
ਝੂਠੀਆਂ ਖ਼ਬਰਾਂ ਨਾ ਫੈਲਾਈਆਂ ਜਾਣ: ਬੀਬੀ ਜਗੀਰ ਕੌਰ
ਚੰਡੀਗੜ੍ਹ: ਪੰਜਾਬ ਮਾਰਕਫੈੱਡ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਵਿਜੀਲੈਂਸ ਦੀ ਰਡਾਰ 'ਤੇ ਹਨ। ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈਆਂ ਖ਼ਬਰਾਂ ਅਨੁਸਾਰ ਸ਼ੁਕਰਵਾਰ ਨੂੰ ਵਿਜੀਲੈਂਸ ਟੀਮ ਨੇ ਬੀਬੀ ਜਗੀਰ ਕੌਰ ਦੇ ਬੇਗੋਵਾਲ ਡੇਰੇ 'ਤੇ ਛਾਪਾ ਮਾਰਿਆ ਅਤੇ ਕਰੀਬ ਦੋ ਘੰਟੇ ਤਕ ਪੁਛਗਿਛ ਕੀਤੀ ਅਤੇ ਜਾਂਚ ਕੀਤੀ।
ਇਹ ਵੀ ਪੜ੍ਹੋ: ਏਸ਼ੀਆਈ ਖੇਡਾਂ ਦੇ ਸੋਨ ਤਮਗ਼ਾ ਜੇਤੂ ਹਾਕੀ ਖਿਡਾਰੀਆਂ ਅਤੇ ਸਟਾਫ ਨੂੰ 5 ਲੱਖ ਰੁਪਏ ਦੇਵੇਗੀ ਓਡੀਸ਼ਾ ਸਰਕਾਰ
ਬੀਬੀ ਜਗੀਰ ਕੌਰ ਵਲੋਂ ਖ਼ਬਰਾਂ ਦਾ ਖੰਡਨ
ਹਾਲਾਂਕਿ ਬੀਬੀ ਜਗੀਰ ਕੌਰ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ। ਇਸ ਸਬੰਧੀ ਜਦੋਂ ਰੋਜ਼ਾਨਾ ਸਪੋਕਸਮੈਨ ਨੇ ਬੀਬੀ ਜਗੀਰ ਕੌਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਇਨ੍ਹਾਂ ਖ਼ਬਰਾਂ ਨੂੰ ਫਰਜ਼ੀ ਦਸਿਆ ਹੈ। ਉਨ੍ਹਾਂ ਦਸਿਆ ਕਿ ਅੱਜ ਤਕ ਕੋਈ ਵਿਜੀਲੈਂਸ ਅਧਿਕਾਰੀ ਉਨ੍ਹਾਂ ਦੇ ਘਰ ਨਹੀਂ ਆਇਆ ਹੈ। ਉਨ੍ਹਾਂ ਅਪੀਲ ਕੀਤੀ ਅਜਿਹੀਆਂ ਖ਼ਬਰਾਂ ਉਤੇ ਯਕੀਨ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਜੀਲੈਂਸ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: ਵਾਹਨ ਖਰੀਦਣ ਦੀ ਤਿਆਰੀ ਕਰ ਰਹੇ ਲੋਕਾਂ ਨੂੰ ਝਟਕਾ! ਚੰਡੀਗੜ੍ਹ ’ਚ ਪੈਟਰੋਲ ਨਾਲ ਚੱਲਣ ਵਾਲੇ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਬੰਦ
ਖ਼ਬਰਾਂ ਅਨੁਸਾਰ ਵਿਜੀਲੈਂਸ ਦੀ ਟੀਮ ਨੇ ਬੇਗੋਵਾਲ ਡੇਰੇ ’ਤੇ ਪਹੁੰਚ ਕੇ ਨਗਰ ਪੰਚਾਇਤ ਦੀ ਸਰਕਾਰੀ ਜ਼ਮੀਨ ’ਤੇ ਹੋਏ ਕਬਜ਼ੇ ਬਾਰੇ ਕਰੀਬ ਦੋ ਘੰਟੇ ਪੁਛਗਿਛ ਕੀਤੀ। ਇਸ ਜ਼ਮੀਨ ਨੂੰ ਲੈ ਕੇ ਬੀਬੀ ਜਗੀਰ ਕੌਰ ਵਿਰੁਧ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਪਾਈ ਗਈ ਹੈ, ਜਿਸ ਵਿਚ ਉਨ੍ਹਾਂ ’ਤੇ ਨਗਰ ਪੰਚਾਇਤ ਬੇਗੋਵਾਲ ਦੀ ਜ਼ਮੀਨ ’ਤੇ ਕਬਜ਼ਾ ਕਰਨ ਦਾ ਇਲਜ਼ਾਮ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ 'ਚ 100 ਤਮਗ਼ੇ ਪੂਰੇ ਹੋਣ ’ਤੇ ਦਿਤੀ ਵਧਾਈ; 10 ਅਕਤੂਬਰ ਨੂੰ ਕਰਨਗੇ ਖਿਡਾਰੀਆਂ ਦਾ ਸਵਾਗਤ
ਸੂਤਰਾਂ ਦੀ ਮੰਨੀਏ ਤਾਂ ਇਸ ਦੌਰਾਨ ਟੀਮ ਨੇ ਬੀਬੀ ਜਗੀਰ ਕੌਰ ਦੇ ਡੇਰੇ ਤੋਂ ਲੈਪਟਾਪ, ਮੋਬਾਈਲ ਅਤੇ ਜ਼ਮੀਨ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕੀਤੇ ਹਨ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਵੀਰਵਾਰ ਨੂੰ ਵਿਜੀਲੈਂਸ ਨੇ ਭੁਲੱਥ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਸਬੰਧਤ ਦਸਤਾਵੇਜ਼ਾਂ ਸਮੇਤ ਤਲਬ ਕੀਤਾ ਸੀ। ਕਰੀਬ ਇਕ ਹਫ਼ਤਾ ਪਹਿਲਾਂ ਟੀਮ ਨੇ ਨਗਰ ਪੰਚਾਇਤ ਭੁਲੱਥ ਵਿਚ ਛਾਪਾ ਮਾਰਿਆ ਸੀ।