
ਦਵਾਈ ਲੈ ਕੇ ਸਕੂਟੀ 'ਤੇ ਵਾਪਸ ਆਪਣੇ ਘਰ ਜਾ ਰਹੇ ਸਨ ਪਤੀ ਪਤਨੀ
ਲੁਧਿਆਣਾ: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ। ਇਹ ਹਾਦਸਾ ਸੋਮਵਾਰ ਨੂੰ ਪ੍ਰਤਾਪ ਚੌਕ 'ਤੇ ਵਾਪਰਿਆ। ਇੱਥੇ ਇੱਕ ਟਿੱਪਰ ਨੇ ਸਕੂਟੀ 'ਤੇ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਟਿੱਪਰ ਦਾ ਪਿਛਲਾ ਟਾਇਰ ਔਰਤ ਦੇ ਉਪਰੋਂ ਲੰਘ ਗਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਤੀ ਪਤਨੀ ਦਵਾਈ ਲੈ ਕੇ ਸਕੂਟੀ 'ਤੇ ਵਾਪਸ ਘਰ ਜਾ ਰਹੇ ਸਨ। ਇਸ ਹਾਦਸੇ ਵਿਚ ਪਤਨੀ ਦੀ ਮੌਤ ਹੋ ਗਈ ਜਦਕਿ ਪਤੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ ਤੋਂ ਬਾਅਦ ਮੌਕੇ 'ਤੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਔਰਤ ਨੂੰ ਮੁੱਢਲੀ ਸਹਾਇਤਾ ਦੇਣ ਦੀ ਕੋਸ਼ਿਸ਼ ਵੀ ਕੀਤੀ ਪਰ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ।
ਲੋਕਾਂ ਨੇ ਤੁਰੰਤ ਘਟਨਾ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ। ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਮੌਕੇ ’ਤੇ ਪੁੱਜ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਔਰਤ ਦੀ ਪਛਾਣ ਹੇਮਾ ਧੀਰ ਵਜੋਂ ਹੋਈ ਹੈ। ਇਸ ਦੇ ਨਾਲ ਹੀ ਟਿੱਪਰ ਚਾਲਕ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।