
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਜਾਬ ਸਰਕਾਰ ਅਤੇ ਹਰਿਆਣਾ ਗੁਰਦੁਆਰਾ ਕਮੇਟੀ ਨੂੰ ਅਪੀਲ ਕੀਤੀ ਗਈ ਕਿ 350 ਸਾਲਾ ਸ਼ਤਾਬਦੀਆਂ ਇਕਜੁੱਟ ਹੋ ਕੇ ਮਨਾਈਆਂ ਜਾਣ।
ਅੰਮ੍ਰਿਤਸਰ: ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਹੋਈ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਨਿਹੰਗ ਸਿੰਘ ਤੇ ਕਾਰ ਸੇਵਾ ਸੰਪਰਦਾਵਾਂ ਦੇ ਮੁਖੀਆਂ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਜਾਬ ਸਰਕਾਰ ਅਤੇ ਹਰਿਆਣਾ ਗੁਰਦੁਆਰਾ ਕਮੇਟੀ ਨੂੰ ਅਪੀਲ ਕੀਤੀ ਗਈ ਕਿ 350 ਸਾਲਾ ਸ਼ਤਾਬਦੀਆਂ ਇਕਜੁੱਟ ਹੋ ਕੇ ਮਨਾਈਆਂ ਜਾਣ।
ਇਸ ਇਕੱਤਰਤਾ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਲਬੀਰ ਸਿੰਘ ਅਕਾਲੀ 96 ਕਰੋੜੀ ਨਿਹੰਗ ਸਿੰਘ ਜਥੇਬੰਦੀਆਂ ਦੀ ਸੰਪਰਦਾਇ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ, ਕਾਰ ਸੇਵਾ ਭੂਰੀ ਵਾਲੇ ਸੰਪਰਦਾਏ ਦੇ ਮੁਖੀ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਨਿਹੰਗ ਸਿੰਘ ਜਥੇਬੰਦੀ ਦੇ ਆਗੂ ਜਥੇਦਾਰ ਜੋਗਾ ਸਿੰਘ, ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਹਰਿਆਣਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਬਲਵਿੰਦਰ ਸਿੰਘ ਕਾਹਲਵਾਂ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਸਮੇਤ ਹੋਰ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸ਼ਾਮਿਲ ਸਨ। ਇਸ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ ਸਰਦਾਰ ਕਾਲਕਾ ਨੇ ਦਿੱਲੀ ਤੋਂ 26 ਨਵੰਬਰ ਦੌਰਾਨ ਸ਼ਤਾਬਦੀ ਸਮਾਗਮਾਂ ਵਿਚ ਸਮੁੱਚੇ ਸਿੱਖ ਪੰਥ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਜਥੇਦਾਰ ਬਾਬਾ ਬਲਵੀਰ ਸਿੰਘ ਅਕਾਲੀ 96 ਕਰੋੜੀ ਨੇ ਸਮੂਹ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਤਿਹਾਸਕ ਸ਼ਤਾਬਦੀਆਂ ਇਕਜੁੱਟ ਹੋ ਕੇ ਮਨਾਉਣ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਵਲੋਂ ਸ਼ਤਾਬਦੀ ਸਮਾਗਮਾਂ ਸਮੇਂ ਪੂਰਨ ਸਹਿਯੋਗ ਦਿੱਤਾ ਜਾਵੇਗਾ।