ਪੁਲਿਸ ਨੇ ਵੀਡੀਓ ਦੇ ਅਧਾਰ ’ਤੇ ਮਾਮਲੇ ਸਬੰਧੀ ਕਈ ਲੋਕਾਂ ਖਿਲਾਫ਼ ਮਾਮਲਾ ਕੀਤਾ ਦਰਜ
ਲੁਧਿਆਣਾ: ਲੁਧਿਆਣਾ ਦੇ ਕੋਚਰ ਮਾਰਕੀਟ ਨਜ਼ਦੀਕ ਇਲਾਕੇ ’ਚ ਇਕ ਚੋਰ ਦੇ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁੱਟਮਾਰ ਦੌਰਾਨ ਚੋਰ ਦੀ ਹਾਲਤ ਗੰਭੀਰ ਬਣ ਗਈ, ਜਿਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਹਾਲਾਂਕਿ ਇਸ ਸਾਰੀ ਘਟਨਾ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਨੇ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸਬੰਧ ਵਿੱਚ ਉਹਨਾਂ ਕੋਲ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਦੇ ਅਧਾਰ ’ਤੇ ਉਹਨਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਉੱਧਰ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਏਸੀਪੀ ਗੁਰਇਕਬਾਲ ਸਿੰਘ ਨੇ ਕਿਹਾ ਕਿ ਇਹ ਮਾਮਲਾ ਤੜਕਸਾਰ ਦਾ ਹੈ ਅਤੇ ਇੱਕ ਚੋਰ ਦੇ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਚੋਰੀ ਕਰਨ ਉਪਰੰਤ ਲੋਕਾਂ ਵੱਲੋਂ ਕੁੱਟਮਾਰ ਕੀਤੀ ਗਈ ਹੈ ਅਤੇ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਚੋਰ ਦੀ ਪਛਾਣ ਕੀਤੀ ਜਾ ਰਹੀ ਹੈ ਕਿ ਉਹ ਕਿੱਥੇ ਦਾ ਰਹਿਣ ਵਾਲਾ ਹੈ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਮਾਮਲਾ ਜਾਂਚ ਅਧੀਨ ਹੈ, ਜੋ ਵੀ ਆਰੋਪੀ ਹੋਣਗੇ ਉਹਨਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
