
ਰਾਹੁਲ ਗਾਂਧੀ ਦੀ ਕਾਨਫ਼ਰੰਸ 'ਚ ਪੁੱਜੇ ਪ੍ਰਤਾਪ ਬਾਜਵਾ ਵਲ ਰਾਹੁਲ ਸਮੇਤ ਕਿਸੇ ਨੇ ਵੀ ਨਾ ਦਿਤੀ ਤਵੱਜੋ
ਮੋਦੀ ਕਿਸਾਨਾਂ ਨੂੰ ਪੰਜਾਬ ਆ ਕੇ ਬਿਲਾਂ ਦੇ ਫ਼ਾਇਦੇ ਸਮਝਾਉਣ : ਰਾਹੁਲ ਗਾਂਧੀ
ਪਟਿਆਲਾ, 6 ਅਕਤੂਰ (ਤੇਜਿੰਦਰ ਫ਼ਤਿਹਪੁਰ) : ਪਟਿਆਲਾ ਵਿਖੇ ਮੰਗਲਵਾਰ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਪ੍ਰੈਸ ਕਾਨਫਰੰਸ ਹੋਈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈ.ਅਮਰਿੰਦਰ ਸਿੰਘ, ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੂਰਜੇਵਾਲਾ, ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ, ਰਾਜਸਭਾ ਮੈਂਬਰ ਦੀਪਇੰਦਰ ਹੁੱਡਾ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਬ੍ਰਹਮ ਮਹਿੰਦਰਾ ਮੰਤਰੀ, ਵਿਜੇ ਇੰਦਰ ਸਿੰਗਲਾ ਵੀ ਮੌਜੂਦ ਸਨ।
ਇਸ ਦੌਰਾਨ ਰਣਦੀਪ ਸਿੰਘ ਸੂਰਜੇਵਾਲ ਨੇ ਸਾਰੀਆਂ ਸਖਸ਼ੀਅਤਾਂ ਨਾਲ ਪੱਤਰਕਾਰਾਂ ਦੀ ਜਾਣ ਪਹਿਚਾਣ ਕਰਵਾਈ ਇਸ ਦੌਰਾਨ ਉਨ੍ਹਾਂ ਵੱਲੋਂ ਇਕ ਵਾਰ ਵੀ ਪ੍ਰਤਾਪ ਸਿੰਘ ਬਾਜਵਾ ਦਾ ਨਾਮ ਨਹੀਂ ਲਿਆ, ਜਦੋਂ ਕਿ ਪਹਿਲੀ ਕਤਾਰ ਦੇ ਵਿੱਚ ਉਨ੍ਹਾਂ ਨਾਲ ਪ੍ਰਤਾਪ ਸਿੰਘ ਬਾਜਵਾ ਬੈਠੇ ਸਨ ਅਤੇ ਇਸ ਤੋਂ ਬਾਅਦ ਜਦੋਂ ਰਾਹੁਲ ਗਾਂਧੀ ਪੱਤਰਕਾਰਾਂ ਨੂੰ ਸੰਬੋਧਨ ਕਰਨ ਲੱਗੇ ਤਾਂ ਨਾਲ ਆਏ ਸਾਰੇ ਆਗੂਆਂ ਦਾ ਨਾਂ ਲਿਆ ਪਰ ਉਨ੍ਹਾਂ ਨੇ ਵੀ ਪ੍ਰਤਾਪ ਸਿੰਘ ਬਾਜਵਾ ਦਾ ਨਾਂ ਨਹੀਂ ਲਿਆ, ਜਿਸ ਤੋਂ ਇਹ ਜਾਪਦਾ ਹੈ ਕਿ ਸ਼ਾਇਦ ਜਾਣ ਬੁੱਝ ਕੇ ਉਨ੍ਹਾਂ ਨੂੰ ਅੱਖੋ ਪਰੋਖੇ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਵਲੋਂ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿੱਚ ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਮੋਦੀ ਨੇ ਇਹ ਬਿੱਲ ਕਿਸਾਨ ਪੱਖੀ ਕੀਤਾ ਹੈ ਤਾਂ ਉਹ ਕਿਸਾਨਾਂ ਦੇ ਵਿੱਚ ਆ ਕੇ ਖੜ੍ਹੇ ਕਿਉਂ ਨਹੀਂ ਹੁੰਦੇ? ਜੇਕਰ ਇਹ ਕਿਸਾਨ ਪੱਖੀ ਬਿਲ ਹਨ ਤਾਂ ਕਿਸਾਨਾਂ ਨੂੰ ਧਰਨੇ ਛੱਡ ਕੇ ਖੁਸ਼ੀ ਮਨਾਉਣੀ ਚਾਹੀਦੀ ਹੈ ਤੇ ਜਸ਼ਨ ਮਨਾਉਣੇ ਚਾਹੀਦੇ ਹਨ। ਕਮਜ਼ੋਰ ਵਿਰੋਧੀ ਧਿਰਾਂ ਕਾਰਨ ਕੇਂਦਰ ਸਰਕਾਰ ਵੱਲੋਂ ਇਕਪਾਸੜ ਫੈਸਲੇ ਲਏ ਜਾਣ ਦੇ ਸੁਝਾਅ ਨੂੰ ਰੱਦ ਕਰਦਿਆਂ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ''ਮੈਨੂੰ ਆਜ਼ਾਦ ਪ੍ਰੈਸ ਅਤੇ ਅਹਿਮ ਸੰਸਥਾਵਾਂ ਦੇ ਦਿਓ ਅਤੇ ਮੋਦੀ ਸਰਕਾਰ ਲੰਮਾ ਸਮਾਂ ਨਹੀਂ ਟਿਕ ਸਕੇਗੀ।'' ਉਨ੍ਹਾਂ ਕਿਹਾ ਕਿਸੇ ਵੀ ਮੁਲਕ ਵਿੱਚ ਲੋਕਾਂ ਦੀ ਆਵਾਜ਼ ਬਣਨ ਲਈ ਮੀਡੀਆ, ਨਿਆਂਇਕ ਪ੍ਰਣਾਲੀ ਅਤੇ ਸੰਸਥਾਵਾਂ ਸਮੇਤ ਵਿਰੋਧੀ ਧਿਰਾਂ ਢਾਂਚੇ ਵਿੱਚ ਰਹਿ ਕੇ ਕੰਮ ਕਰਦੀਆਂ। ਉਨ੍ਹਾਂ ਕਿਹਾ,''ਭਾਰਤ ਵਿੱਚ ਸਮੁੱਚੇ ਢਾਂਚੇ ਨੂੰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਕੰਟਰੋਲ ਕੀਤਾ ਹੋਇਆ ਹੈ ਅਤੇ ਆਵਾਮ ਦੀ ਆਵਾਜ਼ ਬਣਨ ਲਈ ਉਲੀਕੀ ਗਈ ਰੂਪ-ਰੇਖਾ ਨੂੰ ਹਥਿਆ ਲਿਆ ਗਿਆ ਹੈ।''
ਕਾਲੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਆਪਣੀ 'ਖੇਤੀ ਬਚਾਓ ਯਾਤਰਾ' ਦੇ ਤੀਜੇ ਅਤੇ ਆਖਰੀ ਦਿਨ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਸਾਰੀਆਂ ਪ੍ਰਮੁੱਖ ਸੰਸਥਾਵਾਂ 'ਤੇ ਕਾਬਜ਼ ਹੋ ਚੁੱਕੀ ਹੈ ਅਤੇ ਇਸ ਨੇ ਅਜਿਹਾ ਕਰਨ ਲਈ ਜਮਹੂਰੀ ਢੰਗ ਨਹੀਂ ਸਗੋਂ ਜ਼ੋਰ-ਜਬਰ ਦਾ ਤਰੀਕਾ ਅਪਣਾਇਆ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਭਾਰਤ ਦੀ ਰੂਹ 'ਤੇ ਕਾਬਜ਼ ਹੋ ਚੁੱਕੀ ਹੈ ਜਿਸ ਨੂੰ ਲੈ ਕੇ ਕਾਂਗਰਸ ਪਾਰਟੀ ਲੜਾਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਅੱਗੇ ਲੜਾਈ ਹੋਰ ਵੀ ਹਮਲਾਵਰ ਹੁੰਦੀ ਜਾਵੇਗੀ।
ਸਰਕਾਰ ਵੱਲੋਂ ਸੰਸਥਾਵਾਂ 'ਤੇ ਕਾਬਜ਼ ਹੋਣ ਦੀ ਵੱਡੀ ਸਮੱਸਿਆ ਦਾ ਜ਼ਿਕਰ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਦੁਨੀਆ ਦਾ ਕੋਈ ਵੀ ਮੁਲਕ ਅੱਜ ਅਜਿਹੀ ਸਥਿਤੀ ਦਾ ਸਾਹਮਣਾ ਨਹੀਂ ਕਰ ਰਿਹਾ ਕਿ ਉਸ ਦੀ ਜ਼ਮੀਨ ਕਿਸੇ ਹੋਰ ਮੁਲਕ ਨੇ ਹਥਿਆ ਲਈ ਹੈ ਅਤੇ ਮੀਡੀਆ ਸਰਕਾਰ ਤੋਂ ਸਵਾਲ ਵੀ ਨਾ ਪੁੱਛ ਸਕਦਾ ਹੋਵੇ। ਉਨ੍ਹਾਂ ਕਿਹਾ ਕਿ ਮੋਦੀ ਦੀ ਭਾਰਤ ਦੇ ਲੋਕਾਂ ਵਿੱਚ ਕੋਈ ਦਿਲਚਸਪੀ ਨਹੀਂ ਹੈ ਸਗੋਂ ਉਸ ਦਾ ਸਰੋਕਾਰ ਤਾਂ ਸਿਰਫ ਆਪਣੇ ਅਕਸ ਨੂੰ ਬਚਾਉਣ ਅਤੇ ਚਮਕਾਉਣ ਨਾਲ ਤੱਕ ਮਹਿਦੂਦ ਹੈ ਅਤੇ ਜੇਕਰ ਉਹ ਚੀਨ ਦੀ ਘੁਸਪੈਠ ਨੂੰ ਮੰਨ ਲੈਂਦੇ ਤਾਂ ਇਸ ਅਕਸ ਨੂੰ ਸੱਟ ਵੱਜਣੀ ਸੀ। ਰਾਹੁਲ ਗਾਂਧੀ ਨੇ ਕਿਹਾ ਕਿ ਮੀਡੀਆ ਉਨ੍ਹਾਂ ਦੇ ਅਕਸ ਨੂੰ ਪ੍ਰਚਾਰਨ ਵਿੱਚ ਮਦਦ ਕਰਕੇ ਦੋਸ਼ ਵੀ ਲਗਾਉਂਦਾ ਹੈ ਅਤੇ ਮੋਦੀ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਪ੍ਰੈਸ ਉਸ ਦੇ ਇਕਪਾਸੜ ਬਿਆਨਾਂ ਨੂੰ ਉਭਾਰੇਗੀ। ਉਨ੍ਹਾਂ ਨੇ ਮੀਡੀਆ ਨੂੰ ਕਿਹਾ,''ਤੁਸੀਂ ਪ੍ਰੈਸ ਕਾਨਫਰੰਸਾਂ ਵਿੱਚ ਉਨ੍ਹਾਂ ਨੂੰ ਸਵਾਲ ਕਿਉਂ ਨਹੀਂ ਕਰਦੇ?''
ਅੰਤ ਵਿੱਚ ਪੱਤਰਕਾਰਾਂ ਵੱਲੋਂ ਰਾਹੁਲ ਗਾਂਧੀ ਨੂੰ ਸਵਾਲਾਂ ਦੀ ਬੁਛਾਰਾਂ ਜਦੋਂ ਕੀਤੀਆਂ ਗਈਆਂ ਤਾਂ ਰਾਹੁਲ ਗਾਂਧੀ ਨੇ ਥੋੜਾ ਸਾਂਹ ਲੈਂਦਿਆਂ ਕੈ.ਅਮਰਿੰਦਰ ਸਿੰਘ ਵੱਲ ਇਸ਼ਾਰਾ ਕੀਤਾ ਕਿ ਤੁਸੀਂ ਹੁਣ ਪੱਤਰਕਾਰਾਂ ਨੂੰ ਸੰਬੋਧਨ ਕਰੋ ਤੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿਓ ਪਰ ਕੈ.ਅਮਰਿੰਦਰ ਸਿੰਘ ਦੇ ਮੁੜ ਰਾਹੁਲ ਗਾਂਧੀ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਜਿਹੜੇ ਵੀ ਪੱਤਰਕਾਰਾਂ ਵੱਲੋਂ ਸਵਾਲ ਪੁਛੇ ਜਾ ਰਹੇ ਹਨ, ਉਨ੍ਹਾਂ ਸਵਾਲਾਂ ਦਾ ਜਵਾਬ ਤੁਸੀਂ ਦਿਓ।
ਮੁੜ ਤੋਂ ਪੱਤਰਕਾਰਾਂ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਮੋਦੀ ਸਰਕਾਰ ਵੱਲੋਂ ਇਹਨਾਂ ਮਾਰੂ ਕਾਨੂੰਨਾਂ ਨਾਲ ਕਿਸਾਨਾਂ ਨੂੰ ਤਬਾਹ ਕਰਨ ਵਿਰੁੱਧ ਹਰ ਪੱਧਰ 'ਤੇ ਜੰਗ ਲੜਨ ਲਈ ਵਚਨਬੱਧ ਹਨ, ਜਿਵੇਂ ਮੋਦੀ ਸਰਕਾਰ ਨੇ ਪਹਿਲਾਂ ਐਸ.ਐਮ.ਈਜ ਅਤੇ ਛੋਟੇ ਵਪਾਰੀਆਂ ਨੂੰ ਨੋਟਬੰਦੀ ਅਤੇ ਜੀਐਸਟੀ ਨਾਲ ਨਿਸ਼ਾਨਾ ਬਣਾਇਆ ਸੀ। ਉਹਨਾਂ ਕਿਹਾ ਕਿ, ''ਮੈਂ ਉਨ੍ਹਾਂ ਨਾਲ ਲੜਾਂਗਾ ਅਤੇ ਉਨ੍ਹਾਂ ਨੂੰ ਰੋਕਾਂਗਾ।'' ਉਹਨਾਂ ਅੱਗੇ ਕਿਹਾ ਕਿ ਜੇਕਰ ਐਮਐਸਪੀ ਖ਼ਤਮ ਹੋ ਗਈ ਤਾਂ ਪੰਜਾਬ, ਹਰਿਆਣਾ ਅਤੇ ਹੋਰ ਖੇਤੀਬਾੜੀ ਵਾਲੇ ਸੂਬਿਆਂ ਜਿਵੇਂ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦਾ ਕੋਈ ਭਵਿੱਖ ਨਹੀਂ ਬਚੇਗਾ।
ਮੋਦੀ ਅਤੇ ਉਹਨਾਂ ਦੇ ਸਹਿਯੋਗੀਆਂ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਆਪਣੇ ਵਿਰੋਧ ਪ੍ਰਦਰਸ਼ਨ ਦਾ ਮਜ਼ਾਕ ਉਡਾਉਣ ਬਾਰੇ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ, ਸ੍ਰੀ ਰਾਹੁਲ ਗਾਂਧੀ ਨੇ ਇਸ ਨੂੰ ਨਕਾਰਦਿਆਂ ਕਿਹਾ ਕਿ ਮੋਦੀ ਅਤੇ ਉਸਦੇ ਸਹਿਯੋਗੀਆਂ ਨੇ ਫਰਵਰੀ ਵਿਚ ਵੀ ਅਜਿਹਾ ਹੀ ਕੀਤਾ ਸੀ, ਜਦੋਂ ਉਹਨਾਂ ਨੇ ਪਹਿਲੀ ਵਾਰ ਕਰੋਨਾ ਬਾਰੇ ਸੁਚੇਤ ਕੀਤਾ ਸੀ ਪਰ ਹੁਣ ਸੱਚ ਸਾਰਿਆਂ ਦੇ ਸਾਹਮਣੇ ਹੈ। ਉਹਨਾਂ ਅੱਗੇ ਕਿਹਾ ਕਿ ਛੇ ਮਹੀਨਿਆਂ ਬਾਅਦ, ਖੇਤੀ ਕਾਨੂੰਨਾਂ ਬਾਰੇ ਜੋ ਉਹ ਹੁਣ ਕਹਿ ਰਹੇ ਹਨ, ਉਸ ਬਾਰੇ ਸੱਚਾਈ ਸਾਰਿਆਂ ਦੇ ਸਾਹਮਣੇ ਹੋਵੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਪਹਿਲੇ ਬਿਆਨ, ਜਿਸ ਵਿਚ ਮੋਦੀ ਨੇ ਕਿਹਾ ਸੀ ਕਿ ਭਾਰਤ 22 ਦਿਨਾਂ ਵਿਚ ਕੋਵਿਡ ਵਿਰੁੱਧ ਜੰਗ ਜਿੱਤ ਲਵੇਗਾ, 'ਤੇ ਤਨਜ਼ ਕੱਸਦਿਆਂ ਉਹਨਾਂ ਕਿਹਾ ਕਿ, ''ਤੁਸੀਂ ਖੁਦ ਦੇਖ ਸਕਦੇ ਹੋ ਕਿ ਕੌਣ ਵਧੇਰੇ ਸਮਝਦਾਰੀ ਦੀ ਗੱਲ ਕਰਦਾ ਹੈ- ਮੋਦੀ ਜਾਂ ਮੈਂ।'' ਸ੍ਰੀ ਰਾਹੁਲ ਨੇ ਕਿਹਾ ਕਿ, ''ਤੁਸੀਂ (ਮੀਡੀਆ) ਫੈਸਲਾ ਕਰ ਸਕਦੇ ਹੋ ਕਿ ਕੌਣ ਮਜ਼ਾਕ ਕਰ ਰਿਹਾ ਹੈ।''
ਸ੍ਰੀ ਰਾਹੁਲ ਨੇ ਦੱਸਿਆ ਕਿ ਸਾਰੇ ਸਿਸਟਮ ਆਪੋ-ਵਿੱਚੀ ਜੁੜੇ ਹੁੰਦੇ ਹਨ ਅਤੇ ਇੱਕ ਦੇ ਤਬਾਹ ਹੋਣ ਨਾਲ ਦੂਜੇ ਵੀ ਤਬਾਹ ਹੋ ਜਾਂਦੇ ਹਨ, ਉਸੇ ਤਰ੍ਹਾਂ ਇਹ ਖੇਤੀ ਕਾਨੂੰਨ ਗਰੀਬਾਂ ਲਈ ਐਮਐਸਪੀ ਅਤੇ ਜਨਤਕ ਵੰਡ ਪ੍ਰਣਾਲੀ ਨੂੰ ਵੀ ਖ਼ਤਮ ਕਰ ਦੇਣਗੇ। ਉਨ੍ਹਾਂ ਕਿਹਾ, ''ਇਹ ਖਤਰਾ ਅਸਲੀਅਤ ਵਿੱਚ ਹੈ ਅਤੇ ਇਸ ਨੂੰ ਨਜਰਅੰਦਾਜ਼ ਨਹੀਂ ਕੀਤਾ ਜਾ ਸਕਦਾ ਕਿਉਂਜੋ ਮੋਦੀ ਅਤੇ ਉਸ ਦੇ ਸਹਿਯੋਗੀ ਮੇਰਾ ਮਜ਼ਾਕ ਉਡਾ ਰਹੇ ਹਨ।''
ਸ੍ਰੀ ਰਾਹੁਲ ਨੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਨਿਰਦੇਸ਼ਾਂ 'ਤੇ ਐਸਐਮਈਜ਼ ਅਤੇ ਛੋਟੇ ਕਾਰੋਬਾਰਾਂ ਵਰਗੀਆਂ ਮੁੱਖ ਪ੍ਰਣਾਲੀਆਂ, ਜੋ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਲੱਖਾਂ ਨੌਜਵਾਨਾਂ ਲਈ ਰੁਜ਼ਗਾਰ ਦਾ ਸਾਧਨ ਵੀ ਹਨ, ਨੂੰ ਖ਼ਤਮ ਕਰਨ ਲਈ ਮੋਦੀ ਸਰਕਾਰ ਦੀ ਕਰੜੀ ਨਿੰਦਿਆ ਕੀਤੀ। ਉਨ੍ਹਾਂ ਸੁਚੇਤ ਕੀਤਾ ਕਿ ਮੋਦੀ, ਅੰਬਾਨੀ ਅਤੇ ਅਡਾਨੀ ਦੀ ਤਿੱਕੜੀ ਨੇ ਪਹਿਲਾਂ ਐਸ.ਐਮ.ਈਜ਼ ਨੂੰ ਨਸ਼ਟ ਕਰਕੇ ਰੁਜ਼ਗਾਰ ਦੇ ਮੌਕਿਆਂ ਨੂੰ ਖ਼ਤਮ ਕਰ ਦਿੱਤਾ, ਹੁਣ ਉਹ ਖੇਤੀਬਾੜੀ ਦੀਆਂ ਨੀਹਾਂ ਹਿਲਾ ਰਹੇ ਹਨ ਅਤੇ ਜਲਦ ਹੀ ਭਾਰਤ ਦੇ ਲੋਕਾਂ ਨੂੰ ਭੋਜਨ ਅਤੇ ਨੌਕਰੀ ਤੋਂ ਹੱਥ ਧੋਣਾ ਪਵੇਗਾ ਅਤੇ ਉਹਨਾਂ ਦਾ ਕੋਈ ਭਵਿੱਖ ਨਹੀਂ ਬਚੇਗਾ।
ਸ੍ਰੀ ਰਾਹੁਲ ਨੇ ਤਨਜ਼ ਕਸਦਿਆਂ ਕਿਹਾ ਕਿ ਕਿਸੇ ਵੀ ਸਥਿਤੀ ਵਿਚ, ਜੇਕਰ ਮੋਦੀ ਨੂੰ ਪੂਰਾ ਭਰੋਸਾ ਸੀ ਕਿ ਇਹ ਕਾਨੂੰਨ ਕਿਸਾਨਾਂ ਲਈ ਫਾਇਦੇਮੰਦ ਹਨ, ਤਾਂ ਉਨ੍ਹਾਂ ਨੇ ਸੰਸਦ ਵਿਚ ਬਹਿਸ ਦਾ ਸਾਹਮਣਾ ਕਿਉਂ ਨਹੀਂ ਕੀਤਾ, ਉਹਨਾਂ ਕੋਵਿਡ ਦੇ ਸਮੇਂ ਹੀ ਕਾਨੂੰਨਾਂ ਨੂੰ ਪੇਸ਼ ਕਿਉਂ ਕੀਤਾ ਜਦੋਂ ਕਿਸਾਨ ਸੜਕਾਂ 'ਤੇ ਬਾਹਰ ਨਹੀਂ ਆ ਸਕਦੇ ਸਨ, ਉਹਨਾਂ ਨੇ ਪ੍ਰੈਸ ਕਾਨਫਰੰਸ ਕਿਉਂ ਨਹੀਂ ਕੀਤੀ ਜਾਂ ਉਹਨਾਂ ਨੇ ਆ ਕੇ ਪੰਜਾਬ ਦੇ ਕਿਸਾਨਾਂ ਨਾਲ ਗੱਲਬਾਤ ਕਿਉਂ ਨਹੀਂ ਕੀਤੀ।
ਬਾਅਦ ਵਿੱਚ ਜਦੋਂ ਰਾਹੁਲ ਗਾਂਧੀ ਦੇ ਕਾਫਲੇ ਨੇ ਹਰਿਆਣਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਜਬਰਨ ਰੋਕਣ ਦੀ ਕੋਸ਼ਿਸ਼ਾਂ ਕੀਤੀਆਂ ਅਤੇ ਪਾਣੀ ਦੀਆਂ ਵੀ ਬੁਛਾਰਾਂ ਕੀਤੀਆਂ ਪਰ ਭਾਰੀ ਜੱਦੋ ਜਹਿਦ ਤੋਂ ਬਾਅਦ ਇਸ ਕਾਫਲੇ ਨੂੰ ਹਰਿਆਣਾ ਵਿੱਚ ਦਾਖਲ ਹੋਣ 'ਚ ਕਾਮਯਾਬ ਹੋ ਗਏ।
ਅੰਤ ਵਿੱਚ ਪੱਤਰਕਾਰਾਂ ਵੱਲੋਂ ਖੇਤੀ ਬਿਲ੍ਹਾਂ ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਤੋਂ ਪੁਛੇ ਗਏ ਇਕ ਸਵਾਲ ਤੋਂ ਬਾਅਦ ਕੈ.ਅਮਰਿੰਦਰ ਸਿੰਘ ਨੇ ਕਿਹਾ ਕਿ ਜਲਦ ਹੀ ਵਿਸ਼ੇਸ਼ ਸ਼ੈਸ਼ਨ ਬੁਲਾਉਣਗੇਂ ਅਤੇ ਕਾਨੂੰਨੀ ਮਾਹਰਾਂ ਦੀ ਸਲਾਹ ਲੈ ਕੇ ਕਾਨੂੰਨੀ ਚਾਰਾਜੋਈ ਵੀ ਕਰਨਗੇਂ।
ਫੋਟੋ ਨੰ: 6 ਪੀਏਟੀ 105
image