
ਪ੍ਰਸ਼ਾਸਨ ਨੇ ਜਾਰੀ ਕੀਤੇ ਸਖ਼ਤ ਹੁਕਮ
ਅੰਮ੍ਰਿਤਸਰ : ਜਿਵੇਂ ਹੀ ਦੀਵਾਲੀ ਵਰਗੇ ਤਿਉਹਾਰਾਂ ਦਾ ਸੀਜ਼ਨ ਨਜ਼ਦੀਕ ਆ ਰਿਹਾ ਹੈ ਉਵੇਂ ਹੀ ਨਾਜਾਇਜ਼ ਪਟਾਕੇ ਬਣਾਉਣ ਦਾ ਕੰਮ ਵੀ ਜ਼ੋਰ ਫੜ ਰਿਹਾ ਹੈ। ਇਸ ਦੇ ਚਲਦੇ ਪ੍ਰਸ਼ਾਸਨ ਨੇ ਵੀ ਸਖਤ ਰੁਖ਼ ਅਖ਼ਤਿਆਰ ਕੀਤਾ ਹੋਇਆ ਹੈ। ਪ੍ਰਸ਼ਾਸਨ ਵਲੋਂ ‘ਕਾਨਾ ਹਵਾਈ’ ਅਤੇ ਤੋੜੇ ਦੇ ਬੰਬ ਬਣਾਉਣ 'ਤੇ ਪਾਬੰਦੀ ਲਗਾਈ ਹੈ ਕਿਉਂਕਿ ਇਹ ਖਤਰਨਾਕ ਵਿਸਫੋਟਕ ਪਟਾਕੇ ਕਈ ਹਾਦਸਿਆਂ ਦਾ ਕਾਰਨ ਬਣਦੇ ਹਨ।
ਇਨ੍ਹਾਂ ਫੈਕਟਰੀਆਂ ’ਤੇ ਕਾਰਵਾਈ ਕਰਨ ਲਈ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ ਹੇਠ ਐੱਸ.ਡੀ.ਐੱਮ. ਰੈਂਕ ਦੇ ਅਧਿਕਾਰੀਆਂ ਨਾਲ ਪੁਲਸ ਟੀਮਾਂ ਵੱਲੋਂ ਸਰਚ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਨਾਜਾਇਜ਼ ਪਟਾਕਿਆਂ ਦੇ ਨਿਰਮਾਣ ਨੂੰ ਰੋਕਿਆ ਜਾ ਸਕੇ ਅਤੇ ਭਵਿੱਖ ਵਿਚ ਕਿਸੇ ਵੀ ਵੱਡੇ ਹਾਦਸੇ ਤੋਂ ਬਚਿਆ ਜਾ ਸਕੇ।
ਪ੍ਰਸ਼ਾਸਨ ਵਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਫੈਕਟਰੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਪਟਾਕਿਆਂ ਦੇ ਖੋਖੇ ਲਗਾਉਣ ਲਈ ਪ੍ਰਸ਼ਾਸਨ ਨੂੰ 2195 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦਾ ਡਰਾਅ ਜਲਦੀ ਹੀ ਕੱਢਿਆ ਜਾਵੇਗਾ। ਇਸ ਸਬੰਧੀ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਪਟਾਕਿਆਂ ਦੀ ਵਿਕਰੀ ਅਤੇ ਨਿਰਮਾਣ ਲਈ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਜ਼ਰੂਰੀ ਹੈ।