ਮੁੱਖ ਮੰਤਰੀ ਵੱਲੋਂ ਕਿਸਾਨਾਂ ਲਈ ਕਰਜ਼ਾ ਰਾਹਤ ਦੇ ਦੂਜੇ ਪੜਾਅ ਦੀ ਸ਼ੁਰੂਆਤ
Published : Dec 7, 2018, 6:27 pm IST
Updated : Dec 7, 2018, 6:27 pm IST
SHARE ARTICLE
ਮੁੱਖ ਮੰਤਰੀ ਵੱਲੋਂ ਕਿਸਾਨਾਂ ਲਈ ਕਰਜ਼ਾ ਰਾਹਤ ਦੇ ਦੂਜੇ ਪੜਾਅ ਦੀ ਸ਼ੁਰੂਆਤ
ਮੁੱਖ ਮੰਤਰੀ ਵੱਲੋਂ ਕਿਸਾਨਾਂ ਲਈ ਕਰਜ਼ਾ ਰਾਹਤ ਦੇ ਦੂਜੇ ਪੜਾਅ ਦੀ ਸ਼ੁਰੂਆਤ

ਕਿਸਾਨਾਂ ਲਈ ਕਰਜ਼ਾ ਰਾਹਤ ਸਕੀਮ ਨੂੰ ਹੋਰ ਅੱਗੇ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚਾਰ ਜ਼ਿਲ੍ਹਿਆਂ ਦੇ....

ਬਾਰਨ (ਸ.ਸ.ਸ) : ਕਿਸਾਨਾਂ ਲਈ ਕਰਜ਼ਾ ਰਾਹਤ ਸਕੀਮ ਨੂੰ ਹੋਰ ਅੱਗੇ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚਾਰ ਜ਼ਿਲ੍ਹਿਆਂ ਦੇ 1,09,730 ਯੋਗ ਸੀਮਾਂਤ ਕਿਸਾਨਾਂ ਨੂੰ ਵਪਾਰਕ ਬੈਂਕਾਂ ਦੇ 1771 ਕਰੋੜ ਦੇ ਕਰਜ਼ੇ ਤੋਂ ਰਾਹਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਢਾਈ ਤੋਂ ਪੰਜ ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ ਵੀ ਇਸ ਦਾ ਲਾਭ ਦੇਣ ਲਈ ਸਕੀਮ ਦਾ ਵਿਸਥਾਰ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਰਾਜ ਪੱਧਰੀ ਸਮਾਗਮ ਦੌਰਾਨ ਰਸਮੀ ਸ਼ੁਰੂਆਤ ਵਜੋਂ 25 ਕਿਸਾਨਾਂ ਨੂੰ ਕਰਜ਼ਾ ਰਾਹਤ ਸਰਟੀਫਿਕੇਟ ਸੌਂਪਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਾਸ਼ੀ ਸਿੱਧੀ ਵਪਾਰਕ ਬੈਂਕਾਂ ਦੇ ਸੀਮਾਂਤ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ਅਤੇ ਇਸ ਪ੍ਰਕ੍ਰਿਆ ਨੂੰ ਭਲਕ ਤੱਕ ਮੁਕੰਮਲ ਕਰ ਲਿਆ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ਾ ਮੁਆਫੀ ਦੇ ਅਗਲੇ ਪੜਾਵਾਂ ਵਿੱਚ ਬੇਜ਼ਮੀਨੇ ਕਾਮਿਆਂ ਦਾ ਕਰਜ਼ਾ ਮੁਆਫ ਕਰਨ ਪ੍ਰਤੀ ਵੀ ਵਚਨਬੱਧਤਾ ਜ਼ਾਹਰ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸੀਮਾਂਤ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ ਅਤੇ ਇਸ ਤਰ੍ਹਾਂ ਹੀ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਚੁੱਕਣ ਵਾਲੇ ਛੋਟੇ ਕਿਸਾਨਾਂ ਨੂੰ ਇਹੋ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਸਹਿਕਾਰੀ ਬੈਂਕਾਂ ਦੇ 3.18 ਲੱਖ ਸੀਮਾਂਤ ਕਿਸਾਨਾਂ ਦਾ 1815 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ ਅਤੇ ਅੱਜ ਦੇ ਰਾਜ ਪੱਧਰੀ ਸਮਾਗਮ ਵਿੱਚ ਵਪਾਰਕ ਬੈਂਕਾਂ ਦੇ 1.09 ਲੱਖ ਸੀਮਾਂਤ ਕਿਸਾਨਾਂ ਨੂੰ 1771 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਤੀਜੇ ਪੜਾਅ ਵਿੱਚ ਸਹਿਕਾਰੀ ਬੈਂਕਾਂ ਨਾਲ ਜੁੜੇ 2.15 ਲੱਖ ਛੋਟੇ ਕਿਸਾਨਾਂ ਨੂੰ ਕਰਜ਼ਾ ਰਾਹਤ ਮੁਹੱਈਆ ਕਰਵਾਈ ਜਾਵੇਗੀ ਜਦਕਿ ਚੌਥੇ ਪੜਾਅ ਵਿੱਚ ਵਪਾਰਕ ਬੈਂਕਾਂ ਦੇ 50752 ਛੋਟੇ ਕਿਸਾਨਾਂ ਦਾ ਕਰਜ਼ਾ ਮੁਆਫ ਹੋਵੇਗਾ। ਕੇਂਦਰੀ ਏਸ਼ੀਆਈ ਮੁਲਕਾਂ ਨੂੰ ਖੰਡ ਅਤੇ ਆਲੂਆਂ ਦੀ ਬਰਾਮਦ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ ਇਨ੍ਹਾਂ ਵਸਤਾਂ ਨੂੰ ਬਰਾਮਦ ਸੂਚੀ ਜਿਸ ਨੂੰ ਬੀਤੇ ਦਿਨ ਪ੍ਰਵਾਨਗੀ ਦਿੱਤੀ ਗਈ ਹੈ, ਵਿੱਚ ਸ਼ਾਮਲ ਕਰਨ ਲਈ ਆਖਿਆ ਹੈ।

ਉਨ੍ਹਾਂ ਕਿਹਾ ਕਿ ਜੇਕਰ ਭਾਰਤ ਸਰਕਾਰ, ਪੰਜਾਬ ਨੂੰ ਇਹ ਵਸਤਾਂ ਬਰਾਮਦ ਕਰਨ ਦੀ ਇਜਾਜ਼ਤ ਦੇ ਦੇਵੇ ਤਾਂ ਇਸ ਨਾਲ ਸੂਬੇ ਦੇ ਗੰਨਾ ਕਾਸ਼ਤਕਾਰਾਂ ਅਤੇ ਆਲੂ ਉਤਪਾਦਕਾਂ ਨੂੰ ਬਹੁਤ ਵੱਡਾ ਲਾਭ ਪਹੁੰਚ ਸਕਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਤੱਕ ਪਹੁੰਚ ਰਹੇ ਜਾਅਲੀ ਬੀਜਾਂ, ਖੇਤੀ ਰਸਾਇਣਾਂ ਅਤੇ ਹੋਰ ਖੇਤੀ ਵਸਤਾਂ ਦੀ ਸਮੱਸਿਆ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਅਜਿਹੇ ਉਤਪਾਦਾਂ ਦੀ ਵਿਕਰੀ ਨੂੰ ਰੋਕਣ ਲਈ 24 ਘੰਟੇ ਚੌਕਸੀ ਵਰਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਦੇ ਨਤੀਜੇ ਵਜੋਂ ਸਾਉਣੀ-2018 ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਯੂਰੀਆ ਅਤੇ ਡੀਏਪੀ ਦੀ ਵਰਤੋਂ ਵਿੱਚ ਕ੍ਰਮਵਾਰ 1 ਲੱਖ ਮੀਟ੍ਰਿਕ ਟਨ ਅਤੇ 46 ਹਜ਼ਾਰ ਟਨ ਦੀ ਕਮੀ ਹੋਈ ਹੈ।

ਉਨ੍ਹਾਂ ਦੱਸਿਆ ਕਿ ਇਸ ਦੇ ਨਤੀਜੇ ਵਜੋਂ ਤਕਰੀਬਨ 200 ਕਰੋੜ ਰੁਪਏ ਦੀ ਬੱਚਤ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਮੁਹਿੰਮ ਬਾਸਮਤੀ ਅਤੇ ਖੇਤੀ ਰਸਾਇਣਾਂ ਦੀ ਢੁਕਵੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਸ਼ੁਰੂ ਕੀਤੀ ਗਈ ਸੀ। ਸਾਉਣੀ-2018 ਦੌਰਾਨ ਏਸਫੇਟ, ਕਾਰਬਾਡੇਜ਼ਿਮ, ਟਰਾਈਜੋਫੋਸ, ਥੀਆਮੈਥੋਜ਼ਮ ਅਤੇ ਟਰਾਈਸਾਕਲਾਜੋਲ ਵਰਗੇ ਪੰਜ ਕੀਟਨਾਸ਼ਕਾਂ ਦੀ ਵਰਤੋਂ ਲਈ ਨਿਰਉਤਸ਼ਾਹਿਤ ਕੀਤਾ ਗਿਆ। ਇਸ ਦੇ ਨਤੀਜੇ ਵਜੋਂ ਮਿਆਰੀ ਬਾਸਮਤੀ ਪੈਦਾ ਹੋਣੀ ਸ਼ੁਰੂ ਹੋਈ ਜਿਸ ਨੇ ਅੰਤਰਰਾਸ਼ਟਰੀ ਮਾਪਦੰਡ ਪੂਰੇ ਕਰਨ ਸ਼ੁਰੂ ਕਰ ਦਿੱਤੇ ਹਨ। ਕਿਸਾਨਾਂ ਨੂੰ ਬਾਸਮਤੀ ਵਧੀਆ ਭਾਅ ਮਿਲਣ ਲੱਗ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਦੇ 2600-3000 ਰੁਪਏ ਦੇ ਮੁਕਾਬਲੇ ਇਸ ਸਾਲ ਕਿਸਾਨਾਂ ਨੂੰ ਪ੍ਰਤੀ ਕੁਇੰਟਲ 3600-4000 ਰੁਪਏ ਮਿਲ ਰਹੇ ਹਨ।

ਫਸਲਾਂ ਦੀ ਬਿਨਾਂ ਕਿਸੇ ਅੜਚਣ ਤੋਂ ਖਰੀਦ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਤੰਬਰ ਦੇ ਅੰਤ ਵਿੱਚ ਅਣਕਿਆਸੇ ਭਾਰੀ ਮੀਂਹ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਹੈ। ਇਸ ਸਮੇਂ ਤੱਕ 187 ਲੱਖ ਟਨ ਝੋਨਾ ਖਰੀਦੀਆ ਜਾ ਚੁੱਕਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਜ਼ਰਾਈਲ ਅਤੇ ਪੀ.ਏ.ਯੂ. ਦੇ ਮਾਹਿਰਾਂ ਦੀ ਭਾਈਵਾਲੀ ਨਾਲ ਸੂਬਾ ਜਲ ਸੰਭਾਲ 'ਤੇ ਵਿਸ਼ੇਸ਼ ਧਿਆਨ ਕੇਂਦ੍ਰਿਤ ਕਰੇਗਾ ਤਾਂ ਜੋ ਇਸ ਵਡਮੁੱਲੇ ਸਰੋਤ ਨੂੰ ਸੰਭਾਲਿਆ ਜਾ ਸਕੇ। ਇਸ ਦੌਰਾਨ ਆਪਣੇ ਸੰਬੋਧਨ 'ਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਦੀਆਂ ਮਾੜੀਆਂ ਤੇ ਦਿਸ਼ਾ ਹੀਣ ਨੀਤੀਆਂ ਸਦਕਾ ਸੂਬੇ ਦੇ ਖ਼ਜ਼ਾਨੇ ਦੀ ਮਾੜੀ ਹਾਲਤ ਹੋ ਗਈ ਤੇ ਸੂਬਾ 2,08000 ਕਰੋੜ ਰੁਪਏ ਕਰਜ਼ੇ ਦੇ ਬੋਝ ਹੇਠ ਦੱਬਿਆ ਗਿਆ।

ਲਾਲ ਸਿੰਘ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਡੀ ਬੋਰਡ ਵੱਲੋਂ 750 ਕਰੋੜ ਰੁਪਏ ਖ਼ਰਚ ਕੇ ਸੂਬੇ ਦੀਆਂ ਮੰਡੀਆਂ ਦਾ ਬੁਨਿਆਦੀ ਢਾਂਚਾ ਸੁਧਾਰਿਆ ਜਾ ਰਿਹਾ ਹੈ ਜਦੋਂਕਿ ਪਿੰਡਾਂ ਨੂੰ ਜੋੜਦੀ ਹਰ ਸੜਕ ਬਣਾਈ ਜਾ ਰਹੀ ਹੈ ਅਤੇ ਪਹਿਲੇ ਪੜਾਅ ਤਹਿਤ 2000 ਕਰੋੜ ਰੁਪਏ ਖਰਚ ਕੇ 16000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਕਰਵਾਈ ਜਾ ਰਹੀ ਹੈ। ਇਸ ਮੌਕੇ ਪੰਜਾਬ ਦੇ ਪਰਿਵਾਰ ਭਲਾਈ ਤੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਛੇਤੀ ਹੀ ਸੂਬੇ ਦੇ 43 ਲੱਖ ਲੋਕਾਂ ਨੂੰ 5 ਲੱਖ ਰੁਪਏ ਦੀ ਨਗ਼ਦੀ ਰਹਿਤ ਬੀਮਾ ਸਕੀਮ ਦੇ ਘੇਰੇ 'ਚ ਲਿਆ ਕੇ ਸਿਹਤ ਸੇਵਾਵਾਂ ਦਾ ਲਾਭ ਦਿੱਤਾ ਜਾਵੇਗਾ ਜੋ ਕਿ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ 'ਚ ਇੱਕ ਅਹਿਮ ਮੀਲ ਪੱਥਰ ਸਾਬਤ ਹੋਵੇਗਾ।

ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਹੇਠ ਸੂਬਾ ਸਰਕਾਰ ਨੇ ਜੋ ਕੰਮ ਕੇਵਲ ਪੌਣੇ ਦੋ ਸਾਲਾਂ 'ਚ ਹੀ ਕਰ ਵਿਖਾਏ ਹਨ, ਉਹ ਸਮਾਂ ਪਿਛਲੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੇ ਮੁਕਾਬਲੇ ਇੱਕ ਸੁਨਿਹਰੀ ਸਮਾਂ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੈਨੀਫੈਸਟੋ 'ਚ ਕੀਤਾ ਹਰ ਵਾਅਦਾ ਪੂਰਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਆਰੰਭੇ ਨਿਵੇਕਲੇ 'ਮਿਸ਼ਨ ਤੰਦਰੁਸਤ' ਪੰਜਾਬ ਸਦਕਾ ਸਰਕਾਰੀ ਹਸਪਤਾਲਾਂ 'ਚ ਸਿਹਤ ਸੇਵਾਵਾਂ ਬਿਹਤਰ ਹੋਈਆਂ ਹਨ ਤੇ ਓ.ਪੀ.ਡੀ. ਵਧ ਗਈ ਹੈ। ਇਸ ਵਿਸ਼ਾਲ ਸਮਾਗਮ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਇਸ ਕਰਜ਼ਾ ਰਾਹਤ ਸਕੀਮ ਲਈ ਸੂਬੇ ਦੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਇਸ ਅਹਿਮ ਉਪਰਾਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਸ੍ਰੀਮਤੀ ਪਰਨੀਤ ਕੌਰ ਨੇ ਕਿਸਾਨਾਂ ਦੀ ਸਦਾ ਚੜ੍ਹਦੀਕਲਾ ਅਤੇ ਤਰੱਕੀ ਦੀ ਕਾਮਨਾ ਕਰਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਦੁੱਖ-ਸੁੱਖ 'ਚ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਨ ਅਤੇ ਸੂਬੇ ਦਾ ਚਹੁਪੱਖੀ ਵਿਕਾਸ ਕਰਵਾਉਣ ਲਈ ਵਚਨਵੱਧ ਹੈ। ਮੈਂਬਰ ਪਾਰਲੀਮੈਂਟ ਤੇ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੀ ਕਿਸਾਨਾਂ ਨੂੰ ਕਰਜ਼ਾ ਰਾਹਤ ਪ੍ਰਦਾਨ ਕਰਨ ਦੀ ਇਸ ਨਿਵੇਕਲੀ ਸਕੀਮ ਨੇ ਕੇਂਦਰ ਅਤੇ ਦੇਸ਼ ਦੀਆਂ ਹੋਰਨਾਂ ਰਾਜ ਸਰਕਾਰਾਂ ਨੂੰ ਵੀ ਰਾਹ ਦਿਖਾਇਆ ਹੈ ਕਿ ਕਿਸਾਨਾਂ ਦਾ ਕਰਜ਼ਾ ਕਿਸ ਤਰ੍ਹਾਂ ਮੁਆਫ਼ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਕਰਜ਼ਾ ਰਾਹਤ ਸਕੀਮ ਨਾਲ ਜਿੱਥੇ ਕਿਸਾਨਾਂ ਦੀ ਭਲਾਈ ਲਈ ਕਦਮ ਚੁੱਕਿਆ ਹੈ, ਉਥੇ ਹੀ ਆਪਣਾ ਚੋਣ ਵਾਅਦਾ ਵੀ ਪੂਰਾ ਕੀਤਾ ਹੈ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਸਰਕਾਰ ਦੀ ਇਸ ਕਰਜ਼ਾ ਰਾਹਤ ਸਕੀਮ ਦੀ ਅਲੋਚਨਾ ਕਰਨ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ 'ਤੇ ਵਰ੍ਹਦਿਆਂ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ ਕਿ ਉਨ੍ਹਾਂ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਕੀ ਕੀਤਾ? ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨ ਹਿਤੈਸ਼ੀ ਸਰਕਾਰ ਦੇ ਪੌਣੇ ਦੋ ਸਾਲਾਂ 'ਚ ਹਾਲਾਤ ਬਦਲੇ ਹਨ ਤੇ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦਾ ਰੁਝਾਨ ਘਟਿਆ ਹੈ ਜਦੋਂਕਿ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਇੱਕ ਸਾਲ 'ਚ 1000 ਦੇ ਕਰੀਬ ਕਿਸਾਨਾਂ ਨੇ ਖ਼ੁਦਕੁਸ਼ੀਆਂ ਕੀਤੀਆਂ ਜਦੋਂਕਿ ਇਹ ਅੰਕੜਾ ਹੁਣ 250-300 ਤੱਕ ਰਹਿ ਗਿਆ ਹੈ।

ਹਲਕਾ ਰਾਜਪੁਰਾ ਦੇ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਦੇ ਦਿਹਾਤੀ ਪ੍ਰਧਾਨ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੁੱਚੇ ਕੈਬਨਿਟ ਮੰਤਰੀਆਂ, ਕਿਸਾਨਾਂ ਅਤੇ ਹੋਰ ਪਤਵੰਤਿਆਂ ਨੂੰ ਜੀ ਆਇਆਂ ਕਹਿੰਦਿਆਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪ੍ਰਦਾਨ ਕੀਤੀ ਗਈ ਇਸ ਕਰਜ਼ਾ ਰਾਹਤ ਲਈ ਕਿਸਾਨਾਂ ਨੂੰ ਵਧਾਈ ਦਿੰਦਿਆਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਕਰਜਾ ਰਾਹਤ ਸਕੀਮ ਖੇਤੀਬਾੜੀ ਖੇਤਰ 'ਚ ਵੱਡੇ ਤੇ ਉਸਾਰੂ ਬਦਲਾਉ ਲਿਆਉਣ ਲਈ ਸਹਾਈ ਹੋਵੇਗੀ। ਇਸ ਦੌਰਾਨ ਪੰਜਾਬ ਦੇ ਉੱਘੇ ਗਾਇਕ ਕੁਲਵਿੰਦਰ ਬਿੱਲਾ ਨੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ।

ਇਸ ਵਿਸ਼ਾਲ ਰਾਜ ਪੱਧਰੀ ਸਮਾਗਮ ਦੌਰਾਨ ਪਟਿਆਲਾ, ਫ਼ਤਹਿਗੜ੍ਹ ਸਾਹਿਬ, ਲੁਧਿਆਣਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਵੱਡੀ ਗਿਣਤੀ 'ਚ ਪੁੱਜੇ ਲਾਭਪਾਤਰੀ ਕਿਸਾਨਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰੁਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ, ਉਦਯੋਗ ਮੰਤਰੀ ਸ੍ਰੀ ਸ਼ਾਮ ਸੁੰਦਰ ਅਰੋੜਾ, ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ, ਬਿਜਲੀ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ, ਪਸ਼ੂ ਪਾਲਣ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ, ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਰਾਜਪੁਰਾ ਸ੍ਰੀ ਹਰਦਿਆਲ ਸਿੰਘ ਕੰਬੋਜ,

ਵਿਧਾਇਕ ਪੱਟੀ ਸ. ਹਰਮਿੰਦਰ ਸਿੰਘ ਗਿੱਲ, ਵਿਧਾਇਕ ਸ਼ੁਤਰਾਣਾ ਸ੍ਰੀ ਨਿਰਮਲ ਸਿੰਘ, ਵਿਧਾਇਕ ਘਨੌਰ ਸ੍ਰੀ ਮਦਨ ਲਾਲ ਜਲਾਲਪੁਰ, ਵਿਧਾਇਕ ਸ੍ਰੀ ਰਾਜ ਕੁਮਾਰ ਚੱਬੇਵਾਲ, ਵਿਧਾਇਕ ਕਰਤਾਰਪੁਰ ਚੌਧਰੀ ਸੁਰਿੰਦਰ ਸਿੰਘ, ਵਿਧਾਇਕ ਫ਼ਤਹਿਗੜ੍ਹ ਸਾਹਿਬ ਸ੍ਰੀ ਕੁਲਜੀਤ ਸਿੰਘ ਨਾਗਰਾ, ਵਿਧਾਇਕ ਬਸੀ ਪਠਾਣਾ ਸ. ਗੁਰਪ੍ਰੀਤ ਸਿੰਘ ਜੀ.ਪੀ., ਸਾਬਕਾ ਮੰਤਰੀ ਸ. ਮਲਕੀਤ ਸਿੰਘ ਦਾਖਾ, ਸ੍ਰੀ ਹਰਿੰਦਰਪਾਲ ਸਿੰਘ ਹੈਰੀਮਾਨ, ਚੇਅਰਮੈਨ ਪੀ.ਆਰ.ਟੀ.ਸੀ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸੀਨੀਅਰ ਡਿਪਟੀ ਮੇਅਰ ਸ. ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਸ੍ਰੀਮਤੀ ਵਿੰਨੀ ਸੰਗਰ, ਮੁੱਖ ਮੰਤਰੀ ਦੇ ਰਾਜਨੀਤਕ ਸਕੱਤਰ ਕੈਪਟਨ ਸੰਦੀਪ ਸੰਧੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ,

ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ ਅਤੇ ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਪ੍ਰਧਾਨ ਸ੍ਰੀ ਪ੍ਰੇਮ ਕਿਸ਼ਨ ਪੁਰੀ, ਪੰਜਾਬ ਰਾਜ ਭਲਾਈ ਕੌਂਸਲ ਦੀ ਨਵ ਨਿਯੁਕਤ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਸ੍ਰੀ ਰੀਤਿੰਦਰ ਸਿੰਘ ਰਿੱਕੀ ਮਾਨ, ਮਹਿਲਾ ਕਾਂਗਰਸ ਦੀ ਸ਼ਹਿਰੀ ਪ੍ਰਧਾਨ ਸ੍ਰੀਮਤੀ ਕਿਰਨ ਢਿੱਲੋਂ, ਐਫ.ਸੀ.ਆਰ ਸਹਿਕਾਰਤਾ ਸ੍ਰੀ ਵਿਸ਼ਵਜੀਤ ਖੰਨਾ, ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸ. ਕਾਹਨ ਸਿੰਘ ਪੰਨੂੰ, ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਬੀ.ਐਸ. ਘੁੰਮਣ, ਆਈ.ਜੀ. ਪਟਿਆਲਾ ਜ਼ੋਨ ਸ. ਏ.ਐਸ. ਰਾਏ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM

400 ਬੱਚਿਆਂ ਦੇ ਮਾਂ-ਪਿਓ ਆਏ ਕੈਮਰੇ ਸਾਹਮਣੇ |Gurdaspur 400 students trapped as floodwaters |Punjab Floods

27 Aug 2025 3:13 PM

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM
Advertisement