
ਪਿੰਡ ਭੂੰਦੜੀ ਦੀ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਂਦੇ ਕੈਪਟਨ ਸੰਦੀਪ ਸੰਧੂ ਤੇ ਹੋਰ।
ਜਗਰਾਉਂ, 7 ਅਕਤੂਬਰ (ਪਰਮਜੀਤ ਸਿੰਘ ਗਰੇਵਾਲ) : ਮੁੱਲਾਂਪੁਰ ਦਾਖਾ ਦੀਆਂ ਮੰਡੀਆਂ ਸਮੇਤ ਪਿੰਡ ਭੂੰਦੜੀ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਆਸੀ ਸਲਾਹਕਾਰ ਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਮੰਡੀਆਂ 'ਚ ਕਿਸਾਨਾਂ ਨੂੰ ਰੁਲਣ ਨਹੀਂ ਦਿਤਾ ਜਾਵੇਗਾ।
ਕਿਸਾਨਾਂ ਦਾ ਇਕ-ਇਕ ਦਾਣਾ ਚੁਕਿਆ ਜਾਵੇਗਾ। ਸੰਧੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅਪਣਾ ਝੋਨਾ ਸੁਕਾ ਕੇ ਹੀ ਮੰਡੀਆਂ 'ਚ ਲੈ ਕੇ ਆਉਣ ਤਾਕਿ ਝੋਨਾ ਵਿਕਣ ਵੇਲੇ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਦਾ ਝੋਨਾ ਖ਼ਰੀਦਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ਅਤੇ ਖ਼ਰੀਦ ਏਜੰਸੀਆਂ ਵਲੋਂ ਵੀ ਬਾਰਦਾਨੇ ਅਤੇ ਲਿਫ਼ਟਿੰਗ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਕਿਸਮ ਦੀ ਖੱਜਲ-ਖੁਆਰ ਨਾ ਹੋਵੇ, ਇਸ ਦੀ ਸਰਕਾਰ ਵਲੋਂ ਸਖ਼ਤ ਹਦਾਇਤ ਕੀਤੀ ਗਈ ਹੈ। ਇਸ ਮੌਕੇ ਚੇਅਰਮੈਨ ਸੁਰਿੰਦਰ ਸਿੰਘ ਸਿੱਧਵਾਂ, ਚੇਅਰਮੈਨ ਮਨਜੀਤ ਸਿੰਘ ਭਰੋਵਾਲ, ਸੈਕਟਰੀ ਮਨਮੋਹਣ ਸਿੰਘ, ਸੁਪਵਾਈਜ਼ਰ ਤੇਜਿੰਦਰ ਸਿੰਘ, ਸੂਬਾ ਸਕੱਤਰ ਦਰਸ਼ਨ ਸਿੰਘ ਬੀਰਮੀ ਤੇ ਸਰਪੰਚ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।