ਇਸ ਮਾਮਲੇ ਦੀ ਜਾਂਚ ਕਰ ਰਹੀ SIT ਦੀ ਰਿਪੋਰਟ ਤੋਂ ਹੋਇਆ ਇਹ ਖੁਲਾਸਾ
Gangster Lawrence Bishnoi Interview : ਮਰਹੂਮ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰਮਾਈਂਡ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਵਿੱਚ ਵੱਡਾ ਖੁਲਾਸਾ ਹੋਇਆ ਹੈ। ਗੈਂਗਸਟਰ ਦਾ ਪਹਿਲਾ ਇੰਟਰਵਿਊ ਪੰਜਾਬ ਦੇ ਖਰੜ ਵਿੱਚ ਪੁਲਿਸ ਹਿਰਾਸਤ ਵਿੱਚ ਹੋਇਆ ਸੀ ,ਜਦੋਂਕਿ ਦੂਜੀ ਇੰਟਰਵਿਊ ਰਾਜਸਥਾਨ ਦੀ ਜੇਲ੍ਹ ਵਿੱਚ ਹੋਈ ਸੀ।
ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਦੀ ਰਿਪੋਰਟ ਤੋਂ ਇਹ ਖੁਲਾਸਾ ਹੋਇਆ ਹੈ। SIT ਨੇ ਇਹ ਸੀਲਬੰਦ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਸੌਂਪੀ ਸੀ। ਜਿਸ ਨੂੰ ਬੁੱਧਵਾਰ ਨੂੰ ਜਨਤਕ ਕੀਤਾ ਗਿਆ ਸੀ। ਰਿਪੋਰਟ ਦੇ ਹੋਰ ਤੱਥਾਂ ਦੀ ਉਡੀਕ ਹੈ।
ਡੀਜੀਪੀ ਨੇ ਇਸ ਦਾਅਵੇ ਨੂੰ ਕੀਤਾ ਸੀ ਰੱਦ
ਗੈਂਗਸਟਰ ਲਾਰੈਂਸ ਦੇ ਇੰਟਰਵਿਊ ਸਾਲ 2023 ਵਿੱਚ 14 ਅਤੇ 17 ਮਾਰਚ ਨੂੰ ਪ੍ਰਸਾਰਿਤ ਕੀਤੇ ਗਏ ਸਨ। ਜਿਸ ਤੋਂ ਬਾਅਦ ਪੰਜਾਬ ਪੁਲਿਸ 'ਤੇ ਸਵਾਲ ਖੜ੍ਹੇ ਹੋਏ ਸਨ। ਇਸ ਮਗਰੋਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਸੀ ਕਿ ਇੰਟਰਵਿਊ ਬਠਿੰਡਾ ਜਾਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਨਹੀਂ ਕੀਤੀ ਗਈ ਸੀ। ਡੀਜੀਪੀ ਨੇ ਲਾਰੈਂਸ ਦੀਆਂ ਦੋ ਤਸਵੀਰਾਂ ਦਿਖਾਈਆਂ ਸਨ ਅਤੇ ਕਿਹਾ ਸੀ - ਜਦੋਂ ਲਾਰੈਂਸ ਨੂੰ ਬਠਿੰਡਾ ਜੇਲ੍ਹ ਲਿਆਂਦਾ ਗਿਆ ਸੀ ਤਾਂ ਉਸ ਦੇ ਵਾਲ ਕੱਟੇ ਹੋਏ ਸਨ ਅਤੇ ਉਸ ਦੀ ਕੋਈ ਦਾੜ੍ਹੀ ਜਾਂ ਮੁੱਛ ਨਹੀਂ ਸੀ।
ਪਹਿਲੇ ਇੰਟਰਵਿਊ 'ਚ ਮੂਸੇਵਾਲਾ ਦੇ ਕਤਲ ਦੀ ਲਈ ਸੀ ਜ਼ਿੰਮੇਵਾਰੀ
ਲਾਰੈਂਸ ਦਾ ਪਹਿਲਾ ਇੰਟਰਵਿਊ 14 ਮਾਰਚ ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਜਿਸ ਵਿੱਚ ਲਾਰੈਂਸ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਦੀ ਗੱਲ ਕਬੂਲੀ ਸੀ। ਲਾਰੈਂਸ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਗਾਉਣ ਦੀ ਬਜਾਏ ਗੈਂਗਵਾਰ ਵਿੱਚ ਫਸ ਰਿਹਾ ਹੈ। ਮੂਸੇਵਾਲਾ ਦਾ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਵੀ ਹੱਥ ਸੀ। ਇਸੇ ਲਈ ਉਸ ਦਾ ਕਤਲ ਕਰ ਦਿੱਤਾ।
ਆਪਣੀ ਦੂਜੀ ਇੰਟਰਵਿਊ ਵਿੱਚ ਲਾਰੈਂਸ ਨੇ ਜੇਲ੍ਹ ਦੇ ਅੰਦਰੋਂ ਇੰਟਰਵਿਊ ਕਰਨ ਦਾ ਸਬੂਤ ਵੀ ਦਿੱਤਾ ਸੀ। ਉਸ ਨੇ ਆਪਣੀ ਬੈਰਕ ਵੀ ਦਿਖਾ ਕੇ ਦੱਸਿਆ ਕਿ ਉਸ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ ਪਰ ਉਸ ਦਾ ਮੋਬਾਈਲ ਫੋਨ ਵੀ ਉਸ ਨਾਲ ਆਉਂਦਾ ਹੈ ਅਤੇ ਸਿਗਨਲ ਵੀ। ਲਾਰੈਂਸ ਨੇ ਆਪਣੇ ਇੰਟਰਵਿਊ 'ਚ ਕਿਹਾ ਕਿ ਜੇਲ ਦੇ ਗਾਰਡ ਰਾਤ ਨੂੰ ਘੱਟ ਹੀ ਆਉਂਦੇ-ਜਾਂਦੇ ਹਨ, ਇਸ ਲਈ ਉਹ ਰਾਤ ਨੂੰ ਫੋਨ ਕਰ ਰਹੇ ਹਨ।
ਲਾਰੈਂਸ ਹੁਣ ਗੁਜਰਾਤ ਦੀ ਜੇਲ੍ਹ ਵਿੱਚ ਬੰਦ
ਗੈਂਗਸਟਰ ਲਾਰੈਂਸ ਇਸ ਸਮੇਂ ਨਸ਼ਾ ਤਸਕਰੀ ਨਾਲ ਜੁੜੇ ਇੱਕ ਮਾਮਲੇ ਵਿੱਚ ਗੁਜਰਾਤ ਦੀ ਜੇਲ੍ਹ ਵਿੱਚ ਬੰਦ ਹੈ। ਉਸ ਨੂੰ ਅਹਿਮਦਾਬਾਦ ਦੇ ਸਾਬਰਮਤੀ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਰੱਖਿਆ ਗਿਆ ਹੈ।