
ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਬੁਢਲਾਡਾ : ਬੁਢਲਾਡਾ ਦੇ ਨਾਲ ਲੱਗਦੇ ਪਿੰਡ ਬਰ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਅੰਦਰ ਦਾਖਲ ਹੋ ਕੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਨੌਜਵਾਨ ਦੀ ਪਛਾਣ ਜਗਤਾਰ ਸਿੰਘ ਤਾਰੀ ਵਾਸੀ ਪਿੰਡ ਬਰ੍ਹੋ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਆ ਕੇ ਦਰਵਾਜ਼ਾ ਖੜਕਾ ਕੇ ਬਾਹਰ ਆਉਣ ਲਈ ਆਵਾਜ਼ ਦਿੱਤੀ। ਆਵਾਜ਼ ਸੁਣ ਕੇ ਜਦੋਂ ਉਹ ਬਾਹਰ ਗਿਆ ਤਾਂ ਉਕਤ ਵਿਅਕਤੀਆਂ ਨੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਜ਼ਖ਼ਮੀ ਕਰ ਕੇ ਮੌਕੇ ਤੋਂ ਫ਼ਰਾਰ ਹੋ ਗਏ।
ਜ਼ਖ਼ਮੀ ਹਾਲਾਤ 'ਚ ਜਗਤਾਰ ਸਿੰਘ ਨੂੰ ਬੁਢਲਾਡਾ ਦੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਉਸ ਦੀ ਗੰਭੀਰ ਹਾਲਾਤ ਨੂੰ ਦੇਖਦਿਆਂ ਡਾਕਟਰ ਨੇ ਉਸ ਨੂੰ ਵੱਡੇ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਗੱਲਬਾਤ ਕਰਦਿਆਂ ਪੁਲਿਸ ਨੇ ਦੱਸਿਆ ਕਿ ਆਈ. ਪੀ. ਸੀ . ਦੀ ਧਾਰਾ 302, 34 ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।