਾਰੀ ਅਫ਼ਸਰਾਂ ਵਿਰੁਧ ਕੇਸ ਚਲਾਉਣ ਲਈ ਪਹਿਲਾਂ ਉਨ੍ਹਾਂ ਦੇ ਸਬੰਧਿਤ ਵਿਭਾਗਾਂ ਤੋਂ ਮਨਜ਼ੂਰੀ ਲੈਣ ਦੇ ਨਿਯਮ ਹਨ।
Kotakpura Golikand Case
ਗ੍ਰਹਿ ਵਿਭਾਗ ਨੇ ਡੀਜੀਪੀ ਦਫ਼ਤਰ ਰਾਹੀਂ ਪੰਜਾਬ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਐਸਪੀ ਪਰਮਜੀਤ ਸਿੰਘ ਪੰਨੂ, ਐਸਪੀ ਬਲਜੀਤ ਸਿੰਘ ਸਿੱਧੂ ਤੇ ਐਸਐਚਓ ਗੁਰਦੀਪ ਸਿੰਘ ਪੰਧੇਰ ਵਿਰੁਧ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿਤੀ ਹੈ। ਇਸ ਦੇ ਨਾਲ ਹੀ ਗ੍ਰਹਿ ਵਿਭਾਗ ਨੇ ਮਨਜ਼ੂਰੀ ਪੱਤਰ ਵਿਚ ਲਿਖਿਆ ਹੈ ਕਿ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਹੁਣ ਤੱਕ ਕੀਤੀ ਗਈ ਜਾਂਚ-ਪੜਤਾਲ ’ਚ ਇਨ੍ਹਾਂ ਪੁਲਿਸ ਅਫ਼ਸਰਾਂ ਵਿਰੁਧ ਮੁਕੱਦਮਾ ਚਲਾਉਣ ਲਈ ਜਾਂਚ ਟੀਮ ਨੇ ਲੋੜੀਂਦੇ ਗਵਾਹ ਤੇ ਸਬੂਤ ਰਿਕਾਰਡ ’ਤੇ ਲਿਆਂਦੇ ਹਨ।
ਜ਼ਿਕਰਯੋਗ ਹੈ ਕਿ ਬੇਅਦਬੀ ਤੇ ਗੋਲੀਕਾਂਡ ਮਾਮਲਿਆਂ ’ਚ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ 27 ਮਈ ਨੂੰ ਐਸਪੀ ਬਲਜੀਤ ਸਿੰਘ ਸਿੱਧੂ, ਪਰਮਜੀਤ ਸਿੰਘ ਪੰਨੂੰ ਤੇ ਇੰਸਪੈਕਟਰ ਗੁਰਦੀਪ ਸਿੰਘ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ ਤੇ ਇਨ੍ਹਾਂ ਵਿਰੁਧ ਅਦਾਲਤ ਵਿਚ ਚਲਾਨ ਪੇਸ਼ ਹੋ ਚੁੱਕਾ ਹੈ। ਚਲਾਨ ਪੇਸ਼ ਹੋਣ ਤੋਂ ਬਾਅਦ ਇਲਾਕਾ ਮੈਜਿਸਟ੍ਰੇਟ ਏਕਤਾ ਉੱਪਲ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਆਦੇਸ਼ ਦਿਤੇ ਸਨ।
Kotakpura Golikand Case
ਇਸ ਮਗਰੋਂ ਵੀਰਵਾਰ ਨੂੰ ਸੈਸ਼ਨ ਕੋਰਟ ਨੇ ਕੋਟਕਪੂਰਾ ਗੋਲੀਕਾਂਡ ’ਚ ਮੁਲਜ਼ਮ ਵਜੋਂ ਨਾਮਜ਼ਦ ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿਤੀ ਸੀ। ਇਸ ਦੇ ਨਾਲ ਅਦਾਲਤ ਨੇ ਲੁਧਿਆਣਾ ਦੇ ਤਤਕਾਲੀ ਏਡੀਸੀਪੀ ਪਰਮਜੀਤ ਸਿੰਘ ਪਨੂੰ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਸੀ। ਇਸ ਮਾਮਲੇ ਵਿਚ ਤੀਜੇ ਮੁਲਜ਼ਮ ਡੀਐਸਪੀ ਬਲਜੀਤ ਸਿੰਘ ਸੰਧੂ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 10 ਜੂਨ ਹੋਵੇਗੀ। 10 ਜੂਨ ਨੂੰ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਦਾਲਤ ਸਾਹਮਣੇ ਪੇਸ਼ ਹੋਣਗੇ।