
ਸਰਵੇਖਣ ਦੌਰਾਨ ਜੇਕਰ ਕੋਈ ਨੌਜਵਾਨ ਜਾਂ ਵਿਦਿਆਰਥੀ ਨਸ਼ੇ ਦਾ ਆਦੀ ਪਾਇਆ ਗਿਆ ਤਾਂ ਉਸ ਦਾ ਇਲਾਜ ਕਰਵਾਇਆ ਜਾਵੇਗਾ
Sample survey to stop drugs: ਸਿਹਤ ਵਿਭਾਗ ਵਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਨਸ਼ਿਆਂ ਵਿਰੁਧ ਮੁਹਿੰਮ ਚਲਾਈ ਜਾਵੇਗੀ ਅਤੇ ਨੌਜਵਾਨਾਂ ਅਤੇ ਸਕੂਲੀ ਵਿਦਿਆਰਥੀਆਂ ਦਾ ਸੈਂਪਲ ਸਰਵੇ ਕੀਤਾ ਜਾਵੇਗਾ। ਇਸ ਸਬੰਧੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਸਰਵੇਖਣ ਵਿਚ ਸੈਂਪਲ ਲੈਣ ਵਾਲੇ ਵਿਦਿਆਰਥੀਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਅਧਿਕਾਰੀਆਂ ਅਨੁਸਾਰ ਸਰਵੇਖਣ ਦੌਰਾਨ ਜੇਕਰ ਕੋਈ ਨੌਜਵਾਨ ਜਾਂ ਵਿਦਿਆਰਥੀ ਨਸ਼ੇ ਦਾ ਆਦੀ ਪਾਇਆ ਗਿਆ ਤਾਂ ਉਸ ਦਾ ਇਲਾਜ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਸਕੂਲਾਂ-ਕਾਲਜਾਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾਵੇਗਾ।
ਪੰਜਾਬ ਸਰਕਾਰ ਨਸ਼ਿਆਂ ਪ੍ਰਤੀ ਬਹੁਤ ਗੰਭੀਰ ਹੈ। ਸਰਵੇਖਣ ਦਾ ਕੰਮ ਜਲਦੀ ਸ਼ੁਰੂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਪੰਜਾਬ ਪੁਲਿਸ ਵੀ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾ ਰਹੀ ਹੈ। ਨਸ਼ੇ ਦੇ ਆਦੀ ਨੌਜਵਾਨਾਂ ਦੇ ਮੁੜ ਵਸੇਬੇ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸ ਤਹਿਤ ਨਸ਼ਿਆਂ ਤੋਂ ਮੁਕਤ ਹੋਏ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਉਨ੍ਹਾਂ ਨੂੰ ਹੁਨਰਮੰਦ ਬਣਾਉਣ ਅਤੇ ਸਵੈ-ਰੁਜ਼ਗਾਰ ਲਈ ਵਿੱਤੀ ਸਹਾਇਤਾ ਵੀ ਦਿਤੀ ਜਾਵੇਗੀ।
ਸਰਕਾਰ ਵਲੋਂ ਪਿੰਡਾਂ ਵਿਚੋਂ ਨਸ਼ਾ ਖਤਮ ਕਰਨ ਲਈ ਸਕੀਮਾਂ ਵੀ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਮੁਹੱਲਾ ਕਮੇਟੀਆਂ ਅਤੇ ਪੰਚਾਇਤਾਂ ਨੂੰ ਵਿਸ਼ੇਸ਼ ਗ੍ਰਾਂਟਾਂ ਦਿਤੀਆਂ ਜਾਣਗੀਆਂ ਜੋ ਨਸ਼ਾ ਛੁਡਾਉਣ ਲਈ ਸਰਕਾਰ ਦਾ ਸਹਿਯੋਗ ਕਰ ਰਹੀਆਂ ਹਨ। ਅਜਿਹੀਆਂ ਪੰਚਾਇਤਾਂ ਅਤੇ ਕਮੇਟੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਦੱਸ ਦੇਈਏ ਕਿ ਸੂਬਾ ਪੁਲਿਸ ਵਲੋਂ ਨਸ਼ਿਆਂ ਵਿਰੁਧ ਵਿੱਢੀ ਮੁਹਿੰਮ ਤਹਿਤ ਪਿਛਲੇ 15 ਮਹੀਨਿਆਂ ਦੌਰਾਨ 20,979 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿਚੋਂ 3003 ਦੇ ਕਰੀਬ ਵੱਡੀਆਂ ਮੱਛੀਆਂ ਹਨ। 1700 ਕਿਲੋ ਤੋਂ ਵੱਧ ਹੈਰੋਇਨ ਜ਼ਬਤ ਕੀਤੀ ਹੈ। ਇੰਨਾ ਹੀ ਨਹੀਂ 11 ਨਸ਼ਾ ਤਸਕਰਾਂ ਦੀ 99 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਵੀ ਜ਼ਬਤ ਕਰ ਲਈ ਗਈ ਹੈ।