
ਛਾਤੀ ਅਤੇ ਪੇਟ ਵਿੱਚ ਦਰਦ ਦੀ ਸ਼ਿਕਾਇਤ ਮਗਰੋਂ ਕਰਵਾਇਆ ਦਾਖ਼ਲ, ਹਾਲਤ ਸਥਿਰ
ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਢਿੱਲੀ ਹੋਣ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਨੂੰ ਛਾਤੀ ਅਤੇ ਪੇਟ ਵਿੱਚ ਦਰਦ ਦੀ ਸ਼ਿਕਾਇਤ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਆਂਦਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ ਅਤੇ ਰਿਪੋਰਟ ਫਿਲਹਾਲ ਨੌਰਮਲ ਦੱਸੀ ਜਾ ਰਹੀ ਹੈ।
PGIMER
94 ਸਾਲਾ ਪ੍ਰਕਾਸ਼ ਸਿੰਘ ਬਾਦਲ ਨੂੰ ਸੋਮਵਾਰ ਦੇਰ ਸ਼ਾਮ ਛਾਤੀ ਅਤੇ ਪੇਟ ਵਿੱਚ ਦਰਦ ਹੋਣ ਤੋਂ ਬਾਅਦ ਚੈਕਅੱਪ ਲਈ ਲਿਆਂਦਾ ਗਿਆ ਸੀ। ਡਾਕਟਰਾਂ ਦੀ ਸਲਾਹ ਤੋਂ ਬਾਅਦ ਉਸ ਨੂੰ ਇਲਾਜ ਲਈ ਪੀਜੀਆਈ ਦੇ ਐਡਵਾਂਸਡ ਕਾਰਡੀਅਕ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ। ਡਾਕਟਰਾਂ ਮੁਤਾਬਕ ਪ੍ਰਕਾਸ਼ ਸਿੰਘ ਬਾਦਲ ਨੂੰ ਗੈਸਟਿਕ ਦੀ ਕੋਈ ਸਮੱਸਿਆ ਸੀ। ਡਾਕਟਰਾਂ ਦੀ ਟੀਮ ਉਸ ਦੀ ਦੇਖਭਾਲ ਕਰ ਰਹੀ ਹੈ।
Parkash Singh Badal
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਦੀ ਇਸ ਸਾਲ ਜਨਵਰੀ ਵਿੱਚ ਕੋਰੋਨਾ ਰਿਪੋਰਟ ਪੌਜ਼ਿਟਿਵ ਆਈ ਸੀ। ਕੋਵਿਡ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਸਿਹਤ ਜਾਂਚ ਕਰਵਾਈ ਸੀ।