
ਚੰਨੀ, ਸਿੱਧੂ ਤੇ ਰੰਧਾਵਾ ਦਸਣ ਬੇਅਦਬੀ ਅਤੇ ਨਸ਼ਿਆਂ ਜਿਹੇ ਮਾਮਲਿਆਂ ਵਿਚ ਪੰਜਾਬੀਆਂ ਨੂੰ ਇਨਸਾਫ਼ ਕਦੋਂ ਮਿਲੇਗਾ? : ਸੋਢੀ
ਐਸ.ਏ.ਐਸ ਨਗਰ, 7 ਦਸੰਬਰ (ਸੋਈਂ, ਝਾਮਪੁਰ) : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਪਾਰਟੀ ਦੇ ਬੁਲਾਰੇ ਅਤੇ ਜ਼ਿਲ੍ਹਾ ਬਠਿੰਡਾ ਦੇ ਕੋਆਰਡੀਨੇਟਰ ਦਵਿੰਦਰ ਸਿੰਘ ਸੋਢੀ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀ ਕਾਂਡ ਜਿਹੇ ਗੰਭੀਰ ਅਤੇ ਸੰਵੇਦਨਸ਼ੀਲ ਮਾਮਲਿਆਂ ਵਿਚ ਇਨਸਾਫ਼ ਦੇਣ ਦੇ ਦਾਅਵੇ ਅਤੇ ਵਾਅਦੇ ਕਰ ਰਹੀ ਹੈ ਜਦਕਿ ਅਸਲੀਅਤ ਵਿਚ ਚੰਨੀ ਸਰਕਾਰ ਇਨ੍ਹਾਂ ਮਸਲਿਆਂ ਨੂੰ ਕੇਵਲ ਚੁਣਾਵੀਂ ਮੁੱਦਿਆਂ ਵਜੋਂ ਵਰਤ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨ ਦਾ ਕੰਮ ਕਰ ਰਹੀ ਹੈ।
ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਜੇਕਰ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਅਤੇ ਸੁਖਜਿੰਦਰ ਸਿੰਘ ਰੰਧਾਵਾ ਬੇਅਦਬੀ ਅਤੇ ਗੋਲੀ ਕਾਂਡ ਜਿਹੇ ਸੰਵੇਦਨਸ਼ੀਲ ਮੁੱਦਿਆਂ ਪ੍ਰਤੀ ਗੰਭੀਰ ਹਨ ਤਾਂ ਚੋਣਾਂ ਤੋਂ ਪਹਿਲਾਂ ਦੋਸ਼ੀਆਂ ਨੂੰ ਸਜ਼ਾਵਾਂ ਯਕੀਨੀ ਬਣਾਉਣ।
ਸੋਢੀ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੁਰਸੀ ਲਈ ਚੱਲ ਰਹੀ ਅੰਦਰੂਨੀ ਲੜਾਈ ਕਾਰਨ ਪੰਜਾਬ ਦੇ ਹਿੱਤਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਕਾਂਗਰਸ ਦੀ ਮਨਸ਼ਾ ਇਨਸਾਫ਼ ਦੇਣ ਦੀ ਹੁੰਦੀ ਤਾਂ ਪੌਣੇ ਪੰਜ ਸਾਲਾਂ ਦੇ ਰਾਜ ਦੌਰਾਨ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਅਤੇ ਸਾਜ਼ਸ਼ ਘਾੜਿਆਂ ਨੂੰ ਗ੍ਰਿਫ਼ਤਾਰ ਕਰ ਕੇ ਲੋਕਾਂ ਸਾਹਮਣੇ ਪੇਸ਼ ਕਰਦੀ।
ਸੋਢੀ ਨੇ ਮੁੱਖ ਮੰਤਰੀ ਚੰਨੀ, ਸਿੱਧੂ ਤੇ ਰੰਧਾਵਾ ਨੂੰ ਸਵਾਲ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਗੋਲੀ ਕਾਂਡ ਅਤੇ ਨਸ਼ਿਆਂ ਜਿਹੇ ਮਾਮਲਿਆਂ ਵਿਚ ਪੰਜਾਬੀਆਂ ਨੂੰ ਇਨਸਾਫ਼ ਕਦੋਂ ਮਿਲੇਗਾ?