
ਲਾਈਟ ਐਂਡ ਸਾਊਂਡ ਦਾ ਕੰਮ ਕਰਦਾ ਸੀ ਮ੍ਰਿਤਕ ਵਿਅਕਤੀ
ਸ੍ਰੀ ਗੋਇੰਦਵਾਲ ਸਾਹਿਬ: ਕਸਬਾ ਖਡੂਰ ਸਾਹਿਬ ਵਿਖੇ ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 30 ਸਾਲਾ ਰਣਜੀਤ ਸਿੰਘ ਪੁੱਤਰ ਗੁਰਪਾਲ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਣਜੀਤ ਸਿੰਘ ਲੰਮੇ ਸਮੇਂ ਤੋਂ ਲਾਈਟ ਐਂਡ ਸਾਊਂਡ ਦਾ ਕੰਮ ਕਰਦਾ ਸੀ।
ਬੀਤੇ ਦਿਨ ਉਹ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਉੱਚਾ ਵਿਖੇ ਕੰਮ ਕਰਨ ਲਈ ਗਿਆ ਸੀ, ਜਿੱਥੇ ਬਿਜਲੀ ਦਾ ਕਰੰਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਣਜੀਤ ਸਿੰਘ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਮਦਦ ਦੀ ਗੁਹਾਰ ਲਗਾਈ ਹੈ।