
ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦੇ ਬੇਕਾਬੂ ਵਹਾਅ 'ਤੇ ਸਵਾਲ ਚੁੱਕਿਆ
ਕਰਤਾਰਪੁਰ,: ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੇ ਏ.ਆਈ.ਸੀ.ਸੀ ਇੰਚਾਰਜ ਭੁਪੇਸ਼ ਬਘੇਲ ਨੇ ਅੱਜ ਤੀਜੇ ਦਿਨ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਆਪਣਾ ਦੌਰਾ ਜਾਰੀ ਰੱਖਿਆ ਅਤੇ ਇਸ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ।
ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਸਮੇਤ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਗੁਜਰੀਤ ਸਿੰਘ ਔਜਲਾ ਅਤੇ ਹੋਰ ਆਗੂਆਂ ਦੇ ਨਾਲ, ਬਘੇਲ ਅੱਧੀ ਦੇਰ ਰਾਤ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਮੀਨੀ ਹਾਲਾਤਾਂ ਦਾ ਜਾਇਜ਼ਾ ਲੈ ਰਹੇ ਸਨ।
ਇਸ ਮੌਕੇ ਮੰਗਲਵਾਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਤਾਵਿਤ ਦੌਰੇ ਸਬੰਧੀ ਪ੍ਰਸ਼ਨ ਦਾ ਜਵਾਬ ਦਿੰਦੇ ਹੋਏ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਮੀਦ ਜਤਾਈ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੇ ਪੁਨਰਵਾਸ ਲਈ ਢੁੱਕਵਾਂ ਅਤੇ ਵਿਆਪਕ ਰਾਹਤ ਪੈਕੇਜ ਪ੍ਰਦਾਨ ਕਰਨਗੇ।
ਇੱਥੇ ਕਰਤਾਰਪੁਰ ਲਾਂਘੇ 'ਤੇ ਲੋਕਾਂ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਬਘੇਲ ਨੇ ਕਿਹਾ ਕਿ ਭਾਜਪਾ ਦੇ ਸ਼ਾਸਨ ਵਾਲੇ ਕੇਂਦਰ ਅਤੇ 'ਆਪ' ਸ਼ਾਸਿਤ ਪੰਜਾਬ ਵਿਚਕਾਰ ਸਿਆਸੀ ਟਕਰਾਅ ਕਾਰਨ ਸੂਬੇ ਦੇ ਲੋਕਾਂ ਨੂੰ ਬਹੁਤ ਵੱਡਾ ਦੁੱਖ ਝੱਲਣਾ ਪਿਆ ਹੈ। ਉਨ੍ਹਾਂ ਨੇ ਸੂਬੇ ਅਤੇ ਕੇਂਦਰ ਦੀਆਂ ਸਰਕਾਰਾਂ ਵਿਚਕਾਰ ਤਾਲਮੇਲ ਦੀ ਪੂਰੀ ਘਾਟ ਦਾ ਹਵਾਲਾ ਦਿੰਦੇ ਹੋਏ, ਕਿਹਾ ਕਿ ਸਿਰਫ਼ ਇਸ ਲਈ ਕਿਉਂਕਿ ਇਨ੍ਹਾਂ ਨੇ ਆਪਣੇ ਮਸਲੇ ਹੱਲ ਕਰਨੇ ਸਨ, ਪੰਜਾਬ ਨੂੰ ਇਹ ਦੁੱਖ ਝੱਲਣਾ ਪਿਆ ਹੈ।
ਉਨ੍ਹਾਂ ਕਿਹਾ ਕਿ ਹੜ੍ਹ ਇੱਕ ਕੁਦਰਤੀ ਆਫ਼ਤ ਹੈ ਅਤੇ ਜਿਸਨੇ ਸਾਰਿਆਂ ਨੂੰ ਪ੍ਰਭਾਵਿਤ ਕੀਤਾ ਹੈ, ਲੇਕਿਨ ਫਿਰ ਵੀ ਦੋਵੇਂ ਸਰਕਾਰਾਂ ਪੰਜਾਬ ਦੇ ਲੋਕਾਂ ਨੂੰ ਕੋਈ ਰਾਹਤ ਦੇਣ ਲਈ ਇਕੱਠੇ ਨਹੀਂ ਬੈਠੀਆਂ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਆਗੂਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਸਿਰਫ਼ ਦਿਖਾਵਾ ਹਨ, ਕਿਉਂਕਿ ਇਨ੍ਹਾਂ ਕੋਲ ਪੀੜਤਾਂ ਨੂੰ ਦੇਣ ਲਈ ਕੁਝ ਨਹੀਂ ਹੈ।
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇੰਨੀ ਵੱਡੀ ਤ੍ਰਾਸਦੀ 'ਤੇ ਕੇਂਦਰ ਅਤੇ ਸੂਬੇ ਦੀਆਂ ਸਰਕਾਰ ਦੇ ਅਧਿਕਾਰੀਆਂ ਵਿਚਕਾਰ ਕੋਈ ਮੀਟਿੰਗ ਨਹੀਂ ਹੋਈ ਹੈ। ਜਿਨ੍ਹਾਂ ਹਾਲਾਤਾਂ ਨੇ ਲੱਖਾਂ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਹੜ੍ਹ ਕਾਰਨ 4 ਲੱਖ ਏਕੜ ਤੋਂ ਵੱਧ ਖੇਤਰ ਵਿੱਚ ਫੈਲੇ ਹੋਏ ਖੇਤਾਂ ਵਿੱਚ ਖੜ੍ਹੀਆਂ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਹ ਦੋਵਾਂ ਸਰਕਾਰਾਂ ਵਿੱਚ ਲੋਕਾਂ ਦੀ ਦੁਰਦਸ਼ਾ ਪ੍ਰਤੀ ਸੰਵੇਦਨਸ਼ੀਲਤਾ ਦੀ ਘਾਟ ਨੂੰ ਦਰਸਾਉਂਦਾ ਹੈ।
ਇਸ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ, ਸੀਨੀਅਰ ਕਾਂਗਰਸੀ ਆਗੂ ਨੇ ਪੰਜਾਬ ਦੇ ਦਰਿਆਵਾਂ ਵਿੱਚ ਵਾਧੂ ਪਾਣੀ ਦੇ ਕਥਿਤ ਅਨਿਯੰਤ੍ਰਿਤ ਵਹਾਅ 'ਤੇ ਵੀ ਸਵਾਲ ਉਠਾਇਆ, ਜਦੋਂ ਕਿ ਉਹ ਪਹਿਲਾਂ ਹੀ ਸਮਰੱਥਾ ਨਾਲੋਂ ਵਧ ਭਰੇ ਹੋਏ ਹਨ। ਇਸ ਦੌਰਾਨ ਦਰਿਆਵਾਂ ਦੇ ਬੰਨ੍ਹ ਟੁੱਟਣ ਤੋਂ ਬਾਅਦ ਭਾਰੀ ਤਬਾਹੀ ਹੋਈ ਹੈ।
ਇਸ ਲੜੀ ਹੇਠ, ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਬਘੇਲ ਨੇ ਗੁਰਦਾਸਪੁਰ, ਤਰਨਤਾਰਨ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਹੜ੍ਹ ਪੀੜਤਾਂ ਨਾਲ ਮੁਲਾਕਾਤ ਕੀਤੀ। ਉਹ ਆਪਣੀ ਰਿਪੋਰਟ ਪਾਰਟੀ ਆਗੂ ਰਾਹੁਲ ਗਾਂਧੀ ਨੂੰ ਸੌਂਪਣਗੇ, ਜਿਨ੍ਹਾਂ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਕੌਮੀ ਆਗੂਆਂ ਵਿੱਚੋਂ ਸਭ ਤੋਂ ਪਹਿਲਾਂ ਪੰਜਾਬ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ 'ਤੇ ਆਪਣੀ ਚਿੰਤਾ ਪ੍ਰਗਟ ਕੀਤੀ ਸੀ।
ਉੱਥੇ ਹੀ, ਪ੍ਰਧਾਨ ਮੰਤਰੀ ਦੇ ਪੰਜਾਬ ਦੇ ਪ੍ਰਸਤਾਵਿਤ ਦੌਰੇ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ, ਸੂਬਾ ਕਾਂਗਰਸ ਪ੍ਰਧਾਨ ਵੜਿੰਗ ਨੇ ਕਿਹਾ ਕਿ ਜਿੱਥੇ ਹਰ ਕੋਈ ਇਸ ਸਮੇਂ ਸੂਬੇ ਵਿੱਚ ਉਨ੍ਹਾਂ ਦੇ ਦੌਰੇ ਦਾ ਸਵਾਗਤ ਕਰੇਗਾ। ਉੱਥੇ ਹੀ, ਅਸੀਂ ਉਮੀਦ ਕਰਦੇ ਹਾਂ ਕਿ ਪੰਜਾਬ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।
ਉਨ੍ਹਾਂ ਉਮੀਦ ਪ੍ਰਗਟਾਈ ਕਿ ਪ੍ਰਧਾਨ ਮੰਤਰੀ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਦੇ ਲੋਕਾਂ ਪ੍ਰਤੀ ਉਦਾਰ ਹੋਣਗੇ। ਉਨ੍ਹਾਂ ਯਾਦ ਕੀਤਾ ਕਿ ਯੂਪੀਏ ਦੇ ਸ਼ਾਸਨ ਦੌਰਾਨ, ਜਦੋਂ ਡਾ. ਮਨਮੋਹਨ ਸਿੰਘ ਪ੍ਰਧਾਨ ਮੰਤਰੀ ਸਨ ਅਤੇ ਸੂਬੇ ਵਿੱਚ ਅਕਾਲੀ-ਭਾਜਪਾ ਸਰਕਾਰ ਸੀ ਅਤੇ ਉਸ ਸਮੇਂ ਵੀ ਪੰਜਾਬ ਵਿੱਚ ਹੜ੍ਹ ਆਏ ਸਨ ਤੇ ਉਨ੍ਹਾਂ (ਡਾ. ਸਿੰਘ) ਨੇ ਬਿਨਾਂ ਕਿਸੇ ਦੇਰੀ ਜਾਂ ਸਿਆਸਤ ਤੋਂ ਸੂਬੇ ਨੂੰ 1200 ਕਰੋੜ ਰੁਪਏ ਦੀ ਉਦਾਰ ਸਹਾਇਤਾ ਪ੍ਰਦਾਨ ਕੀਤੀ ਸੀ।