
ਮਾਨਸਾ ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਜਬਰੀ ਵਸੂਲੀ ਤੇ ਧਮਕੀਆਂ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਹੈ।
ਮਾਨਸਾ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀਆਂ ਮਿਲਣ ਦੇ ਮਾਮਲੇ ’ਚ ਮਾਨਸਾ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਇਹ ਮਾਮਲਾ 5 ਅਣਪਛਾਤਿਆਂ ਖ਼ਿਲਾਫ਼ ਦਰਜ ਹੋਇਆ ਹੈ। ਦਰਅਸਲ ਕੁਝ ਦਿਨ ਪਹਿਲਾਂ ਬਲਕੌਰ ਸਿੰਘ ਸਿੱਧੂ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਈ-ਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।
ਇਸ ਤੋਂ ਬਾਅਦ ਮਾਨਸਾ ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਜਬਰੀ ਵਸੂਲੀ ਤੇ ਧਮਕੀਆਂ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਹੈ। ਸੂਤਰਾਂ ਅਨੁਸਾਰ ਮਾਨਸਾ ਪੁਲਿਸ ਨੇ ਧਮਕੀਆਂ ਦੇਣ ਵਾਲਿਆਂ ਨੂੰ ਰਾਜਸਥਾਨ ਤੋਂ ਲੱਭ ਲਿਆ ਹੈ।
ਜਦਕਿ ਇਕ ਟੀਮ ਪਹਿਲਾਂ ਹੀ ਗੁਆਂਢੀ ਸੂਬੇ ਵਿਚ ਹੈ ਤੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਮਾਨਸਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਗੌਰਵ ਤੂਰਾ ਨੇ ਦੱਸਿਆ ਕਿ ਧਮਕੀਆਂ ਦੇਣ ਵਾਲੇ ਨੂੰ ਟਰੇਸ ਕਰ ਲਿਆ ਗਿਆ ਹੈ, ਉਸ ਨੂੰ ਜਲਦ ਹੀ ਹਿਰਾਸਤ ’ਚ ਲਿਆ ਜਾਵੇਗਾ।