
ਜੂਨ 1984 ਵਿਚ ਸਮੇਂ ਦੀ ਕੇਂਦਰੀ ਹਕੂਮਤ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ
ਅੰਮ੍ਰਿਤਸਰ 6 ਜੂਨ ( ਸੁਖਵਿੰਦਰਜੀਤ ਸਿੰਘ ਬਹੋੜੂ) : ਜੂਨ 1984 ਵਿਚ ਸਮੇਂ ਦੀ ਕੇਂਦਰੀ ਹਕੂਮਤ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦਾਂ ਦੀ ਯਾਦ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿ. ਜਗਤਾਰ ਸਿੰਘ ਨੇ ਲਿਆ।
ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੂਨ 1984 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਭਾਰਤੀ ਫ਼ੌਜ ਵਲੋਂ ਕੀਤਾ ਗਿਆ ਹਮਲਾ ਸਿੱਖ ਮਾਨਸਿਕਤਾ ’ਤੇ ਅਸਹਿ ਹਮਲਾ ਸੀ। ਅਕਾਲ ਤਖ਼ਤ ਸਾਹਿਬ ਦੀ ਅਜ਼ਮਤ ਖ਼ਾਤਰ ਸ਼ਹੀਦ ਹੋਏ ਸਾਡੇ ਕੌਮੀ ਜਰਨੈਲਾਂ ਨੇ ਜਿਨ੍ਹਾਂ ਟੀਚਿਆਂ ਲਈ ਆਪਣੀਆਂ ਜਾਨਾਂ ਵਾਰੀਆਂ ਸਨ। ਕੌਮੀ ਟੀਚਿਆਂ ਦੀ ਪ੍ਰਾਪਤੀ ਲਈ ਚੰਗੀ ਨੀਤੀ ਅਤੇ ਨੇਕ ਨੀਅਤ ਜ਼ਰੂਰੀ ਹੈ। ਸਾਨੂੰ ਗੁਰੂ ਦੇ ਸਿੱਖ ਹੋਣ ਨਾਤੇ ਰਾਜਨੀਤਕ ਅਤੇ ਜਥੇਬੰਦਕ ਧੜੇਬੰਦੀਆਂ ਤੋਂ ਉਪਰ ਉਠ ਕੇ ਆਪਸੀ ਸਾਂਝ ਮਜ਼ਬੂਤ ਕਰਨ ਦੀ ਲੋੜ ਹੈ।
Photo
ਅਜੋਕੇ ਸਮੇਂ ਵਿਚ ਸਾਡੀਆਂ ਸਾਰੀਆਂ ਖੁਆਰੀਆਂ ਅਤੇ ਚੁਣੌਤੀਆਂ ਦਾ ਹੱਲ ਕੇਵਲ ਕੌਮੀ ਇਕਜੁਟਤਾ ਵਿਚ ਹੀ ਹੈ। ਗਿ. ਜਗਤਾਰ ਸਿੰਘ ਨੇ ਵੀ ਜੂਨ 1984 ਦੇ ਘੱਲੂਘਾਰੇ ਸਮੇਂ ਕੇਂਦਰੀ ਹਕੂਮਤ ਵਲੋਂ ਸਿੱਖਾਂ ’ਤੇ ਢਾਹੇ ਗਏ ਜ਼ੁਲਮਾਂ ਨੂੰ ਮਨੁੱਖੀ ਇਤਿਹਾਸ ਦਾ ਕਾਲਾ ਅਧਿਆਇ ਦਸਿਆ। ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ,
ਸ਼ਹੀਦ ਭਾਈ ਅਮਰੀਕ ਸਿੰਘ ਦੀ ਪਤਨੀ ਬੀਬੀ ਹਰਮੀਤ ਕੌਰ, ਉਨ੍ਹਾਂ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਜਨਰਲ ਸੁਬੇਗ ਸਿੰਘ ਦੇ ਭਰਾ ਭਾਈ ਬੇਅੰਤ ਸਿੰਘ ਸਮੇਤ ਹੋਰ ਸ਼ਹੀਦਾਂ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਗਿ ਜਗਤਾਰ ਸਿੰਘ, ਜਥੇਦਾਰ ਗਿ. ਹਰਪ੍ਰੀਤ ਸਿੰਘ, ਜਥੇਦਾਰ ਗਿ. ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਤ ਕੀਤਾ।