
ਮਾਨਸੂਨ ਦੇ ਪਹੁੰਚਣ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਸਮੂਹ ਮਿਊਂਸਪਲ ਕਾਰਪੋਰੇਸ਼ਨਾਂ...........
ਚੰਡੀਗੜ : ਮਾਨਸੂਨ ਦੇ ਪਹੁੰਚਣ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਸਮੂਹ ਮਿਊਂਸਪਲ ਕਾਰਪੋਰੇਸ਼ਨਾਂ ਦੇ ਕਮਿਸ਼ਨਰਾਂ ਅਤੇ ਵਿਭਾਗ ਦੇ ਖੇਤਰੀ ਡਿਪਟੀ ਡਾਇਰੈਕਟਰਾਂ ਨੂੰ ਕਮਰਕੱਸੇ ਕਸ ਲੈਣ ਲਈ ਕਿਹਾ ਹੈ। ਉਨ੍ਹਾਂ ਹਦਾਇਤਾਂ ਦਿੱਤੀਆਂ ਹਨ ਕਿ ਹਰੇਕ ਸਥਾਨਕ ਸਰਕਾਰ ਦੇ ਪੱਧਰ 'ਤੇ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇ ਜੋ ਕਿ 24 ਘੰਟੇ ਕੰਮ ਕਰੇਗਾ ਅਤੇ ਇਸ ਤੋਂ ਇਲਾਵਾ ਇਸ ਕਾਰਜ ਲਈ ਨੋਡਲ ਅਧਿਕਾਰੀ ਵੀ ਨਿਯੁਕਤ ਕੀਤੇ ਜਾਣ। ਸ੍ਰੀ ਸਿੱਧੂ ਨੇ ਕਿਹਾ ਕਿ ਮਾਨਸੂਨ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਸਮੂਹ ਸੜਕਾਂ ਅਤੇ ਬਰਸਾਤੀ ਨਾਲ਼ੇ ਲੋੜੀਂਦੀ ਮਸ਼ੀਨਰੀ ਨਾਲ ਪੂਰਨ ਤੌਰ 'ਤੇ ਸਾਫ਼ ਰੱਖੇ ਜਾਣ।
ਉਨ੍ਹਾਂ ਅੱਗੇ ਹਦਾਇਤਾਂ ਦਿੱਤੀਆਂ ਕਿ ਹਰੇਕ ਸ਼ਹਿਰੀ ਸਥਾਨਕ ਸਰਕਾਰ ਦੇ ਪੱਧਰ 'ਤੇ ਤਾਇਨਾਤ ਅਮਲੇ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰੱਖਿਆ ਜਾਵੇ। ਪੰਜਾਬ ਦੇ ਸਥਾਨਕ ਸਰਕਾਰ ਵਿਭਾਗ ਦੇ ਡਾਇਰੈਕਟਰ ਸ੍ਰੀ ਕਰਨੇਸ਼ ਸ਼ਰਮਾ ਨੇ ਦੱਸਿਆ ਕਿ ਹੜ੍ਹਾਂ ਦੀ ਸਥਿਤੀ ਸਬੰਧੀ ਕੋਈ ਵੀ ਸ਼ਿਕਾਇਤ ਜਾਂ ਸੂਚਨਾ ਟੋਲ ਫ਼ਰੀ ਨੰਬਰ 1800-1800-0172 'ਤੇ ਦਰਜ ਕਰਵਾਈ ਜਾ ਸਕਦੀ ਹੈ। ਇਹ ਨੰਬਰ ਚੰਡੀਗੜ੍ਹ ਵਿਖੇ ਪਹਿਲਾਂ ਤੋਂ ਹੀ ਚਾਲੂ ਹੈ।