
ਚੁੱਘ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਕਾਂਗਰਸ ਨੇਤਾਵਾਂ ਨੂੰ ਸਿੱਖ ਕਤਲੇਆਮ ਦੀ ਗਿਣਤੀ ਦੇ ਹਿਸਾਬ ਨਾਲ ਇਨਾਮ ਦੇਣ ਦਾ ਵਾਅਦਾ ਕੀਤਾ ਗਿਆ ਸੀ।
ਚੰਡੀਗੜ੍ਹ - ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹੁਣ ਬਿੱਲੀ ਥੈਲੇ ਵਿਚੋਂ ਬਾਹਰ ਆ ਗਈ ਹੈ ਕਿਉਂਕਿ ਕਾਂਗਰਸ ਲੀਡਰ ਜਗਦੀਸ਼ ਟਾਈਟਲਰ ਵੱਲੋਂ ਪੁਲ ਬੰਦਿਸ਼ ਗੁਰਦੁਆਰੇ ਵਿਚ ਦਿੱਤਾ ਗਿਆ ਭਾਸ਼ਣ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਦਿੱਲੀ ਵਿਚ ਸਿੱਖ ਵਿਰੋਧੀ ਦੰਗਿਆਂ ਨੂੰ ਭੜਕਾਉਣ ਵਿਚ ਗਾਂਧੀ ਪਰਿਵਾਰ ਦਾ ਹੱਥ ਸੀ।
ਇੱਕ ਬਿਆਨ ਵਿਚ ਚੁੱਘ ਨੇ ਕਿਹਾ ਕਿ ਗਵਾਹਾਂ ਦੇ ਬਿਆਨਾਂ ਤੋਂ ਸਪੱਸ਼ਟ ਹੈ ਕਿ ਸਿੱਖਾਂ ਦੀਆਂ ਦੁਕਾਨਾਂ ਨੂੰ ਅੱਗ ਲਾਉਣਾ ਅਤੇ ਉਨ੍ਹਾਂ ਨੂੰ ਕਤਲ ਦਾ ਨਿਸ਼ਾਨਾ ਬਣਾਉਣਾ ਕਾਂਗਰਸ ਦੀ ਸੋਚੀ ਸਮਝੀ ਸਾਜ਼ਿਸ਼ ਸੀ। ਚੁੱਘ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਕਾਂਗਰਸ ਨੇਤਾਵਾਂ ਨੂੰ ਸਿੱਖ ਕਤਲੇਆਮ ਦੀ ਗਿਣਤੀ ਦੇ ਹਿਸਾਬ ਨਾਲ ਇਨਾਮ ਦੇਣ ਦਾ ਵਾਅਦਾ ਕੀਤਾ ਗਿਆ ਸੀ।
ਕਾਂਗਰਸ ਸਰਕਾਰ ਵੱਲੋਂ ਵੱਖ-ਵੱਖ ਪੜਾਵਾਂ 'ਤੇ ਸਿੱਖਾਂ ਵਿਰੁੱਧ ਰਚੀ ਗਈ ਸਾਰੀ ਸਾਜ਼ਿਸ਼ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਨ੍ਹਾਂ ਮਾਮਲਿਆਂ ਦੀ ਮੁੜ ਜਾਂਚ ਦਾ ਫ਼ੈਸਲਾ ਕਰਨ ਤੋਂ ਬਾਅਦ ਹੀ ਸੱਚਾਈ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਦੇ ਇਸ਼ਾਰੇ 'ਤੇ ਦੇਸ਼ ਦੇ 50 ਤੋਂ ਵੱਧ ਸ਼ਹਿਰਾਂ 'ਚ ਸਿੱਖ ਵਿਰੋਧੀ ਦੰਗਿਆਂ ਨੂੰ ਅੰਜਾਮ ਦਿੱਤਾ ਗਿਆ, ਜੋ ਗਾਂਧੀ ਪਰਿਵਾਰ ਦੀ ਸ਼ੈਤਾਨੀ ਮਾਨਸਿਕਤਾ ਨੂੰ ਦਰਸਾਉਂਦੇ ਹਨ।