ਪੂਰੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ
ਲੁਧਿਆਣਾ: ਧਾਰਮਿਕ ਸਮਾਗਮ 'ਚ ਕੁੱਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰ ਲਹਿਰਾਉਣ ਤੇ ਮਾਰਕੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਹੱਲੇ ’ਚ ਜਾਗਰਣ ਸਮਾਗਮ ਪਿਛਲੇ 22 ਸਾਲਾਂ ਤੋਂ ਕਰਵਾਇਆ ਜਾ ਰਿਹਾ ਹੈ। ਇਸ ਜਾਗਰਣ ਸਮਾਗਮ ’ਚ ਅਚਾਨਕ ਦੋ ਧਿਰਾਂ ਵਿਚਾਲੇ ਝੜਪ ਹੋ ਜਾਂਦੀ ਹੈ। ਕੁੱਝ ਨੌਜਵਾਨ ਸ਼ਰੇਆਮ ਤੇਜ਼ਧਾਰ ਹਥਿਆਰ ਲਹਿਰਾਉਣੇ ਸ਼ੁਰੂ ਕਰ ਦਿੰਦੇ ਹਨ। ਜਿਸ ਤੋਂ ਬਾਅਦ ਮੁਹੱਲੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਹ ਘਟਨਾ ਲੁਧਿਆਣਾ ਦੀ ਭੋਲਾ ਕਲੋਨੀ ਵਿਚ ਵਾਪਰੀ।
ਜਾਣਕਾਰੀ ਅਨੁਸਾਰ ਮੁਹੱਲੇ ’ਚ ਜਾਗਰਣ ਕਰਵਾਇਆ ਜਾ ਰਿਹਾ ਸੀ। ਕਿਸੇ ਗੱਲ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਇਸ ਦੌਰਾਨ ਇਕ-ਦੂਜੇ ਦੀ ਮਾਰਕੁੱਟ ਵੀ ਕੀਤੀ ਗਈ। ਉਥੇ ਮੌਜੂਦ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਲਹਿਰਾਉਣੇ ਸ਼ੁਰੂ ਕਰ ਦਿੱਤੇ। ਜਿਸ ਨਾਲ ਮਾਹੌਲ ਤਣਾਅਪੂਰਨ ਬਣ ਜਾਂਦਾ ਹੈ।
ਘਟਨਾ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ। ਪਿਛਲੇ ਸਾਲ ਵੀ ਇਨ੍ਹਾਂ ਸ਼ਰਾਰਤੀ ਅਨਸਰਾਂ ਨੇ ਜਾਗਰਣ ਸਮਾਗਮ ਦਾ ਮਾਹੌਲ ਖ਼ਰਾਬ ਕੀਤਾ ਸੀ। ਹੁਣ ਫਿਰ ਉਨ੍ਹਾਂ ਨੇ ਜਾਗਰਣ ਵਿਚ ਹੰਗਾਮਾ ਕਰਨ ਦੀ ਕੋਸ਼ਿਸ਼ ਕੀਤੀ ਹੈ।
ਜਾਗਰਣ ਦਾ ਆਯੋਜਨ ਕਰਨ ਵਾਲੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਇਲਾਕੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਨਾਕਾਮ ਸਾਬਤ ਹੋ ਰਹੀ ਹੈ। ਦੋਸ਼ੀਆਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।