
ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ 'ਤੇ ਨਵਾਂ ਬੈਂਚ ਅੱਜ ਕਰੇਗਾ ਸੁਣਵਾਈ
ਚੰਡੀਗੜ੍ਹ, 6 ਸਤੰਬਰ (ਨੀਲ ਭਾਲਿੰਦਰ ਸਿੰਘ): ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਹੁਣ ਸੋਮਵਾਰ ਨੂੰ ਹਾਈ ਕੋਰਟ ਦਾ ਨਵਾਂ ਬੈਂਚ ਸੁਣਵਾਈ ਕਰੇਗਾ। ਸੈਣੀ ਸਾਬਕਾ ਆਈਏਐਸ ਅਧਿਕਾਰੀ ਦੇ ਪੁੱਤਰ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗ਼ਵਾ ਕਰਨ ਮਗਰੋਂ ਭੇਤਭਰੀ ਹਾਲਤ ਵਿਚ ਲਾਪਤਾ ਕਰਨ ਤੇ ਹੁਣ ਹਤਿਆ ਦੀ ਧਾਰਾ 302 ਤਹਿਤ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਨੂੰ ਸੁਣਵਾਈ ਲਈ ਹੁਣ ਜਸਟਿਸ ਫ਼ਤਿਹਦੀਪ ਸਿੰਘ ਦੇ ਇਕਹਰੇ ਬੈਂਚ ਕੋਲ ਸੂਚੀਬੱਧ ਕੀਤਾ ਹੈ। ਇਸ ਤੋਂ ਪਹਿਲਾਂ ਇਹ ਮਾਮਲਾ ਦੋ ਵਾਰ ਜਸਟਿਸ ਸੁਵੀਰ ਸਹਿਗਲ ਅਤੇ ਜਸਟਿਸ ਅਨਮੋਲ ਰਤਨ ਸਿੰਘ ਦੇ ਬੈਂਚ ਕੋਲ ਸੂਚੀਬੱਧ ਕੀਤਾ ਗਿਆ ਸੀ ਪਰ ਉਨ੍ਹਾਂ ਨੇ ਵੱਖ-ਵੱਖ ਕਾਰਨਾਂ ਕਰ ਕੇ ਕੇਸ ਤੋਂ ਖ਼ੁਦ ਨੂੰ ਵੱਖ ਕਰ ਲਿਆ ਸੀ। ਸੈਣੀ ਨੇ imageਪਿਛਲੇ ਦਿਨੀਂ ਧਾਰਾ 302 ਵਿਚ ਅਗਾਊਂ ਜ਼ਮਾਨਤ ਲੈਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ।