
ਕੇਂਦਰ ਨੇ ਸੁਪਰੀਮ ਕੋਰਟ ਵਿਚ ਕਿਹਾ ਪੰਜਾਬ ਸਰਕਾਰ ਨਹੀਂ ਕਰ ਰਹੀ ਸਹਿਯੋਗ
ਕੇਂਦਰੀ ਜਲ ਮੰਤਰਾਲੇ ਨੇ ਇਸੇ ਮਹੀਨੇ ਦੋਹਾਂ ਰਾਜਾਂ ਨਾਲ ਮੀਟਿੰਗ ਕਰਨ ਲਈ ਕਿਹਾ
ਨਵੀਂ ਦਿੱਲੀ, 6 ਸਤੰਬਰ : ਐਸਵਾਈਐਲ ਦਾ ਮੁੱਦਾ ਮੁੜ ਭਖਦਾ ਨਜ਼ਰ ਆ ਰਿਹਾ ਹੈ | ਇਸ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਅਪਣਾ ਪੱਖ ਰਖਿਆ ਹੈ | ਕੇਂਦਰ ਸਰਕਾਰ ਵਲੋਂ ਸੁਪਰੀਮ ਕੋਰਟ ਵਿਚ ਅਟਾਰਨੀ ਜਨਰਲ ਕੇ. ਕੇ. ਵੇਣੂਗੋਪਾਲ ਨੇ ਕਿਹਾ ਕਿ ਜਲ ਸ਼ਕਤੀ ਮੰਤਰਾਲਾ ਇਸ ਵਿਵਾਦ ਨੂੰ ਸੁਲਝਾਉਣ ਲਈ ਕੋਸ਼ਿਸ਼ ਕਰ ਰਹੇ ਹਨ ਤੇ ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਇਸ ਮਸਲੇ ਵਿਚ ਸਹਿਯੋਗ ਨਹੀਂ ਕਰ ਰਹੀ |
ਅਟਾਰਨੀ ਜਨਰਲ ਵੇਣੂਗੋਪਾਲ ਨੇ ਕਿਹਾ ਕਿ ਉਨ੍ਹਾਂ ਵਲੋਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪ੍ਰੈਲ ਵਿਚ ਮੀਟਿੰਗ ਲਈ ਪੱਤਰ ਭੇਜਿਆ ਗਿਆ ਸੀ ਪਰ ਉਨ੍ਹਾਂ ਵਲੋਂ ਕੋਈ ਜਵਾਬ ਨਹੀਂ ਆਇਆ | ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਜਲਦ ਤੋਂ ਜਲਦ ਇਸ ਸਮੱਸਿਆ ਦਾ ਹੱਲ ਕਰਨ ਲਈ ਕਿਹਾ ਹੈ | ਕੋਰਟ ਨੇ ਕਿਹਾ ਕਿ ਕੇਂਦਰੀ ਜਲ ਮੰਤਰਾਲਾ ਇਸੇ ਮਹੀਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਕਰਨ |
ਸਤਲੁਜ-ਯਮੁਨਾ ਲਿੰਕ 'ਤੇ ਹੋਈ ਮੀਟਿੰਗ ਦੀ ਰਿਪੋਰਟ ਫਿਰ ਸੁਪਰੀਮ ਕੋਰਟ ਵਿਚ ਦਾਖ਼ਲ ਕੀਤੀ ਜਾਵੇ | ਅਸੀਂ 4 ਹਫ਼ਤਿਆਂ ਦਾ ਸਮਾਂ ਦਿੰਦੇ ਹਾਂ | ਸੁਪਰੀਮ ਕੋਰਟ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਵਿਚੋਲਗੀ ਜ਼ਰੀਏ ਇਸ ਵਿਵਾਦ ਦਾ ਹੱਲ ਨਿਕਲ ਜਾਵੇਗਾ | (ਏਜੰਸੀ)