58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ-ਮੁੱਖ ਮੰਤਰੀ
Published : Nov 7, 2025, 7:30 pm IST
Updated : Nov 7, 2025, 7:30 pm IST
SHARE ARTICLE
58,962 government jobs were given honestly, now the youth should perform their jobs honestly - Chief Minister
58,962 government jobs were given honestly, now the youth should perform their jobs honestly - Chief Minister

ਅੰਮ੍ਰਿਤਸਰ ਵਿਖੇ ਨਿਯੁਕਤੀ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 2105 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅੰਮ੍ਰਿਤਸਰ: ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਵਿੱਚ ਭਰਤੀ ਹੋਏ 2105 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਹੁਣ ਤੱਕ ਨੌਜਵਾਨਾਂ ਨੂੰ 58962 ਸਰਕਾਰੀ ਨੌਕਰੀਆਂ ਹਾਸਲ ਹੋ ਚੁੱਕੀਆਂ ਹਨ।
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਵੱਲੋਂ ਵਰੋਸਾਈ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਸਮਾਰੋਹ ਦੌਰਾਨ ਨਿਯੁਕਤੀ ਪੱਤਰ ਸੌਂਪਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਬੇਰੋਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ। ਇਸ ਲਈ ਸੂਬਾ ਸਰਕਾਰ ਦਾ ਧਿਆਨ ਇਸ ਨੂੰ ਖ਼ਤਮ ਕਰਨ ’ਤੇ ਲੱਗਿਆ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣਾ ਅਹੁਦਾ ਸੰਭਾਲਣ ਦੇ ਲਗਪਗ ਸਾਢੇ ਤਿੰਨ ਸਾਲਾਂ ਦੇ ਅੰਦਰ-ਅੰਦਰ ਹੁਣ ਤੱਕ 58962 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ ਜੋ ਆਪਣੇ ਆਪ ਵਿੱਚ ਰਿਕਾਰਡ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਵਿੱਚ 2023 ਲਾਈਨਮੈਨ, 48 ਇੰਟਰਨਲ ਆਡੀਟਰਜ਼ ਅਤੇ 35 ਰੈਵੇਨਿਊ ਅਕਾਊਂਟੈਂਟਸ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅਪਰੈਲ 2022 ਤੋਂ ਹੁਣ ਤੱਕ ਇਨ੍ਹਾਂ ਦੋਵਾਂ ਨਿਗਮਾਂ ਵਿੱਚ 8984 ਨਿਯੁਕਤੀਆਂ ਕੀਤੀਆਂ ਜਾ ਚੁੱਕੀਆਂ ਹਨ।
ਭਗਵੰਤ ਮਾਨ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਕਿਉਂਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਉਤੇ ਸਭ ਤੋਂ ਵੱਧ ਜ਼ੋਰ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਆਸਾਮੀਆਂ ਲਈ ਸਾਰੇ ਨੌਜਵਾਨਾਂ ਦੀ ਚੋਣ ਮੈਰਿਟ ਦੇ ਆਧਾਰ ਉਤੇ ਕੀਤੀ ਗਈ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੀਆਂ ਸਰਕਾਰਾਂ ਮੌਕੇ ਨੌਜਵਾਨਾਂ ਨੂੰ ਸਿਰਫ ‘ਕੈਸ਼ ਤੇ ਫਰਮਾਇਸ਼’ ਨਾਲ ਹੀ ਨੌਕਰੀ ਮਿਲਦੀ ਸੀ ਪਰ ਅਸੀਂ ਇਸ ਪ੍ਰਥਾ ਨੂੰ ਬਿਲਕੁਲ ਖਤਮ ਕਰ ਦਿੱਤਾ ਹੈ। ਇਸ ਪ੍ਰਥਾ ਦੇ ਖਤਮ ਹੋਣ ਹੋਣ ਨਾਲ ਵਿਰੋਧੀਆਂ ਨੂੰ ਸਭ ਤੋਂ ਵੱਧ ਤਕਲੀਫ ਹੋਈ ਹੈ। ਪੰਜਾਬ ਵਿੱਚ ਹੁਣ ਨਿਰੋਲ ਮੈਰਿਟ ਦੇ ਆਧਾਰ ’ਤੇ ਬਿਨਾਂ ਕਿਸੇ ਸਿਫਾਰਸ਼ ਦੇ ਸਰਕਾਰੀ ਨੌਕਰੀ ਮਿਲਦੀ ਹੈ ਜਿਸ ਕਰਕੇ ਅਜੇ ਤੱਕ ਇਕ ਵੀ ਨੌਕਰੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਮਿਲੀ। ।”
ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਕੌਮੀ ਨਾਇਕ ਵੱਲੋਂ ਜੀਵਨ ਵਿੱਚ ਦੁਸ਼ਵਾਰੀਆਂ ਝੱਲ ਕੇ ਮਾਰੇ ਮਾਅਰਕੇ ਤੋਂ ਨੌਜਵਾਨਾਂ ਨੂੰ ਪ੍ਰੇਰਨਾ ਲੈ ਕੇ ਹਰੇਕ ਖ਼ੇਤਰ ਵਿੱਚ ਮੱਲਾਂ ਮਾਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਈ ਦਿੱਕਤਾਂ ਦੇ ਬਾਵਜੂਦ ਸੰਵਿਧਾਨ ਨਿਰਮਾਤਾ ਨੇ ਸਿੱਖਿਆ ਹਾਸਲ ਕੀਤੀ ਅਤੇ ਜੀਵਨ ਵਿੱਚ ਬੁਲੰਦੀਆਂ ਨੂੰ ਛੋਹਿਆ। ਭਗਵੰਤ ਮਾਨ ਨੇ ਕਿਹਾ ਕਿ ਹਰੇਕ ਨੌਜਵਾਨ ਆਪਣੇ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਇਸ ਮਹਾਨ ਆਗੂ ਦੇ ਜੀਵਨ ਤੇ ਫਲਸਫ਼ੇ ਤੋਂ ਪ੍ਰੇਰਨਾ ਜ਼ਰੂਰ ਲਵੇ।
ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਨਿਯੁਕਤ ਹੋਏ ਨੌਜਵਾਨ ਹੁਣ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਦਬੇ-ਕੁਚਲੇ ਵਰਗਾਂ ਤੇ ਲੋੜਵੰਦਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਨਵ-ਨਿਯੁਕਤ ਉਮੀਦਵਾਰ ਨੂੰ ਪ੍ਰੇਰਿਆ ਕਿ ਉਹ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਤਾਂ ਕਿ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਫਾਇਦਾ ਮਿਲੇ।
ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹਵਾਈ ਪੱਟੀ, ਹਵਾਈ ਜਹਾਜ਼ ਦੀ ਆਰਾਮਾਇਕ ਉਡਾਣ ਲਈ ਸਹਾਇਕ ਹੁੰਦੀ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਮਦਦਗਾਰ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਭਾਵੁਕ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਖ਼ੁਦ ਆਪਣੀ ਪਛਾਣ ਅਤੇ ਸਥਾਨ ਬਣਾਉਣ ਲਈ ਜਦੋ-ਜਹਿਦ ਕਰਨ।  
ਭਗਵੰਤ ਸਿੰਘ ਮਾਨ ਨੇ ਕਿਹਾ, “ਵਿਹਲਾ ਮਨ, ਸ਼ੈਤਾਨ ਦਾ ਘਰ ਹੁੰਦਾ ਹੈ। ਇਸ ਲਈ ਅਸੀਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਕੋਸ਼ਿਸ਼ ਕਰ ਰਹੇ ਹਾਂ ਤਾਂ ਕਿ ਉਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ। ਮੈਂ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਆਓ, ਯੁੱਧ ਨਸ਼ਿਆਂ ਵਿਰੁੱਧ ਵਰਗੀਆਂ ਮੁਹਿੰਮਾਂ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜੀਏ ਤਾਂ ਕਿ ਅਸੀਂ ਇਸ ਕੋਹੜ ਨੂੰ ਜੜ੍ਹੋਂ ਪੁੱਟ ਸਕੀਏ।”
ਬਿਜਲੀ ਖੇਤਰ ਵਿੱਚ ਕੀਤੇ ਗਏ ਵੱਡੇ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਅਸੀਂ ਸੱਤਾ ਵਿੱਚ ਆਏ ਸੀ ਤਾਂ ਪਾਵਰਕਾਮ ਕਰਜ਼ੇ ਵਿੱਚ ਡੁੱਬਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪਾਵਰਕਾਮ ਦਾ 2000 ਕਰੋੜ ਰੁਪਏ ਦਾ ਕਰਜ਼ਾ ਲਾਹਿਆ ਹੈ। ਉਨ੍ਹਾਂ ਕਿਹਾ ਕਿ ਜੁਲਾਈ, 2022 ਤੋਂ 90 ਫੀਸਦੀ ਘਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਜਿਸ ਕਰਕੇ ਬਿੱਲ ਨਾ ਆਉਣ ਕਾਰਨ ਬਹੁਤ ਸਾਰੇ ਘਰਾਂ ਦੇ ਆਰਥਿਕ ਹਾਲਤ ਸੁਧਰੇ ਹਨ। ਉਨ੍ਹਾਂ ਕਿਹਾ ਕਿ ਕੋਲੇ ਦੀ ਨਿਰਵਿਘਨ ਸਪਲਾਈ ਲਈ ਪਛਵਾੜਾ ਕੋਲ ਖਾਣ ਨੂੰ ਚਾਲੂ ਕਰਵਾਇਆ ਜਿਸ ਨਾਲ ਹੁਣ ਪੰਜਾਬ ਵਿੱਚ ਸਰਪਲੱਸ ਕੋਲਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਗੋਇੰਦਵਾਲ ਸਾਹਿਬ ਵਿਖੇ ਜੀ.ਵੀ.ਕੇ. ਕੰਪਨੀ ਦਾ ਥਰਮਲ ਪਲਾਂਟ ਸਾਡੀ ਸਰਕਾਰ ਨੇ 1080 ਕਰੋੜ ਰੁਪਏ ਵਿੱਚ ਖਰੀਦਿਆ ਜਿਸ ਦਾ ਨਾਮ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ’ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਕਿ ਕਿਸੇ ਸਰਕਾਰ ਨੇ ਪ੍ਰਾਈਵੇਟ ਜਾਇਦਾਦ ਨੂੰ ਖਰੀਦਿਆ ਹੋਵੇ ਜਦਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਸਰਕਾਰੀ ਜਾਇਦਾਦਾਂ ਵੇਚਦੀਆਂ ਸਨ।
ਪੰਜਾਬ ਨੂੰ ਕਰਜ਼ੇ ਵਿੱਚ ਡੋਬਣ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਵਿਰਾਸਤ ਵਿੱਚ ਪੌਣੇ ਤਿੰਨ ਲੱਖ ਕਰੋੜ  ਰੁਪਏ ਦਾ ਕਰਜ਼ਾ ਮਿਲਿਆ ਹੈ ਪਰ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਵਿਕਾਸ ਲਈ ਕੋਈ ਪੈਸਾ ਨਹੀਂ ਲੱਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਇਕ-ਇਕ ਪੈਸਾ ਪੰਜਾਬ ਦੇ ਵਿਕਾਸ ਤੇ ਭਲਾਈ ’ਤੇ ਖਰਚ ਰਹੀ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸੀ ਆਗੂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਆਦਮੀ ਸੂਬੇ ਦਾ ਸ਼ਾਸਨ ਸ਼ਾਨਦਾਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਜ਼ਾਦੀ ਦੇ ਬਾਅਦ ਤੋਂ ਲੋਕਾਂ ਨੂੰ ਮੂਰਖ ਬਣਾ ਕੇ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰੱਖਿਆ ਹੈ, ਜਿਸ ਕਾਰਨ ਲੋਕਾਂ ਨੇ ਇਨ੍ਹਾਂ ਨੂੰ ਸਿਆਸਤ ਤੋਂ ਬਾਹਰ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਪਹਾੜਾਂ ਦੇ ਕਾਨਵੈਂਟ ਸਕੂਲਾਂ ਤੋਂ ਪੜ੍ਹੇ ਇਹ ਸਿਆਸੀ ਆਗੂ ਤਾਂ ਸੂਬੇ ਦੀਆਂ ਬੁਨਿਆਦੀ ਜ਼ਮੀਨੀ ਹਕੀਕਤਾਂ ਤੋਂ ਵੀ ਅਣਜਾਣ ਹਨ।
ਪੰਜਾਬ ਦੇ ਮਸਲਿਆਂ ਵਿੱਚ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਦਖ਼ਲਅੰਦਾਜ਼ੀ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਜਾਣਬੁੱਝ ਕੇ ਪੰਜਾਬ ਨੂੰ ਨਿਸ਼ਾਨਾ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦਾ ਫੈਸਲਾ ਸੂਬੇ ਦੀ ਗੌਰਵਸ਼ਾਲੀ ਵਿਰਾਸਤ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਿਰਫ ਇਕ ਵਿਦਿਅਕ ਸੰਸਥਾ ਨਹੀਂ ਸਗੋਂ ਇਸ ਨਾਲ ਪੰਜਾਬੀਆਂ ਦੀ ਜਜ਼ਬਾਤੀ ਸਾਂਝ ਹੈ ਜਿੱਥੇ ਤਿੰਨ-ਤਿੰਨ ਪੀੜ੍ਹੀਆਂ ਤਾਲੀਮ ਹਾਸਲ ਕਰ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਲਈ ਸਾਡੇ ਉਤੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਅਸੀਂ ਡਟ ਕੇ ਲੜਾਈ ਲੜੀ ਜਿਸ ਕਰਕੇ ਉਨ੍ਹਾਂ ਨੂੰ ਪਿੱਛੇ ਹਟਣਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਖੜਾ ਡੈਮ ਤੋਂ ਹਰਿਆਣਾ ਤੇ ਰਾਜਸਥਾਨ ਨੂੰ ਵਾਧੂ ਪਾਣੀ ਦੇਣ ਲਈ ਕੇਂਦਰ ਸਰਕਾਰ ਲਗਾਤਾਰ ਪੰਜਾਬ ਨਾਲ ਧੱਕੇਸ਼ਾਹੀ ਕਰ ਰਹੀ ਹੈ ਪਰ ਅਸੀਂ ਕਿਸੇ ਵੀ ਦਬਾਅ ਅੱਗੇ ਝੁਕਾਂਗੇ ਨਹੀਂ।
ਮੁੱਖ ਮੰਤਰੀ ਨੇ ਕਿਹਾ, “ਕੇਂਦਰ ਸਰਕਾਰ ਪੰਜਾਬ ਨਾਲ ਧੱਕੇਸ਼ਾਹੀ ਕਰਨ ਤੋਂ ਬਾਜ਼ ਆਵੇ। ਪੰਜਾਬ ਆਪਣੇ ਹੱਕਾਂ ਲਈ ਲੜਨਾ ਵੀ ਜਾਣਦਾ ਹੈ ਅਤੇ ਹੱਕ ਲੈਣਾ ਵੀ ਜਾਣਦਾ ਹੈ।”
ਇਸ ਦੌਰਾਨ ਨਵ-ਨਿਯੁਕਤ ਨੌਜਵਾਨਾਂ ਨੇ ਮੁੱਖ ਮੰਤਰੀ ਸਾਹਮਣੇ ਭਾਵੁਕ ਹੁੰਦਿਆਂ ਆਪਣੇ ਮਨ ਦੇ ਵਲਵਲੇ ਵੀ ਸਾਂਝੇ ਕੀਤੇ।
ਇਸ ਮੌਕੇ ਪੰਜਾਬ ਰਾਜ ਬਿਜਲੀ ਨਿਗਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਸੰਤ ਗਰਗ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement