
ਕਿਸਾਨਾਂ ਦੇ ਸੰਘਰਸ਼ 'ਚ ਸਿੱਖ ਸੰਸਥਾ ਹਰ ਪੱਧਰ ’ਤੇ ਸਹਿਯੋਗ ਦੇਣ ਲਈ ਵਚਨਬੱਧ ਹੈ।
ਅੰਮ੍ਰਿਤਸਰ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਦਿੱਲੀ ਵਿੱਚ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨਾਂ ਦੇ ਹੱਕ 'ਚ ਵੱਡਾ ਐਲਾਨ ਕਰਦੇ ਕਿਹਾ ਕਿ ਉਹ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਨਗੇ। ਦੱਸ ਦੇਈਏ ਕਿ ਕੁਝ ਦਿਨ ਪਹਿਲਾ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਬਣਾਇਆ ਗਿਆ ਸੀ ਤੇ ਉਨ੍ਹਾਂ ਨੇ 8 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫਤਰ ਅਤੇ ਸੰਸਥਾ ਨਾਲ ਸਬੰਧਤ ਅਦਾਰੇ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੇ ਸੰਘਰਸ਼ 'ਚ ਸਿੱਖ ਸੰਸਥਾ ਹਰ ਪੱਧਰ ’ਤੇ ਸਹਿਯੋਗ ਦੇਣ ਲਈ ਵਚਨਬੱਧ ਹੈ। ਇਸ ਤਹਿਤ ਹੀ 8 ਦਸੰਬਰ ਨੂੰ ਪੰਜਾਬ ਬੰਦ ਦਾ ਹਿੱਸਾ ਬਣੇਗੀ।
ਪੰਜਾਬ ਬੰਦ ਦੇ ਸਮਰਥਨ 'ਚ ਦਫਤਰ ਬੰਦ
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜਾਬ ਬੰਦ ਦੇ ਸਮਰਥਨ 'ਚ ਦਫਤਰ ਬੰਦ ਰੱਖਣ ਲਈ ਕਿਹਾ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਰੀਸਰਚ ਬੋਰਡ ਦੇ ਦਫਤਰਾਂ ਸਮੇਤ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਸਮੂਹ ਅਦਾਰੇ ਇਸ ਦਿਨ ਨਹੀਂ ਖੁੱਲ੍ਹਣਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨਾਂ ਲਈ ਲੰਗਰ ਤੇ ਮੈਡੀਕਲ ਆਦਿ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਤੇ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਸੱਤ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਮੱਦਦ ਦੇਣ ਦਾ ਵੀ ਫੈਸਲਾ ਕੀਤਾ ਹੈ।