
ਬਦਲੇ ਦੀ ਭਾਵਨਾ ਨਾਲ ਪੰਜਾਬ ਦੇ ਅੰਨਦਾਤਾ ਨੂੰ ਨਿਸ਼ਾਨਾ ਬਣਾ ਰਹੀ ਹੈ ਮੋਦੀ ਸਰਕਾਰ
ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ, ''ਪੰਜਾਬ ਵਿੱਚ ਡੀ.ਏ.ਪੀ. ਖਾਦ ਦੀ ਭਾਰੀ ਕਮੀ ਹੋਣ ਕਾਰਨ ਜਿੱਥੇ ਖਾਦ ਡੀਲਰਾਂ ਵੱਲੋਂ ਕਾਲ਼ਾਬਾਜਾਰੀ ਕੀਤੀ ਜਾ ਰਹੀ ਹੈ, ਉਥੇ ਹੀ ਕਣਕ ਦੀ ਬਿਜਾਈ ਪਿੱਛੜ ਰਹੀ ਹੈ। ਇਸ ਕਾਰਨ ਸੂਬੇ ਅਤੇ ਕਿਸਾਨਾਂ ਦੀ ਆਰਥਿਕਤਾ 'ਤੇ ਬਹੁਤ ਹੀ ਮਾੜਾ ਅਸਰ ਪਵੇਗਾ।'' ਉਨਾਂ ਡੀ.ਏ.ਪੀ ਖਾਦ ਦੀ ਅਣਕਿਆਸੀ ਘਾਟ ਲਈ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਚੰਨੀ ਸਰਕਾਰ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਉਂਦਿਆਂ ਇਸ ਸੋਚੀ ਸਮਝੀ ਕਿੱਲਤ ਨੂੰ ਕਿਸਾਨ ਅਤੇ ਪੰਜਾਬ ਵਿਰੁੱਧ ਗਹਿਰੀ ਸਾਜ਼ਿਸ਼ ਕਰਾਰ ਦਿੱਤਾ ਹੈ।
Kultar Singh Sandhwa
ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ''ਕਿਸਾਨਾਂ ਦੇ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀਆਂ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਦੀ ਮਾੜੀ ਨੀਅਤ ਅਤੇ ਨੀਤੀ ਮੁੜ ਜੱਗ ਜਾਹਰ ਹੋਈ, ਕਿਉਂਕਿ ਪੰਜਾਬ 'ਚ ਹਾੜੀ ਦੀਆਂ ਫ਼ਸਲਾਂ ਖਾਸ ਕਰਕੇ ਕਣਕ ਦੀ ਬਿਜਾਈ ਲਈ ਲੋੜੀਂਦੀ ਡੀ.ਏ.ਪੀ. ਖਾਦ ਦੀ ਵੱਡੀ ਘਾਟ ਪਾਈ ਜਾ ਰਹੀ ਹੈ।
kultar singh sandhwan
ਜਿੱਥੇ ਕੇਂਦਰ ਸਰਕਾਰ ਨੇ ਸੋਚੀ ਸਮਝੀ ਸਾਜਿਸ਼ ਤਹਿਤ ਪੰਜਾਬ ਨੂੰ ਖਾਦ ਦੀ ਸਪਲਾਈ 'ਚ ਦੇਰੀ ਕੀਤੀ ਹੈ, ਉਥੇ ਹੀ ਪੰਜਾਬ ਦੀ ਕਾਂਗਰਸ ਸਰਕਾਰ ਸਮੇਂ ਅਨੁਸਾਰ ਖਾਦ ਦਾ ਪ੍ਰਬੰਧ ਕਾਰਨ ਵਿੱਚ ਨਾਕਾਮ ਹੋਈ ਹੈ।'' ਉਨਾਂ ਦੱਸਿਆ ਕਿ ਪੰਜਾਬ ਵਿੱਚ ਝੋਨੇ ਦੀ ਕਟਾਈ ਤੋਂ ਤੁਰੰਤ ਬਾਅਦ ਹਾੜੀ ਦੀਆਂ ਫ਼ਸਲਾਂ ਕਣਕ, ਆਲੂ, ਪਸ਼ੂਆਂ ਦੇ ਚਾਰੇ ਆਦਿ ਦੀ ਬਿਜਾਈ ਕੀਤੀ ਜਾਂਦੀ ਹੈ ਅਤੇ ਇਨਾਂ ਫ਼ਸਲਾਂ ਦੀ ਬਿਜਾਈ ਲਈ ਡੀ.ਏ.ਪੀ. ਖਾਦ ਦੀ ਬਹੁਤ ਹੀ ਅਹਿਮ ਲੋੜ ਹੁੰਦੀ ਹੈ, ਪਰ ਇੰਜ ਜਾਪਦਾ ਡੀ.ਏ.ਪੀ. ਖਾਦ ਦੀ ਸਮੇਂ ਸਿਰ ਲੋੜੀਂਦੀ ਸਪਲਾਈ ਨਾ ਦੇ ਕੇ ਕੇਂਦਰ ਸਰਕਾਰ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਕਿੜ ਕੱਢ ਰਹੀ ਹੈ।
Kultar Singh Sandhwan
ਸੰਧਵਾਂ ਨੇ ਕਿਹਾ ਖੇਤੀ ਪ੍ਰਧਾਨ ਪੰਜਾਬ ਵਿੱਚ ਹਾੜੀ ਦੀ ਫ਼ਸਲ ਦੀ ਬਿਜਾਈ ਲਈ 5.5 ਲੱਖ ਟਨ ਡੀ.ਏ.ਪੀ ਦੀ ਲੋੜ ਹੈ। ਪ੍ਰੰਤੂ ਕੇਂਦਰ ਸਰਕਾਰ ਵੱਲੋਂ ਅਕਤੂਬਰ 'ਚ 1.97 ਲੱਖ ਮੀਟ੍ਰਿਕ ਟਨ ਅਤੇ ਨਵੰਬਰ 2.56 ਲੱਖ ਮੀਟ੍ਰਿਕ ਟਨ ਖਾਦ ਜਾਰੀ ਕੀਤੀ ਗਈ ਹੈ, ਜੋ ਲੋੜ ਨਾਲੋਂ 1 ਲੱਖ ਮੀਟ੍ਰਿਕ ਟਨ ਘੱਟ ਹੈ। ਉਨਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕੇਂਦਰ ਵੱਲੋਂ ਜਾਰੀ ਖਾਦ ਵੀ ਪੂਰੀ ਪ੍ਰਾਪਤੀ ਨਹੀਂ ਕਰ ਸਕੀ। ਸਰਕਾਰੀ ਅੰਕੜਿਆਂ ਅਨੁਸਾਰ ਸੂਬੇ ਵਿੱਚ ਕਰੀਬ 1.50 ਲੱਖ ਮੀਟ੍ਰਿਕ ਟਨ ਖਾਦ ਦੀ ਘਾਟ ਪਾਈ ਜਾ ਰਹੀ ਹੈ।
Kultar Singh Sandhwan
ਵਿਧਾਇਕ ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਖਾਦ ਦੀ ਸਪਲਾਈ ਦੇਣਾ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਜ਼ਿੰਮੇਵਾਰੀ ਹੈ, ਜਿਸ ਨੂੰ ਨਿਭਾਉਣ ਵਿੱਚ ਕੇਂਦਰ ਸਰਕਾਰ ਫ਼ੇਲ ਸਾਬਤ ਹੋਈ ਹੈ। ਉਨਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਬਦਲੇ ਦੀ ਭਾਵਨਾ ਨਾਲ ਪੰਜਾਬ ਦੇ ਅੰਨਦਾਤਾ ਨੂੰ ਨਿਸ਼ਾਨਾ ਬਣਾ ਰਹੀ ਹੈ, ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਮੋਦੀ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਝੰਡਾ ਬੁਲੰਦ ਕਰਨ ਦੀ ਸਜ਼ਾ ਦਿੱਤੀ ਜਾ ਸਕੇ।
Charanjit Singh Channi
ਕੁਲਤਾਰ ਸਿੰਘ ਸੰਧਵਾਂ ਨੇ ਚੰਨੀ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਸੀ ਲੜਾਈ ਦੇ ਚੱਲਦਿਆਂ ਲੋਕ ਮੁੱਦਿਆਂ ਅਤੇ ਕਿਸਾਨੀ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਲਗਾਤਾਰ ਨਿਕੰਮੀ ਸਾਬਤ ਹੋ ਰਹੀ ਹੈ, ਕਿਉਂਕਿ ਪੰਜਾਬ ਸਰਕਾਰ ਡੀ.ਏ.ਪੀ. ਖਾਦ ਦਾ ਸਮੇਂ ਸਿਰ ਪ੍ਰਬੰਧ ਕਰਨ ਵਿੱਚ ਫੇਲ ਹੋਈ ਹੈ।
Charanjit Singh Channi
'ਆਪ' ਆਗੂ ਦਾ ਕਹਿਣਾ ਹੈ ਕਿ ਡੀ.ਏ.ਪੀ. ਦੀ ਪੂਰੀ ਸਪਲਾਈ ਨਾ ਮਿਲਣ ਅਤੇ ਪੰਜਾਬ ਸਰਕਾਰ ਢੁਕਵੇਂ ਪ੍ਰਬੰਧ ਕਰਨ 'ਚ ਫ਼ੇਲ ਹੋਣ ਕਾਰਨ ਸੂਬੇ ਵਿੱਚ ਕਾਲ਼ਾਬਾਜ਼ਾਰੀ ਵੱਧ ਗਈ ਹੈ। ਇਸ ਕਾਰਨ ਕਿਸਾਨਾਂ 'ਤੇ ਦਬਾਅ ਵੱਧ ਰਿਹਾ ਹੈ ਅਤੇ 2 ਤੋਂ 3 ਸੌ ਰੁਪਏ ਪ੍ਰਤੀ ਥੈਲਾ ਜ਼ਿਆਦਾ ਮੁੱਲ ਦੇਣ ਲਈ ਕਿਸਾਨ ਮਜ਼ਬੂਰ ਹੋ ਰਹੇ ਹਨ। ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਮੰਗ ਕੀਤੀ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਜਲਦ ਤੋਂ ਜਲਦ ਸੂਬੇ ਵਿੱਚ ਡੀ.ਏ.ਪੀ. ਖਾਦ ਦਾ ਪ੍ਰਬੰਧ ਕਰਨ, ਤਾਂ ਜੋ ਸੂਬੇ ਦੇ ਕਿਸਾਨ ਹਾੜੀ ਦੀਆਂ ਫ਼ਸਲਾਂ ਦੀ ਸਮੇਂ ਸਿਰ ਬਿਜਾਈ ਕਰ ਸਕਣ।