
ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਲੈਣਗੇ ਜਾਇਜ਼ਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਹੜ੍ਹ ਪ੍ਰਭਾਵਿਤ ਪੰਜਾਬ ਦੇ ਇਲਾਕਿਆਂ ਦਾ ਦੌਰਾ ਕਰ ਸਕਦੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰ ਸਕਦੇ ਹਨ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਪ-ਰਾਸ਼ਟਰਪਤੀ ਚੋਣਾਂ ਵਿੱਚ ਵੋਟ ਪਾਉਣ ਤੋਂ ਬਾਅਦ 9 ਸਤੰਬਰ ਨੂੰ ਉੱਤਰੀ ਭਾਰਤ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੋਦੀ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਦੇ ਆਲੇ-ਦੁਆਲੇ ਦੇ ਇਲਾਕਿਆਂ ਦਾ ਹਵਾਈ ਦੌਰਾ ਕਰਨਗੇ ਅਤੇ ਸਰਹੱਦੀ ਇਲਾਕਿਆਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ, ਜਿੱਥੇ ਕੰਡਿਆਲੀ ਤਾਰ ਅਤੇ ਸਰਹੱਦੀ ਚੌਕੀਆਂ ਨੂੰ ਨੁਕਸਾਨ ਪਹੁੰਚਿਆ ਹੈ। ਇੱਥੇ ਦੱਸਣਯੋਗ ਹੈ ਝੋਨੇ ਅਤੇ ਗੰਨੇ ਸਮੇਤ ਖੜ੍ਹੀਆਂ ਫਸਲਾਂ ਨੂੰ ਵੀ ਹੜ੍ਹਾਂ ਕਾਰਨ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ ਹੜ੍ਹਾਂ ਦੇ ਕਹਿਰ ਕਾਰਨ ਪਸ਼ੂਆਂ, ਟਿਊਬਵੈੱਲਾਂ, ਘਰਾਂ ਅਤੇ ਸੜਕਾਂ ਆਦਿ ਦਾ ਭਾਰੀ ਨੁਕਸਾਨ ਹੋਇਆ ਹੈ।
ਜ਼ਿਕਰਯੋਗ ਹੈ ਕਿ ਕੇਂਦਰੀ ਟੀਮਾਂ ਨੁਕਸਾਨ ਦਾ ਮੁਲਾਂਕਣ ਕਰਨ ਲਈ ਪਹਿਲਾਂ ਹੀ ਪੰਜਾਬ ਵਿੱਚ ਹਨ। ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਇਸ ਹਫਤੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਸੀ।